- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਰੇਵਾਲ ਪਬਲਿਕ ਸਕੂਲ ਵਿਖੇ ਪ੍ਰੋਗਰਾਮ ਕਰਵਾਇਆ

ਭੁਪਿੰਦਰ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਗਰੇਵਾਲ ਪਬਲਿਕ ਸਕੂਲ ਬਲਬੇੜ੍ਹਾ ਵਿਖੇ ਪੋਸ਼ ਐਕਟ ਤੇ ਪੋਕਸੋ ਐਕਟ ਸਬੰਧੀ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਵਧਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਸਕੂਲ ਦੇ ਅਧਿਆਪਕਾਂ ਅਤੇ ਗੈਰ-ਅਧਿਆਪਨ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਸਕੂਲ ਵਿਚ ਸੁਰੱਖਿਅਤ, ਸਨਮਾਨਜਨਕ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣਾ ਸੀ। ਪ੍ਰੋਗਰਾਮ ਦੇ ਰਿਸੋਰਸ ਪਰਸਨ ਅੰਕੁਰ ਅਗਰਵਾਲ ਨੇ ਦੋਵਾਂ ਕਾਨੂੰਨਾਂ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੋਸ਼ ਐਕਟ ਤਹਿਤ ਕੰਮ ਵਾਲੀ ਥਾਂ ’ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ, ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਅਤੇ ਕਰਮਚਾਰੀਆਂ ਦੇ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਬਾਰੇ ਦੱਸਿਆ। ਇਸ ਦੇ ਨਾਲ ਹੀ ਪੋਕਸੋ ਐਕਟ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਨਾਲ ਜੁੜੇ ਕਾਨੂੰਨੀ ਪ੍ਰਬੰਧਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਅੰਦਰੂਨੀ ਸ਼ਿਕਾਇਤ ਕਮੇਟੀ ਦੀ ਭੂਮਿਕਾ ਤੇ ਸ਼ਿਕਾਇਤਾਂ ਦੇ ਨਿਪਟਾਰੇ ਸਮੇਂ ਗੁਪਤਤਾ, ਨਿਰਪੱਖਤਾ ਅਤੇ ਸੰਵੇਦਨਸ਼ੀਲਤਾ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਕੂਲ ਦੀ ਪ੍ਰਿੰਸੀਪਲ ਡਾ. ਆਂਚਲ ਸ਼ਰਮਾ ਨੇ ਕਿਹਾ ਕਿ ਸਕੂਲ ਵਿੱਚ ਬੱਚਿਆਂ ਅਤੇ ਕਰਮਚਾਰੀਆਂ ਲਈ ਸੁਰੱਖਿਅਤ ਵਾਤਾਵਰਣ ਬਣਾਉਣਾ ਪ੍ਰਬੰਧਕਾਂ ਦੀ ਅਹਿਮ ਜ਼ਿੰਮੇਵਾਰੀ ਹੈ। ਅੰਤ ਵਿੱਚ ਕਰਮਚਾਰੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਪ੍ਰਬੰਧਕਾਂ ਨੇ ਸਾਰਿਆਂ ਦਾ ਧੰਨਵਾਦ ਕੀਤਾ।