13 ਦਿਨ ਬੀਤਣ ਦੇ ਬਾਵਜੂਦ ਨੌਜਵਾਨ ਦੇ ਕਾਤਲਾਂ ਤੱਕ ਨਹੀਂ ਪਹੁੰਚ ਸਕੀ ਪੁਲਿਸ, ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਘਰ ਦੇ ਬਾਹਰ ਖੜ੍ਹੀ ਕਾਰ ਹਟਾਉਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਨੇ ਖ਼ੂਨੀ ਰੂਪ ਧਾਰ ਲਿਆ। ਕੁੱਟਮਾਰ ਦੌਰਾਨ ਗੰਭੀਰ ਜ਼ਖ਼ਮੀ ਹੋਏ 28 ਸਾਲਾ ਨੌਜਵਾਨ ਹਰੀਸ਼ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਘਟਨਾ ਨੂੰ 13 ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।
Publish Date: Sun, 26 Jul 2026 11:02 AM (IST)
Updated Date: Sun, 26 Jul 2026 11:03 AM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਘਰ ਦੇ ਬਾਹਰ ਖੜ੍ਹੀ ਕਾਰ ਹਟਾਉਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਨੇ ਖ਼ੂਨੀ ਰੂਪ ਧਾਰ ਲਿਆ। ਕੁੱਟਮਾਰ ਦੌਰਾਨ ਗੰਭੀਰ ਜ਼ਖ਼ਮੀ ਹੋਏ 28 ਸਾਲਾ ਨੌਜਵਾਨ ਹਰੀਸ਼ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਘਟਨਾ ਨੂੰ 13 ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।
ਅਮਰੀਕ ਕਲੋਨੀ ਦੇ ਵਸਨੀਕ ਮੇਘ ਚੰਦ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 15 ਜੁਲਾਈ ਨੂੰ ਉਨ੍ਹਾਂ ਦੇ ਘਰ ਅੱਗੇ ਕਈ ਦਿਨਾਂ ਤੋਂ ਖੜ੍ਹੀ ਇੱਕ ਕਾਰ ਕਾਰਨ ਸਫ਼ਾਈ ਕਰਨ ਵਿਚ ਦਿੱਕਤ ਆ ਰਹੀ ਸੀ। ਇਸ 'ਤੇ ਮੇਘ ਚੰਦ ਦੀ ਪਤਨੀ ਨੇ ਕਾਰ ਮਾਲਕ ਨੂੰ ਵਾਹਨ ਹਟਾਉਣ ਲਈ ਕਿਹਾ। ਪਰਿਵਾਰ ਦਾ ਦੋਸ਼ ਹੈ ਕਿ ਇਸ ਗੱਲ ਨੂੰ ਲੈ ਕੇ ਪਹਿਲਾਂ ਬਹਿਸ ਹੋਈ ਅਤੇ ਬਾਅਦ ਵਿਚ ਵਾਰਡ ਨੰਬਰ 7 ਦੀ ਇਕ ਕੌਂਸਲਰ ਦੇ ਪਤੀ ਦੀ ਅਗਵਾਈ ਵਿਚ ਆਏ ਕੁਝ ਵਿਅਕਤੀ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਗਏ ਅਤੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ।
ਪਰਿਵਾਰ ਮੁਤਾਬਕ ਹਮਲੇ ਦੌਰਾਨ ਹਰੀਸ਼ ਕੁਮਾਰ ਦੇ ਸਿਰ ਅਤੇ ਪੇਟ 'ਤੇ ਗੰਭੀਰ ਸੱਟਾਂ ਲੱਗੀਆਂ। ਪਹਿਲਾਂ ਉਸ ਨੂੰ ਸਥਾਨਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਤੇ ਹਾਲਤ ਨਾਜ਼ੁਕ ਹੋਣ ਕਾਰਨ ਡੀਐੱਮਸੀ ਹਸਪਤਾਲ, ਲੁਧਿਆਣਾ ਰੈਫਰ ਕੀਤਾ ਗਿਆ, ਜਿੱਥੇ 20 ਜੁਲਾਈ ਨੂੰ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਮਾਮਲਾ ਦਰਜ ਹੋਣ ਦੇ ਬਾਵਜੂਦ ਪੁਲਿਸ ਨੇ ਅਜੇ ਤੱਕ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਡੀਐੱਸਪੀ ਨੂੰ ਮਿਲ ਚੁੱਕੇ ਹਨ ਪਰ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਸਬੰਧੀ ਡੀਐੱਸਪੀ ਗੁਰਦੀਪ ਸਿੰਘ ਸੰਧੂ ਅਤੇ ਚੌਕੀ ਮੁਖੀ ਜਸਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਫ਼ਰਾਰ ਹੋਏ ਸਾਰੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ