ਘੱਗਰ ਤੋਂ ਬਚਾਅ ਤੇ ਨੌਜਵਾਨਾਂ ਨੂੰ ਰੁਜ਼ਗਾਰ ਮੇਰੀ ਪਹਿਲੀ ਤਰਜੀਹ: ਚੌਧਰੀ ਘੱਗਰ ਤੋਂ ਬਚਾਅ ਤੇ ਨੌਜਵਾਨਾਂ ਨੂੰ ਰੁਜ਼ਗਾਰ ਮੇਰੀ ਪਹਿਲੀ ਤਰਜੀਹ: ਚੌਧਰੀ
Publish Date: Sat, 22 Aug 2026 04:56 PM (IST)
Updated Date: Sat, 22 Aug 2026 04:57 PM (IST)
ਫੋਟੋ 21ਪੀਟੀਐਲ: 13: ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਲਈ ਦਾਅਵਾ ਪੇਸ਼ ਕਰਦਿਆਂ ਹਾਈਕੋਰਟ ਬਾਰ ਕੌਂਸਲ ਦੇ ਦੂਜੀ ਵਾਰ ਮੈਂਬਰ ਚੁਣੇ ਗਏ ਸੀਨੀਅਰ ਐਡਵੋਕੇਟ ਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਹਲਕੇ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਤੇ ਲੋਕਾਂ ਦੀ ਭਲਾਈ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਰਾਜਪੁਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਘਨੌਰ ਹਲਕਾ ਲੰਮੇ ਸਮੇਂ ਤੋਂ ਘੱਗਰ ਦਰਿਆ ਦੀ ਮਾਰ ਕਾਰਨ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਹੈ। ਚੌਧਰੀ ਨੇ ਕਿਹਾ ਕਿ ਘੱਗਰ ਦੇ ਓਵਰਫਲੋ ਕਾਰਨ ਹਰ ਸਾਲ ਕਿਸਾਨਾਂ ਦੀਆਂ ਤਿਆਰ ਫ਼ਸਲਾਂ ਨੂੰ ਨੁਕਸਾਨ ਪਹੁੰਚਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਘੱਗਰ ਦੀ ਸਮੱਸਿਆ ਦਾ ਸਥਾਈ ਹੱਲ ਕਰਵਾਉਣ ਲਈ ਉਹ ਸਰਕਾਰ ਪੱਧਰ ’ਤੇ ਪੂਰੀ ਤਾਕਤ ਨਾਲ ਆਵਾਜ਼ ਉਠਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਮੌਜੂਦ ਫੈਕਟਰੀਆਂ ਅਤੇ ਗੁਦਾਮਾਂ ਵਿੱਚ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਵਿੱਚ ਪਹਿਲ ਦਿਵਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦਾ ਉਦੇਸ਼ ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਲਈ ਸੁਰੱਖਿਆ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਚੌਧਰੀ ਨੇ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ 2027 ਵਿਚ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਹਲਕੇ ਦੀ ਨੁਹਾਰ ਬਦਲਣ ਲਈ ਕੰਮ ਕਰਨਗੇ।