- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਕੱਟਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਦਾ ਕੀਤਾ ਬੁਰਾ ਹਾਲ: ਪ੍ਰੋ. ਚੰਦੂਮਾਜਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ’ਚ ਲਗਾਤਾਰ ਲੱਗ ਰਹੇ ਲੰਬੇ ਬਿਜਲੀ ਕੱਟਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਕਾਰਨ ਕਿਸਾਨਾਂਤੇ ਆਮ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਬਿਜਲੀ ਨਾ ਮਿਲਣ ਕਾਰਨ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ, ਜਿਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਘਰੇਲੂ ਅਤੇ ਵਪਾਰਕ ਖਪਤਕਾਰ ਵੀ ਬਿਜਲੀ ਦੇ ਲੰਬੇ ਕੱਟਾਂ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਲਗਾਏ ਗਏ ਬਿਜਲੀ ਉਤਪਾਦਨ ਪ੍ਰੋਜੈਕਟਾਂ ਤੇ ਦੂਰਅੰਦੇਸ਼ੀ ਨੀਤੀਆਂ ਸਦਕਾ ਪੰਜਾਬ ਬਿਜਲੀ ਪੱਖੋਂ ਸਰਪਲਸ ਸੂਬਾ ਬਣਿਆ ਸੀ। ਪਰ ਪਿਛਲੇ ਚਾਰ ਸਾਲਾਂ ਦੌਰਾਨ ਮੌਜੂਦਾ ਸੂਬਾ ਸਰਕਾਰ ਇੱਕ ਮੈਗਾਵਾਟ ਵੀ ਨਵੀਂ ਬਿਜਲੀ ਉਤਪਾਦਨ ਸਮਰੱਥਾ ਨਹੀਂ ਜੋੜ ਸਕੀ, ਜਿਸ ਕਾਰਨ ਅੱਜ ਸੂਬੇ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਤੇ ਵਿੱਤੀ ਪ੍ਰਬੰਧਾਂ ਦੀ ਦੁਰਵਰਤੋਂ ਕਾਰਨ ਹਾਲਾਤ ਇਸ ਕਦਰ ਵਿਗੜ ਚੁੱਕੇ ਹਨ ਕਿ ਸਰਕਾਰ ਕੋਲ ਬਾਹਰਲੇ ਸੂਬਿਆਂ ਤੋਂ ਲੋੜੀਂਦੀ ਬਿਜਲੀ ਖਰੀਦਣ ਲਈ ਵੀ ਵਿੱਤੀ ਸਰੋਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਵੱਡਾ ਹਿੱਸਾ ਵਿਕਾਸ ਕਾਰਜਾਂ ਦੀ ਬਜਾਏ ਪੰਜਾਬ ਅਤੇ ਪੰਜਾਬ ਤੋਂ ਬਾਹਰ ਕੀਤੇ ਜਾ ਰਹੇ ਇਸ਼ਤਿਹਾਰਾਂ ’ਤੇ ਖਰਚ ਕੀਤਾ ਜਾ ਰਿਹਾ ਹੈ, ਜਿਸ ਦਾ ਖਮਿਆਜ਼ਾ ਸੂਬੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਬਿਜਲੀ ਸੰਕਟ ਦੇ ਹੱਲ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ, ਉਦਯੋਗਾਂ ਅਤੇ ਆਮ ਲੋਕਾਂ ਨੂੰ ਹੋਰ ਵੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਜੰਗੀ ਪੱਧਰ ’ਤੇ ਕਦਮ ਚੁੱਕੇ ਜਾਣ ਅਤੇ ਬਿਜਲੀ ਪ੍ਰਬੰਧਨ ਨੂੰ ਤੁਰੰਤ ਸੁਧਾਰਿਆ ਜਾਵੇ।