- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਠੇਕਾ ਸਹਾਇਕ ਪ੍ਰੋਫੈਸਰਾਂ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਤਨਖ਼ਾਹ ਸਬੰਧੀ ਮੰਗਾਂ ਦੇ ਹੱਲ ਲਈ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਪੱਤਰ ਭੇਜਿਆ ਹੈ। ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵੱਲੋਂ ਭੇਜੀ ਗਈ ਪ੍ਰਤੀਨਿਧਤਾ ’ਤੇ 100 ਤੋਂ ਵੱਧ ਅਧਿਆਪਕਾਂ ਨੇ ਹਸਤਾਖਰ ਕੀਤੇ ਹਨ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਠੇਕਾ ਸਹਾਇਕ ਪ੍ਰੋਫੈਸਰਾਂ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਤਨਖ਼ਾਹ ਸਬੰਧੀ ਮੰਗਾਂ ਦੇ ਹੱਲ ਲਈ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਪੱਤਰ ਭੇਜਿਆ ਹੈ। ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵੱਲੋਂ ਭੇਜੀ ਗਈ ਪ੍ਰਤੀਨਿਧਤਾ ’ਤੇ 100 ਤੋਂ ਵੱਧ ਅਧਿਆਪਕਾਂ ਨੇ ਹਸਤਾਖਰ ਕੀਤੇ ਹਨ। ਅਧਿਆਪਕਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਕਾਨੂੰਨੀ ਅਤੇ ਨਿਆਂਇਕ ਹੱਕ ਲਾਗੂ ਨਹੀਂ ਕੀਤੇ ਜਾਂਦੇ ਤਾਂ ਉਨ੍ਹਾਂ ਨੂੰ ਸਮੂਹਿਕ ਆਤਮਦਾਹ ਦੀ ਇਜਾਜ਼ਤ ਦਿੱਤੀ ਜਾਵੇ।
ਐਸੋਸੀਏਸ਼ਨ ਦੀ ਪ੍ਰਧਾਨ ਡਾ. ਤਰਨਜੀਤ ਕੌਰ ਨੇ ਦੱਸਿਆ ਕਿ ਮੁੱਖ ਕੈਂਪਸ, ਖੇਤਰੀ ਕੈਂਪਸਾਂ ਅਤੇ ਕੰਸਟੀਚੂਐਂਟ ਕਾਲਜਾਂ ਵਿੱਚ ਕੰਮ ਕਰ ਰਹੇ ਇਹ ਅਧਿਆਪਕ ਪਿਛਲੇ 10 ਤੋਂ 15 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਭਰਤੀ ਰਾਸ਼ਟਰੀ ਪੱਧਰ ’ਤੇ ਇਸ਼ਤਿਹਾਰ ਜਾਰੀ ਕਰਕੇ ਯੂਜੀਸੀ ਨਿਯਮਾਂ ਅਨੁਸਾਰ ਕਾਨੂੰਨੀ ਚੋਣ ਕਮੇਟੀ ਰਾਹੀਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕਈ ਅਧਿਆਪਕ ਠੇਕੇ ’ਤੇ ਹੀ ਸੇਵਾਮੁਕਤ ਹੋ ਚੁੱਕੇ ਹਨ, ਜਦਕਿ ਕੁਝ ਦੀ ਸੇਵਾ ਦੌਰਾਨ ਮੌਤ ਵੀ ਹੋ ਚੁੱਕੀ ਹੈ।
ਜਨਰਲ ਸਕੱਤਰ ਰਮਨ ਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਯੂਨੀਵਰਸਿਟੀ ਵੱਲੋਂ ਯੂਜੀਸੀ ਰੈਗੂਲੇਸ਼ਨਜ਼ 2010 ਅਤੇ 2018 ਅਪਣਾਏ ਜਾਣ ਦੇ ਬਾਵਜੂਦ ਠੇਕਾ ਅਧਿਆਪਕਾਂ ਨੂੰ ਨਿਯਮਤ ਸਹਾਇਕ ਪ੍ਰੋਫੈਸਰਾਂ ਦੇ ਬਰਾਬਰ ਤਨਖ਼ਾਹ ਸਕੇਲ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਅਧਿਆਪਕਾਂ ਦੇ ਹੱਕ ਵਿੱਚ ਫ਼ੈਸਲਾ ਸੁਣਾਉਂਦਿਆਂ ਨਿਯੁਕਤੀ ਮਿਤੀ ਤੋਂ ਬਕਾਏ ਦੇਣ ਦੇ ਹੁਕਮ ਦਿੱਤੇ ਸਨ। ਯੂਨੀਵਰਸਿਟੀ ਵੱਲੋਂ ਐਲਪੀਏ ਵਾਪਸ ਲੈਣ ਦੇ ਬਾਵਜੂਦ ਹੁਕਮ ਲਾਗੂ ਨਾ ਹੋਣ ਕਾਰਨ ਅਧਿਆਪਕਾਂ ਨੂੰ ਕੰਟੈਂਪਟ ਪਟੀਸ਼ਨ ਦਾਇਰ ਕਰਨੀ ਪਈ।
ਐਸੋਸੀਏਸ਼ਨ ਨੇ ਮੰਗ ਪੱਤਰ ਦੀਆਂ ਕਾਪੀਆਂ ਪ੍ਰਧਾਨ ਮੰਤਰੀ, ਪੰਜਾਬ ਦੇ ਰਾਜਪਾਲ, ਮੁੱਖ ਮੰਤਰੀ ਅਤੇ ਉੱਚ ਸਿੱਖਿਆ ਵਿਭਾਗ ਨੂੰ ਵੀ ਭੇਜ ਕੇ ਤੁਰੰਤ ਇਨਸਾਫ਼ ਦੀ ਮੰਗ ਕੀਤੀ ਹੈ।