- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਵਰਕਾਮ-ਟਰਾਂਸਕੋ ਏਟਕ ਯੂਨੀਅਨ ਵੱਲੋਂ ਮੁੱਖ ਦਫਤਰ ਅੱਗੇ ਕੀਤਾ ਰੋਸ਼ ਮੁਜਾਹਰਾ

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ,• ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਮੁੱਖ ਦਫ਼ਤਰ ਦੇ ਬਾਹਰ ਪਾਵਰਕਾਮ-ਟਰਾਂਸਕੋ ਏਟਕ ਯੂਨੀਅਨ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਮੁੱਖ ਦਫ਼ਤਰ ਦਾ ਮੇਨ ਗੇਟ ਬੰਦ ਕਰ ਕੇ ਪਹਿਲਾਂ ਤੋਂ ਹੀ ਪੱਕਾ ਮੋਰਚਾ ਲਗਾਈ ਬੈਠੇ ਮ੍ਰਿਤਕਾਂ ਦੇ ਆਸ਼ਰਿਤਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ, ਜਦੋਂਕਿ ਸ਼ੇਰਾਵਾਲਾਂ ਗੇਟ ਵਾਲੀ ਸਾਈਡ ਵਾਲਾ ਗੇਟ ਪਾਵਰਕਾਮ ਟਰਾਂਸਕੋ ਯੂਨੀਅਨ ਦੇ ਕੱਚੇ ਕਾਮਿਆ ਵੱਲੋਂ ਘੇਰਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਲੰਬੇ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਵਿਭਾਗ ਵਿੱਚ ਸ਼ਾਮਲ ਕਰਨ ਦੀ ਮੰਗ ਉਠਾਈ। ਯੂਨੀਅਨ ਦੇ ਨੁਮਾਇੰਦੇ ਗੁਰਸੇਵ ਸਿੰਘ ਨੇ ਕਿਹਾ ਕਿ ਮੁਲਾਜ਼ਮ ਪਿਛਲੇ 12 ਤੋਂ 18 ਸਾਲਾਂ ਤੋਂ ਵੱਖ-ਵੱਖ ਕੰਪਨੀਆਂ ਰਾਹੀਂ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਹਨ, ਪਰ ਇੰਨੇ ਲੰਬੇ ਸਮੇਂ ਤੱਕ ਕੰਮ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਰੁਜ਼ਗਾਰ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਨ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਵੱਡੇ ਵਾਅਦੇ ਕੀਤੇ ਸਨ, ਪਰ ਮੁਲਾਜ਼ਮਾਂ ਅਨੁਸਾਰ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਉਮੀਦ ਮੁਤਾਬਿਕ ਕਾਰਵਾਈ ਨਹੀਂ ਹੋਈ।
ਇਸ ਮੌਕੇ ਗੁਰਸੇਵ ਸਿੰਘ ਨੇ ਕਿਹਾ ਕਿ ਕੰਪਿਊਟਰ ਆਪਰੇਟਰ, ਸਕਿੱਲਡ ਵਰਕਰ ਅਤੇ ਹੋਰ ਵੱਖ-ਵੱਖ ਸ਼੍ਰੇਣੀਆਂ ਦੇ ਮੁਲਾਜ਼ਮ ਲੰਬੇ ਸਮੇਂ ਤੋਂ ਘੱਟ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ। ਯੂਨੀਅਨ ਦੀ ਮੰਗ ਹੈ ਕਿ ਜਿਨ੍ਹਾਂ ਸ਼੍ਰੇਣੀਆਂ ਸਬੰਧੀ ਅਜੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ, ਉਨ੍ਹਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਇਸ ਦੇ ਨਾਲ ਹੀ ਜਿਨ੍ਹਾਂ ਸ਼੍ਰੇਣੀਆਂ ਦਾ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ, ਉਨ੍ਹਾਂ ਦੇ ਮੁਲਾਜ਼ਮਾਂ ਨੂੰ ਆਫ਼ਰ ਲੈਟਰ ਦੇ ਕੇ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਮੁਲਾਜ਼ਮ ਪਹਿਲਾਂ ਵੀ ਕਈ ਵਾਰ ਧਰਨੇ-ਪ੍ਰਦਰਸ਼ਨ ਕਰ ਚੁੱਕੇ ਹਨ ਪਰ ਹਰ ਵਾਰ ਭਰੋਸਾ ਦੇ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਅਸਥਾਈ ਪ੍ਰਬੰਧ ਤਹਿਤ ਕੰਮ ਕਰਨ ਕਾਰਨ ਉਨ੍ਹਾਂ ਨੂੰ ਆਪਣੇ ਭਵਿੱਖ ਅਤੇ ਰੁਜ਼ਗਾਰ ਦੀ ਸੁਰੱਖਿਆ ਦੀ ਚਿੰਤਾ ਸਤਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਪਾਵਰਕਾਮ-ਟਰਾਂਸਕੋ ਏਟਕ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
- ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਦਾ ਪੱਕਾ ਮੋਰਚਾ ਵੀ ਜਾਰੀ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਮੁੱਖ ਦਫ਼ਤਰ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਵੱਲੋਂ ਛੱਤ ’ਤੇ ਚੜ੍ਹ ਕੇ ਅਤੇ ਮੇਨ ਗੇਟ ਅੱਗੇ ਸ਼ੁਰੂ ਕੀਤਾ ਮਰਨ ਵੀਰਵਾਰ ਨੂੰ ਵੀ ਜਾਰੀ ਰਿਹਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਬੀਤੇ ਦਿਨੀਂ ਭਾਜਪਾ ਆਗੂ ਜੈਇੰਦਰ ਕੌਰ ਵੱਲੋਂ ਇਨ੍ਹਾਂ ਧਰਨਾਕਾਰੀਆਂ ਦੀ ਹਮਾਇਤ ਕਰਨ ਉਪਰੰਤ ਪ੍ਰਸ਼ਾਸਨ ਵੱਲੋਂ ਧਰਨੇ ਵਾਲੀ ਥਾਂ ’ਤੇ ਮੈਡੀਕਲ ਸਹੂਲਤਾਂ ਲਈ ਐਬੂਲੈਂਸ ਸਮੇਤ ਸਿਹਤ ਸਟਾਫ ਵੀ ਤਾਇਨਾਤ ਕਰ ਦਿੱਤਾ ਹੈ।