ਪਟਿਆਲਾ ’ਚ ਪਾਵਰਕਾਮ ਮੁੱਖ ਦਫ਼ਤਰ ਦਾ ਘਿਰਾਓ: ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹੇ ਆਊਟਸੋਰਸ ਮੀਟਰ ਰੀਡਰ
ਆਪਣੀਆਂ ਰੁਜ਼ਗਾਰ ਸਬੰਧੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਆਊਟਸੋਰਸ ਮੀਟਰ ਰੀਡਰਾਂ ਵੱਲੋਂ ਅੱਜ ਪਟਿਆਲਾ ਵਿਖੇ ਸੂਬਾ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ।
Publish Date: Wed, 01 Jul 2026 11:11 AM (IST)
Updated Date: Wed, 01 Jul 2026 11:14 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਆਪਣੀਆਂ ਰੁਜ਼ਗਾਰ ਸਬੰਧੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਆਊਟਸੋਰਸ ਮੀਟਰ ਰੀਡਰਾਂ ਵੱਲੋਂ ਅੱਜ ਪਟਿਆਲਾ ਵਿਖੇ ਸੂਬਾ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ।
ਨੌਕਰੀਆਂ ਪੱਕੀਆਂ ਕਰਨ ਦੀ ਮੁੱਖ ਮੰਗ ਨੂੰ ਲੈ ਕੇ ਸਵੇਰ ਤੋਂ ਹੀ ਵੱਡੀ ਗਿਣਤੀ ’ਚ ਇਕੱਠੇ ਹੋਏ ਮੀਟਰ ਰੀਡਰਾਂ ਨੇ ਪਹਿਲਾਂ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਮੁੱਖ ਗੇਟ ਦਾ ਘਿਰਾਓ ਕੀਤਾ ਅਤੇ ਬਾਅਦ ਵਿੱਚ ਰੋਸ ਵਜੋਂ ਸ਼ਹਿਰ ਦੇ ਮਾਤਾ ਕੁਸ਼ੱਲਿਆ ਹਸਪਤਾਲ ਨੇੜੇ ਸਥਿਤ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ।
ਮਿਲੀ ਜਾਣਕਾਰੀ ਮੁਤਾਬਕ, ਪ੍ਰਦਰਸ਼ਨਕਾਰੀ ਸਵੇਰੇ ਠੀਕ 9 ਵਜੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਉਨ੍ਹਾਂ ਨੇ ਦਫ਼ਤਰ ਦੇ ਮੁੱਖ ਗੇਟ ਅੱਗੇ ਜ਼ੋਰਦਾਰ ਧਰਨਾ ਦਿੰਦਿਆਂ ਆਵਾਜਾਈ ਅਤੇ ਦਫ਼ਤਰੀ ਕੰਮਕਾਜ ਨੂੰ ਪ੍ਰਭਾਵਿਤ ਕੀਤਾ। ਧਰਨਾਕਾਰੀਆਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਲੰਮੇ ਸਮੇਂ ਤੋਂ ਅਲਪ ਤਨਖਾਹਾਂ ’ਤੇ ਕੰਮ ਕਰਨ ਦੇ ਬਾਵਜੂਦ ਸਰਕਾਰ ਉਨ੍ਹਾਂ ਨੂੰ ਪੱਕਾ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੀ।
ਪਾਵਰਕਾਮ ਦੇ ਗੇਟ ਅੱਗੇ ਪ੍ਰਦਰਸ਼ਨ ਕਰਨ ਤੋਂ ਬਾਅਦ ਵੀ ਜਦੋਂ ਕਿਸੇ ਉੱਚ ਅਧਿਕਾਰੀ ਵੱਲੋਂ ਕੋਈ ਪੁਖਤਾ ਭਰੋਸਾ ਨਾ ਮਿਲਿਆ ਤਾਂ ਪ੍ਰਦਰਸ਼ਨਕਾਰੀਆਂ ਦਾ ਗੁੱਸਾ ਹੋਰ ਵਧ ਗਿਆ।
ਇਸ ਮਗਰੋਂ ਇਹ ਧਰਨਾਕਾਰੀ ਸ਼ਹਿਰ ਦੇ ਮਾਤਾ ਕੁਸ਼ੱਲਿਆ ਹਸਪਤਾਲ ਕੋਲ ਮੌਜੂਦ ਪਾਣੀ ਦੀ ਟੈਂਕੀ ਵੱਲ ਕੂਚ ਕਰ ਗਏ ਅਤੇ ਦੇਖਦਿਆਂ ਹੀ ਦੇਖਦਿਆਂ ਕੁਝ ਪ੍ਰਦਰਸ਼ਨਕਾਰੀ ਟੈਂਕੀ ਦੇ ਉੱਪਰ ਚੜ੍ਹ ਗਏ।
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਆਊਟਸੋਰਸਿੰਗ ਸਿਸਟਮ ਨੂੰ ਖ਼ਤਮ ਕਰਕੇ ਸਾਰੇ ਮੀਟਰ ਰੀਡਰਾਂ ਨੂੰ ਵਿਭਾਗ ਵਿੱਚ ਪੱਕਾ ਕੀਤਾ ਜਾਵੇ। ਮਹੀਨਾਵਾਰ ਮਿਹਨਤਾਨੇ ਵਿੱਚ ਵਾਧਾ ਕੀਤਾ ਜਾਵੇ ਅਤੇ ਸੋਸ਼ਣ ਬੰਦ ਹੋਵੇ। ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਮਾਤਾ ਕੁਸ਼ੱਲਿਆ ਹਸਪਤਾਲ ਵਰਗੇ ਸੰਵੇਦਨਸ਼ੀਲ ਇਲਾਕੇ ਦੇ ਨੇੜੇ ਟੈਂਕੀ ’ਤੇ ਚੜ੍ਹੇ ਮੁਲਾਜ਼ਮਾਂ ਕਾਰਨ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹੇਠਾਂ ਉਤਾਰਨ ਅਤੇ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ ਪਰ ਮੁਲਾਜ਼ਮਾਂ ਦਾ ਸਾਫ਼ ਕਹਿਣਾ ਹੈ ਕਿ ਜਦੋਂ ਤੱਕ ਕੋਈ ਲਿਖਤੀ ਭਰੋਸਾ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ।