ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣਾ ਕਾਨੂੰਨ ਦਾ ਮਜ਼ਾਕ ਉਡਾਉਣ ਬਰਾਬਰ : ਪ੍ਰੋ. ਬਡੂੰਗਰ
ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਦੇ ਕੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹੈ : ਪ੍ਰੋ. ਬਡੂੰਗਰ
Publish Date: Mon, 05 Jan 2026 05:28 PM (IST)
Updated Date: Mon, 05 Jan 2026 05:32 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸੰਗੀਨ ਦੋਸ਼ਾਂ ਦੇ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਦੇ ਕੇ ਹਿੰਦੁਸਤਾਨ ਦੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਉਨ੍ਹਾਂ ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਦਿੱਤੇ ਜਾਣ ਦੀ ਨਿਖੇਦੀ ਕਰਦਿਆਂ ਕਿਹਾ ਕਿ ਇੱਕੋ ਦੇਸ਼ ਵਿਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਡੇਰਾ ਸਰਸਾ ਦੇ ਮੁਖੀ ਨੂੰ ਵਾਰ ਵਾਰ ਪੈਰੋਲ ਤੇ ਫਰਲੋ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਜਾਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਤੱਕ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਵੱਲੋਂ ਵਾਰ-ਵਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਬੰਦੀ ਸਿੰਘ ਜਿਨਾਂ ਵੱਲੋਂ ਆਪਣੀ ਸਜ਼ਾ ਪੂਰੀ ਕੀਤੇ ਜਾਣ ਦੇ ਬਾਵਜੂਦ ਵੀ ਜੇਲਾਂ ’ਚ ਬੰਦ ਹੋਇਆਂ ਨੂੰ ਲੰਮਾ ਸਮਾਂ ਹੋ ਗਿਆ ਹੈ, ਉਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਅਜਿਹਾ ਕਰਕੇ ਸਰਕਾਰਾਂ ਅਤੇ ਅਦਾਲਤਾਂ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਤੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ 2017 ਤੋਂ ਲੈ ਕੇ ਹੁਣ ਤੱਕ ਇੱਕ ਦਰਜਨ ਦੇ ਕਰੀਬ ਵਾਰ ਪੈਰੋਲ ਤੇ ਫਰਲੋ ਉੱਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੰਗੀਨ ਦੋਸ਼ਾਂ ’ਚ ਘਿਰੇ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ ਵਾਰ ਪੈਰੋਲ ਜਾਂ ਫਰਲੋ ਦੇਣ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਈਕੋਰਟ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ ਨੂੰ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਸੂਬਾ ਸਰਕਾਰਾਂ ਆਪਣੇ ਪੱਧਰ ਤੇ ਅਜਿਹੇ ਫੈਸਲੇ ਲੈਣ ਦੇ ਜਿਆਦਾ ਸਮਰੱਥ ਹਨ।