ਪਰਾਲੀ ਦੇ ਧੂੰਏ ਤੋਂ ਬਚਾਅ ਜ਼ਰੂਰੀ, ਥੋੜ੍ਹੀ ਜਿਹੀ ਲਾਪਰਵਾਹੀ ਸਿਹਤ ਲਈ ਬਣ ਸਕਦੀ ਵੱਡਾ ਖ਼ਤਰਾ ਪਰਾਲੀ ਦੇ ਧੂੰਏ ਤੋਂ ਬਚਾਅ ਜ਼ਰੂਰੀ, ਥੋੜ੍ਹੀ ਜਿਹੀ ਲਾਪਰਵਾਹੀ ਸਿਹਤ ਲਈ ਬਣ ਸਕਦੀ ਹੈ ਵੱਡਾ ਖ਼ਤਰਾ
Publish Date: Wed, 11 Nov 2026 03:40 PM (IST)
Updated Date: Thu, 12 Nov 2026 04:00 AM (IST)
ਪਰਾਲੀ ਸਾੜਨ ਨਾਲ ਹਵਾ ਹੋ ਰਹੀ ਪ੍ਰਦੂਸ਼ਿਤ, ਸਾਹ, ਦਮਾ ਤੇ ਅੱਖਾਂ ਦੀਆਂ ਬਿਮਾਰੀਆਂ ਦਾ ਵਧਦਾ ਖ਼ਤਰਾ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ : ਝੋਨੇ ਦੀ ਕਟਾਈ ਦਾ ਸੀਜ਼ਨ ਚੱਲਦਿਆਂ ਹੀ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ਲੱਗ ਪਈਆਂ ਹਨ। ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਲਈ ਵੀ ਗੰਭੀਰ ਖ਼ਤਰਾ ਬਣਦਾ ਜਾ ਰਿਹਾ ਹੈ। ਇਸ ਧੂੰਏਂ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਵਧੇਰੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਧੂੰਏਂ ਵਿੱਚ ਮੌਜੂਦ ਬਾਰੀਕ ਕਣ ਸਾਹ ਰਾਹੀਂ ਫੇਫੜਿਆਂ ਤੱਕ ਪਹੁੰਚ ਕੇ ਖੰਘ, ਜ਼ੁਕਾਮ, ਦਮਾ, ਸਾਹ ਚੜ੍ਹਨ ਅਤੇ ਅੱਖਾਂ ਵਿੱਚ ਜਲਣ ਵਰਗੀਆਂ ਸਮੱਸਿਆਵਾਂ ਪੈਦਾ ਕਰ ਸਕਦੇ ਹਨ। ਇਸ ਸਬੰਧੀ ਵੱਖ-ਵੱਖ ਆਗੂਆਂ ਨੇ ਪੇਸ਼ ਕੀਤੇ ਆਪਣੇ ਵਿਚਾਰ। ਸਾਫ ਫੇਫੜਿਆਂ ਦੀਆਂ ਬਿਮਾਰੀਆਂ ਦਾ ਵਾਧਦਾ ਖਤਰਾ : ਗਰਗ ਡਾ. ਪੀਸੀ ਗਰਗ ਸ਼ੇਰਪੁਰ ਨੇ ਕਿਹਾ ਕਿ ਪਰਾਲੀ ਦੇ ਧੂੰਏ ਵਿੱਚ ਮੌਜੂਦ ਬਾਰੀਕ ਪ੍ਰਦੂਸ਼ਣ ਕਣ ਮਨੁੱਖੀ ਸਿਹਤ ਲਈ ਬੇਹੱਦ ਨੁਕਸਾਨਦੇਹ ਹਨ। ਇਸ ਨਾਲ ਸਾਹ ਦੀਆਂ ਨਲੀਆਂ ਵਿੱਚ ਸੋਜ ਆ ਸਕਦੀ ਹੈ ਅਤੇ ਦਮੇ ਦੇ ਮਰੀਜ਼ਾਂ ਦੀ ਸਮੱਸਿਆ ਵਧ ਸਕਦੀ ਹੈ। ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਇਸ ਧੂੰਏ ਤੋਂ ਵਿਸ਼ੇਸ਼ ਤੌਰ ਤੇ ਬਚਾਉਣ ਦੀ ਲੋੜ ਹੈ। ਜੇਕਰ ਕਿਸੇ ਵਿਅਕਤੀ ਨੂੰ ਸਾਹ ਲੈਣ ਵਿੱਚ ਤਕਲੀਫ਼, ਲਗਾਤਾਰ ਖੰਘ ਜਾਂ ਛਾਤੀ ਵਿੱਚ ਜਕੜਨ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਪਰਾਲੀ ਨੂੰ ਸਾੜਨ ਲਈ ਸਰਕਾਰ ਬਦਲਵਾਂ ਪ੍ਰਬੰਧ ਕਰੇ : ਕਾਸ਼ਾਪੁਰ ਕਿਸਾਨ ਆਗੂ ਰਵਿੰਦਰ ਸਿੰਘ ਕਾਸ਼ਾਪੁਰ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਮਜਬੂਰੀ ਵਿੱਚੋਂ ਕੱਢਣ ਲਈ ਸਰਕਾਰ ਨੂੰ ਠੋਸ ਪ੍ਰਬੰਧ ਕਰਨੇ ਚਾਹੀਦੇ ਹਨ। ਕਿਸਾਨਾਂ ਨੂੰ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ ਅਤੇ ਹੋਰ ਖੇਤੀ ਮਸ਼ੀਨਰੀ ਆਸਾਨੀ ਨਾਲ ਉਪਲਬਧ ਕਰਵਾਈ ਜਾਵੇ। ਛੋਟੇ ਕਿਸਾਨਾਂ ਨੂੰ ਮਸ਼ੀਨਾਂ ਕਿਰਾਏ ਤੇ ਦੇਣ ਲਈ ਸਹਿਕਾਰੀ ਸਭਾਵਾਂ ਰਾਹੀਂ ਵਿਸ਼ੇਸ਼ ਪ੍ਰਬੰਧ ਹੋਣੇ ਚਾਹੀਦੇ ਹਨ। ਪਰਾਲੀ ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੋ ਸਕਦਾ ਹੈ। ਬੱਚਿਆਂ ਨੂੰ ਬਚਪਨ ਤੋਂ ਹੀ ਕੀਤਾ ਜਾਵੇ ਜਾਗਰੂਕ : ਮਾਹਮਦਪੁਰ ਲੈਕਚਰਾਰ ਕੁਲਵਿੰਦਰ ਸਿੰਘ ਮਾਹਮਦਪੁਰ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲਾਂ ਦੀ ਅਹਿਮ ਭੂਮਿਕਾ ਹੈ। ਬੱਚਿਆਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਸਕੂਲਾਂ ਵਿੱਚ ਵਾਤਾਵਰਨ ਸਬੰਧੀ ਭਾਸ਼ਣ, ਪੋਸਟਰ ਮੁਕਾਬਲੇ ਅਤੇ ਜਾਗਰੂਕਤਾ ਰੈਲੀਆਂ ਕਰਵਾਈਆਂ ਜਾਣ। ਬੱਚੇ ਆਪਣੇ ਮਾਪਿਆਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਸਕਦੇ ਹਨ। ਧੂੰਏ ਵਾਲੇ ਦਿਨਾਂ ਵਿੱਚ ਬੱਚਿਆਂ ਨੂੰ ਬਾਹਰ ਖੇਡਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸਾਫ ਹਵਾ ਹਰ ਮਨੁੱਖ ਦਾ ਅਧਿਕਾਰ : ਝਨੇਰ ਵਾਤਾਵਰਨ ਪ੍ਰੇਮੀ ਜਗਤਾਰ ਸਿੰਘ ਜੱਗੀ ਝਨੇਰ ਨੇ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਕੁਦਰਤ ਦੀਆਂ ਅਨਮੋਲ ਦਾਤਾਂ ਹਨ, ਜਿਨ੍ਹਾਂ ਦੀ ਸੰਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਪਰਾਲੀ ਸਾੜਨ ਨਾਲ ਵਾਤਾਵਰਨ ਵਿੱਚ ਜ਼ਹਿਰੀਲੇ ਤੱਤ ਅਤੇ ਧੂੰਏਂ ਦੇ ਬਾਰੀਕ ਕਣ ਫੈਲਦੇ ਹਨ। ਇਸ ਨਾਲ ਹਵਾ ਦੀ ਗੁਣਵੱਤਾ ਖ਼ਰਾਬ ਹੁੰਦੀ ਹੈ ਅਤੇ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਜਾਂਦਾ ਹੈ। ਸਕੂਲਾਂ ਵਿੱਚ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਪਿੰਡਾਂ ਦੀਆਂ ਪੰਚਾਇਤਾਂ ਨੂੰ ਪਰਾਲੀ ਨਾ ਸਾੜਨ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ।