ਭਾਨਾ ਸਿੱਧੂ ਤੇ ਲੱਖੇ ਦੀ ਪੁਲਿਸ ਵੱਲੋਂ ਖਿੱਚਧੂਹ ਨਿੰਦਣਯੋਗ ਮਾਨਸਾ ਮੋਰਚੇ 'ਚ ਭਾਨਾ ਸਿੱਧੂ ਤੇ ਲੱਖੇ ਦੀ ਪੁਲਿਸ ਵੱਲੋਂ ਖਿੱਚਧੂਹ ਨਿੰਦਣਯੋਗ
Publish Date: Wed, 28 Oct 2026 04:20 PM (IST)
Updated Date: Wed, 28 Oct 2026 04:22 PM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ/ ਸ਼ੇਰਪੁਰ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੱਗੇ ਮੋਰਚੇ ਦੌਰਾਨ ਨੌਜਵਾਨ ਆਗੂ ਭਾਨਾ ਸਿੱਧੂ, ਲੱਖਾ ਸਿਧਾਣਾ ਅਤੇ ਹੋਰ ਨੌਜਵਾਨਾਂ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੀ ਗਈ ਖਿੱਚਧੂਹ ਅਤੇ ਪੱਗਾਂ ਤੇ ਕੇਸਾਂ ਦੀ ਬੇਅਦਬੀ ਦੇ ਦੋਸ਼ਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਤੇ ਸਮਾਜਿਕ ਆਗੂਆਂ ਨੇ ਸਖ਼ਤ ਰੋਸ ਪ੍ਰਗਟਾਇਆ ਹੈ। ਆਗੂਆਂ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨਾਲ ਅਜਿਹਾ ਸਲੂਕ ਕਰਨਾ ਨਿੰਦਣਯੋਗ ਹੈ। ਇਸ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਲਸੋਈ, ਕਾਂਗਰਸ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਦਾਅਵੇਦਾਰ ਕਮਲ ਧਾਲੀਵਾਲ, ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਗੁਰਜੀਤ ਸਿੰਘ ਈਸ਼ਾਪੁਰ ਲੰਡਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਆਗੂ ਹਰਜਿੰਦਰ ਸਿੰਘ ਪੱਪੂ ਕਲਿਆਣ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮਹਿਲ ਕਲਾਂ ਦੇ ਪ੍ਰਧਾਨ ਪੂਰਨ ਸਿੰਘ ਖਾਲਸਾ ਗੰਡੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਬਜਾਏ ਸਰਕਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਚਿੱਟੇ ਅਤੇ ਹੋਰ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਅਨੇਕਾਂ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ। ਇਸ ਗੰਭੀਰ ਸਮੱਸਿਆ ਵਿਰੁੱਧ ਨੌਜਵਾਨ ਆਗੂ ਭਾਨਾ ਸਿੱਧੂ, ਲੱਖਾ ਸਿਧਾਣਾ ਅਤੇ ਹੋਰ ਸਮਾਜਿਕ ਕਾਰਕੁਨਾਂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਘਟਨਾਵਾਂ ਚਿੰਤਾਜਨਕ ਹਨ ਅਤੇ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਲੱਗੇ ਮੋਰਚੇ ਅਤੇ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਨੌਜਵਾਨਾਂ ਨਾਲ ਕੀਤੀ ਗਈ ਕਥਿਤ ਧੱਕੇਸ਼ਾਹੀ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਸਰਕਾਰ ਨੂੰ ਆਪਣੀ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮਾਨਸਾ ਮੋਰਚੇ ਦੌਰਾਨ ਪੁਲਿਸ ਦੀ ਕਾਰਵਾਈ ਦੀ ਨਿਰਪੱਖ ਜਾਂਚ ਕਰਵਾਉਣ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।