ਪਾਵਰਕਾਮ ਠੇਕਾ ਕਾਮਿਆਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ
ਪਾਵਰਕਾਮ ਠੇਕਾ ਕਾਮਿਆਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ
Publish Date: Sat, 18 Apr 2026 04:52 PM (IST)
Updated Date: Sun, 19 Apr 2026 04:04 AM (IST)

ਕਿਹਾ- ਬਿਜਲੀ ਬੋਰਡ ਦਾ ਨਿੱਜੀਕਰਨ ਲੋਕ ਵਿਰੋਧੀ ਫ਼ੈਸਲਾ ਕਰੰਟ ਲੱਗਣ ਨਾਲ ਮੌਤ ਹੋਣ ਤੇ ਮੁਆਵਜ਼ਾ ਤੇ ਨੌਕਰੀ ਦਾ ਪ੍ਰਬੰਧ ਕਰੇ ਸਰਕਾਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੁਨਾਮ : ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਠੇਕਾ ਕਾਮਿਆਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਆਊਟ-ਸੋਰਸਿੰਗ ਕਾਮਿਆਂ ਨੇ ਪਰਿਵਾਰਾਂ ਸਣੇ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ। ਪਾਵਰਕਾਮ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਜਰਨਲ ਸਕੱਤਰ ਰਜੇਸ਼ ਕੁਮਾਰ ਮੌੜ, ਸਹਾਇਕ ਸਕੱਤਰ ਟੇਕ ਚੰਦ ਤੇ ਸੂਬਾ ਪ੍ਰੈੱਸ ਸਕੱਤਰ ਇੰਦਰਪ੍ਰੀਤ ਨੇ ਕਿਹਾ ਕਿ ਸਾਮਰਾਜੀ ਦਿਸ਼ਾ-ਨਿਰਦੇਸ਼ਾਂ ਤਹਿਤ ਆਰਥਿਕ ਤੇ ਸਨਅਤੀ ਨੀਤੀਆਂ ਨੂੰ ਲਾਗੂ ਕਰਦਿਆਂ ਕੇਦਰ ਤੇ ਪੰਜਾਬ ਸਰਕਾਰ ਵੱਲੋਂ ਆਰਥਿਕ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਣਿਆਂ ਵੱਲੋਂ ਪਹਿਲਾਂ ਕੀਤੀ ਜਾਂਦੀ ਲੁੱਟ ’ਚ ਵਾਧਾ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ। ਲੋਕ ਵਿਰੋਧੀ ਨਿਜੀਕਰਨ ਦੀ ਨੀਤੀ ਲਾਗੂ ਕਰਨ ਲਈ ਸਾਰੀਆਂ ਹਾਕਮ ਜਮਾਤੀ ਪਾਰਲੀਮਾਨੀ ਪਾਰਟੀਆਂ ਇਕਮੱਤ ਹਨ। ਇਨ੍ਹਾਂ ਸਾਮਰਾਜੀ ਦਿਸ਼ਾ-ਨਿਰਦੇਸ਼ਤ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਬਿਜਲੀ ਐਕਟ 2003 ਅਤੇ 2025 ਲਾਗੂ ਕਰਦਿਆਂ ਬਿਜਲੀ ਕਾਰਪੋਰੇਸ਼ਨ ਦੇ ਨਿਜੀਕਰਨ ਦਾ ਹੱਲ ਤੇਜ਼ ਕੀਤਾ ਹੋਇਆ ਹੈ, ਮੀਨੀਮਮ ਵੇਜ ਐਕਟ ਰੱਦ ਕਰਕੇ ਡੀਸੀ ਰੇਟ ਲਾਗੂ ਕੀਤੇ ਗਏ ਹਨ, ਪੱਕੀ ਭਰਤੀ ਦੀ ਥਾਂ ਆਊਟਸੋਰਸਡ ਠੇਕਾ ਭਰਤੀ ਲਾਗੂ ਕੀਤੀ ਗਈ ਹੈ। ਆਗੂਆਂ ਨੇ ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਨਿੱਜੀਕਰਨ ਦੇ ਇਸ ਤਬਾਹਕੁੰਨ ਹੱਲੇ ਵਿਰੁੱਧ ਤਿੱਖੇ ਸੰਘਰਸ਼ ਦੀਆਂ ਜ਼ੋਰਦਾਰ ਤਿਆਰੀਆਂ ਵਿੱਚ ਜੁਟਣ ਦੀ ਲੋੜ ਹੈ। ਕੰਮ ਦੌਰਾਨ ਮੈਨ ਪਾਵਰ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਆਊਟ-ਸੋਰਸਡ ਠੇਕਾ ਕਾਮਿਆਂ ਨੂੰ ਪੱਕਾ ਕਰਨ ਦੀ ਥਾਂ, ਠੇਕੇ ’ਤੇ ਬਾਹਰੀ ਸਰੋਤਾਂ ਤੋਂ ਲੇਬਰ ਦਾ ਪ੍ਰਬੰਧ ਐਸਟੀਮੇਟ ਦੇ ਬਾਹਰਲੇ ਵਸੀਲਿਆਂ ਰਾਹੀਂ ਕੀਤਾ ਜਾ ਰਿਹਾ ਇਸ ਦੇ ਨਾਲ ਰੁਜ਼ਗਾਰ ਦਾ ਉਜਾੜਾ ਹੋ ਰਿਹਾ ਹੈ। ਜਿਨ੍ਹਾਂ ਦਾ ਮਕਸਦ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁੱਹਈਆ ਕਰਨਾ ਨਹੀਂ ਸਗੋਂ ਨਿਜੀਕਰਣ ਵਿਰੁੱਧ ਸੰਘਰਸ਼ ਨੂੰ ਅਸਫਲ ਬਣਾਉਣ ਦੀ ਸਾਜ਼ਿਸ਼ ਹੈ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੇਬਰ ਲਾਅ ਚ ਕੀਤੀਆਂ ਤਬਦੀਲੀਆਂ ਨੂੰ ਲਾਗੂ ਕਰਨ ਲਈ ਬਿੱਲ ਪਾਸ ਕੀਤਾ ਗਿਆ ਹੈ। ਬੁਲਾਰਿਆਂ ਨੇ ਆਖਿਆ ਕਿ ਆਊਟਸੋਰਸਡ ਠੇਕਾ ਕਾਮਿਆਂ ਨੂੰ ਬਿਨਾਂ ਸ਼ਰਤ ਵਿਭਾਗ ਵਿੱਚ ਸ਼ਾਮਿਲ ਕੀਤਾ ਜਾਵੇ, 1948 ਐਕਟ ਮੁਤਾਬਕ ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਲਾਗੂ ਕੀਤੀ ਜਾਵੇ। ਅਤੇ ਹਾਦਸਾ ਪੀੜਤ ਲਈ ਪੱਕੀ ਨੌਕਰੀ ਪੱਕੀ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ ਠੇਕਾ ਕਾਮਿਆਂ ਦੇ ਨਾਲ ਕੰਪਨੀਆਂ ਦੇ ਵੱਲੋਂ ਕੀਤੇ ਗਏ ਘਪਲੇ ਦਾ ਪੁਰਾਣਾ ਪਿਆ ਬਕਾਇਆ ਏਰੀਆ ਜਾਰੀ ਕਰਵਾਇਆ ਜਾਵੇ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਅਤੇ ਫੀਲਡ ਵਿੱਚ ਆਉਣ ਤੇ ਵਿੱਤ ਮੰਤਰੀ ਸਮੇਤ ਬਿਜਲੀ ਮੰਤਰੀ ਅਤੇ ਕਿਰਤ ਮੰਤਰੀ ਸਮੇਤ ਅਮਨ ਅਰੋੜਾ ਕੈਬਨਿਟ ਮੰਤਰੀ ਦਾ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨ ਦਾ ਫੈਸਲਾ ਕੀਤਾ।