ਬੁਲਟ ਦੇ ਪਟਾਕੇ ਪਾਉਣ ਵਾਲਿਆਂ ਵਿਰੁੱਧ ਪੁਲਿਸ ਸਖ਼ਤ, ਚੌਕਾਂ ’ਚ ਨਾਕਾਬੰਦੀ ਬੁਲਟ ਦੇ ਪਟਾਕੇ ਪਾਉਣ ਵਾਲਿਆਂ ਵਿਰੁੱਧ ਪੁਲਿਸ ਸਖ਼ਤ, ਚੌਕਾਂ ’ਚ ਨਾਕਾਬੰਦੀ
Publish Date: Wed, 14 Oct 2026 04:15 PM (IST)
Updated Date: Thu, 15 Oct 2026 04:00 AM (IST)
ਗੈਰ-ਕਾਨੂੰਨੀ ਸਾਈਲੈਂਸਰਾਂ ਰਾਹੀਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਟਰੈਫਿਕ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਹੋਵੇਗੀ ਸੱਤਪਾਲ ਸਿੰਘ ਕਾਲਾਬੂਲਾ/ ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ : ਸ਼ਹਿਰ ’ਚ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਪਾ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਵਿਰੁੱਧ ਮਾਲੇਰਕੋਟਲਾ ਪੁਲਿਸ ਨੇ ਸਖ਼ਤੀ ਕਰ ਦਿੱਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਐੱਸਐੱਸਪੀ ਹਰ ਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਦਿਆਂ ਟਰੈਫਿਕ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਨਾਕਾਬੰਦੀ ਕਰਕੇ ਜਾਂਚ ਕੀਤੀ ਗਈ ਅਤੇ ਨਿਯਮ ਤੋੜਨ ਵਾਲੇ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਟਰੈਫਿਕ ਇੰਚਾਰਜ ਸਬ-ਇੰਸਪੈਕਟਰ ਹਰਭਜਨ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਅਜਿਹੇ ਬੁਲਟ ਮੋਟਰਸਾਈਕਲਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਸਾਈਲੈਂਸਰ ਲਗਾ ਕੇ ਉੱਚੀ ਆਵਾਜ਼ ਵਿੱਚ ਪਟਾਕੇ ਪਾਏ ਜਾਂਦੇ ਹਨ। ਅਜਿਹੀ ਹਰਕਤ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਟਰੈਫਿਕ ਇੰਚਾਰਜ ਹਰਭਜਨ ਸਿੰਘ ਨੇ ਕਿਹਾ ਕਿ ਵਾਹਨਾਂ ਵਿੱਚ ਗੈਰ-ਕਾਨੂੰਨੀ ਤਬਦੀਲੀਆਂ ਕਰਕੇ ਸੜਕਾਂ ’ਤੇ ਦਹਿਸ਼ਤ ਜਾਂ ਪ੍ਰੇਸ਼ਾਨੀ ਦਾ ਮਾਹੌਲ ਪੈਦਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਜਾਂਚ ਮੁਹਿੰਮ ਜਾਰੀ ਰਹੇਗੀ। ਵਾਹਨਾਂ ’ਤੇ ਕਾਲੀਆਂ ਫ਼ਿਲਮਾਂ ਲਗਾਉਣ ਅਤੇ ਬੇਲੋੜੇ ਸ਼ੋਰ ਜਾਂ ਪ੍ਰਦੂਸ਼ਣ ਦਾ ਕਾਰਨ ਬਣਨ ਵਾਲੇ ਗੈਰ-ਕਾਨੂੰਨੀ ਉਪਕਰਨਾਂ ਵਿਰੁੱਧ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ ਅਤੇ ਆਪਣੇ ਵਾਹਨਾਂ ਦੇ ਰਜਿਸਟ੍ਰੇਸ਼ਨ, ਬੀਮਾ, ਡਰਾਈਵਿੰਗ ਲਾਇਸੈਂਸ ਸਮੇਤ ਲੋੜੀਂਦੇ ਦਸਤਾਵੇਜ਼ ਪੂਰੇ ਰੱਖਣ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।