ਪਟਿਆਲਾ ਦੀ 'ਰਾਜੀਵ ਗਾਂਧੀ ਲਾਅ ਯੂਨੀਵਰਸਿਟੀ' ਦਾ ਨਾਂ ਬਦਲਣ ਦੀ ਤਿਆਰੀ; ਅਕਾਦਮਿਕ ਕੌਂਸਲ ਨੇ ਮਤੇ ਨੂੰ ਦਿੱਤੀ ਹਰੀ ਝੰਡੀ
ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੀ ਅਕਾਦਮਿਕ ਕੌਂਸਲ ਨੇ ਸੰਸਥਾ ਦੇ ਨਾਂ ਤੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਨਾਂ ਹਟਾਉਣ ਦੀ ਸਿਫ਼ਾਰਸ਼ ਕੀਤੀ ਹੈ। ਯੂਨੀਵਰਸਿਟੀ ਦਾ ਨਾਂ ਬਦਲ ਕੇ ‘ਨੈਸ਼ਨਲ ਲਾਅ ਯੂਨੀਵਰਸਿਟੀ ਪੰਜਾਬ’ ਕਰ ਦਿੱਤਾ ਗਿਆ ਹੈ। ਵਾਈਸ ਚਾਂਸਲਰ ਪ੍ਰੋ. ਜੈਸ਼ੰਕਰ ਸਿੰਘ ਨੇ ਪੁਸ਼ਟੀ ਕੀਤੀ ਕਿ ਅਕਾਦਮਿਕ ਕੌਂਸਲ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਕੇ ਅਗਲੇਰੀ ਕਾਰਵਾਈ ਲਈ ਯੂਨੀਵਰਸਿਟੀ ਦੀ ਕਾਰਜਕਾਰੀ ਕੌਂਸਲ ਅਤੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਵਿਧਾਨ ਸਭਾ ਵੱਲੋਂ ‘ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ,
Publish Date: Sun, 01 Mar 2026 10:09 AM (IST)
Updated Date: Sun, 01 Mar 2026 10:11 AM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੀ ਅਕਾਦਮਿਕ ਕੌਂਸਲ ਨੇ ਸੰਸਥਾ ਦੇ ਨਾਂ ਤੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਨਾਂ ਹਟਾਉਣ ਦੀ ਸਿਫ਼ਾਰਸ਼ ਕੀਤੀ ਹੈ। ਯੂਨੀਵਰਸਿਟੀ ਦਾ ਨਾਂ ਬਦਲ ਕੇ ‘ਨੈਸ਼ਨਲ ਲਾਅ ਯੂਨੀਵਰਸਿਟੀ ਪੰਜਾਬ’ ਕਰ ਦਿੱਤਾ ਗਿਆ ਹੈ। ਵਾਈਸ ਚਾਂਸਲਰ ਪ੍ਰੋ. ਜੈਸ਼ੰਕਰ ਸਿੰਘ ਨੇ ਪੁਸ਼ਟੀ ਕੀਤੀ ਕਿ ਅਕਾਦਮਿਕ ਕੌਂਸਲ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਕੇ ਅਗਲੇਰੀ ਕਾਰਵਾਈ ਲਈ ਯੂਨੀਵਰਸਿਟੀ ਦੀ ਕਾਰਜਕਾਰੀ ਕੌਂਸਲ ਅਤੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਵਿਧਾਨ ਸਭਾ ਵੱਲੋਂ ‘ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਪੰਜਾਬ ਐਕਟ, 2006’ ਰਾਹੀਂ ਕੀਤੀ ਗਈ ਸੀ। ਇਸ ਨੇ 26 ਮਈ 2006 ਨੂੰ ਪਟਿਆਲਾ ਦੀ ਇਤਿਹਾਸਕ ਇਮਾਰਤ ਮਹਿੰਦਰਾ ਕੋਠੀ ਤੋਂ ਆਪਣਾ ਕੰਮ-ਕਾਜ ਸ਼ੁਰੂ ਕੀਤਾ ਸੀ।
ਪਟਿਆਲਾ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਇਸ ਫ਼ੈਸਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਸਤੇ ਸਿਆਸੀ ਲਾਹੇ ਲਈ ਮਿਲੀਭੁਗਤ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਭਰ ਵਿੱਚ ਕਾਂਗਰਸ ਦੀ ਵਿਰਾਸਤ ਨਾਲ ਜੁੜੀਆਂ ਸੰਸਥਾਵਾਂ ਦੇ ਨਾਂ ਬਦਲ ਕੇ ਇਤਿਹਾਸ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਕਦਮ ਸਿੱਖਿਆ, ਸਿਹਤ, ਬੇਰੁਜ਼ਗਾਰੀ ਅਤੇ ਵਾਤਾਵਰਣ ਵਰਗੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਚੁੱਕਿਆ ਗਿਆ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਵੀ ਕੀਤੀ ਸੀ ਮੰਗ
ਮਿਸਲ ਸਤਲੁਜ ਜਥੇਬੰਦੀ ਦੇ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ ‘ਅਲਾਲ’ ਨੇ ਲਾਅ ਯੂਨੀਵਰਸਿਟੀ ਦੇ ਨਾਂ ਤੋਂ ਰਾਜੀਵ ਗਾਂਧੀ ਦਾ ਨਾਂ ਹਟਾਉਣ ਸਬੰਧੀ ਕੀਤੀ ਗਈ ਸਿਫਾਰਸ਼ ਦਾ ਸਵਾਗਤ ਕਰਦਿਆਂ ਇਸ ਨੂੰ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਗਿਆ। ਯਾਦੂ ਨੇ ਦੱਸਿਆ ਕਿ ਦੋ ਨਵੰਬਰ 2025 ਨੂੰ ਮਿਸਲ ਸਤਲੁਜ ਵੱਲੋਂ ਯੂਨੀਵਰਸਿਟੀ ਦੇ ਬਾਹਰ ਨਾਂ ਬਦਲਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ, ਵਿਦਿਆਰਥੀ ਸੰਗਠਨਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਇਸ ਮਾਮਲੇ ਵਿੱਚ ਸਮੱਰਥਨ ਦੇਣ ਦੀ ਅਪੀਲ ਕੀਤੀ ਸੀ। ਉਪਰੰਤ 3 ਨਵੰਬਰ ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਮਸਲੇ ਦੀ ਤਾਈਦ ਕਰਦਿਆਂ ਯੂਨੀਵਰਸਿਟੀ ਦੇ ਨਾਂ ਵਿੱਚੋਂ ਰਾਜੀਵ ਗਾਂਧੀ ਦਾ ਨਾਂ ਹਟਾਉਣ ਦੀ ਮੰਗ ਕੀਤੀ ਗਈ ਸੀ।