ਧਰਨਾਕਾਰੀ ਨੌਜਵਾਨ ਬਿਜਲੀ ਦੇ ਟਾਵਰ 'ਤੇ ਚੜ੍ਹੇ
ਧਰਨਾਕਾਰੀ ਨੌਜਵਾਨ ਬਿਜਲੀ ਦੇ ਟਾਵਰ 'ਤੇ ਚੜ੍ਹੇ
Publish Date: Tue, 09 Jun 2026 07:31 PM (IST)
Updated Date: Wed, 10 Jun 2026 04:09 AM (IST)

* ਪਾਰਵਕਾਮ ਦੇ ਮੁੱਖ ਦਫ਼ਤਰ ਸਾਹਮਣੇ ਪੱਕਾ ਮੋਰਚਾ ਤੇ ਮਰਨ ਵਰਤ ਜਾਰੀ * ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ’ਚ ਮਚਿਆ ਹੜਕੰਪ ਫੋਟੋ 09ਪੀਟੀਐੱਲ - 20 ਪਰਗਟ ਸਿੰਘ•, ਪੰਜਾਬੀ ਜਾਗਰਣ ਪਟਿਆਲਾ : ਆਪਣੀਆਂ ਮੰਗਾਂ ਮਨਾਉਣ ਲਈ 1 ਜੂਨ ਤੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ 2600 ਅਪ੍ਰੈਂਟਿਸਿਪ ਲਾਈਨਮੈਨ ਯੂਨੀਅਨ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਹੋਰ ਤੇਜ਼ ਹੋ ਗਿਆ। ਯੂਨੀਅਨ ਵੱਲੋਂ ਲਗਾਏ ਪੱਕੇ ਮੋਰਚੇ ਦੇ ਕੁਝ ਨੌਜਵਾਨ ਮੰਗਲਵਾਰ ਨੂੰ ਪਟਿਆਲਾ ਸੰਗਰੂਰ ਰੋਡ ’ਤੇ ਸਥਿਤ ਗੁਰਦੁਆਰਾ ਪਰਮੇਸ਼ਵਰ ਦੁਆਰ ਕੋਲ ਪਿੰਡ ਭੇਡਪੁਰ ਵਿਖੇ ਲੱਗੇ ਬਿਜਲੀ ਟਾਵਰ ’ਤੇ ਚੜ੍ਹ ਗਏ, ਜਿਸ ਕਾਰਨ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ’ਚ ਹੜਕੰਪ ਮਚ ਗਿਆ। ਦੂਜੇ ਪਾਸੇ ਪਾਰਵਕਾਮ ਸਾਹਮਣੇ ਵੀ ਪੱਕਾ ਮੋਰਚਾ ਜਾਰੀ ਰਿਹਾ ਤੇ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਸਮੇਤ 5 ਨੌਜਵਾਨਾਂ ਦਾ ਮਰਨ ਵਰਤ ਵੀ ਜਾਰੀ ਰਿਹਾ। ਮੌਕੇ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਪ੍ਰਸ਼ਾਸਨਿਕ ਟੀਮਾਂ ਨੇ ਨੌਜਵਾਨਾਂ ਨੂੰ ਹੇਠਾਂ ਉਤਾਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਟਾਵਰ ਤੇ ਚੜ੍ਹੇ ਨੌਜਵਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਟਾਵਰ ’ਤੇ ਹੀ ਡਟੇ ਰਹਿਣਗੇ ਤੇ ਆਪਣਾ ਸੰਘਰਸ਼ ਜਾਰੀ ਰੱਖਣਗੇ। ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਧਰਨੇ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕਰਨ ਦੌਰਾਨ ਕਈ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਹ ਹਸਪਤਾਲ ਦਾਖਲ ਵੀ ਹਨ ਪਰ ਕਈ ਦਿਨ ਬੀਤ ਜਾਣ ਉਪਰੰਤ ਪੁਲਿਸ ਨੇ ਅੱਤਿਆਚਾਰ ਕਰਨ ਵਾਲੇ ਪੁਲਿਸ ਮੁਲਾਜਮਾਂ ਖ਼ਿਲਾਫ਼ ਨਾ ਹੀ ਕੋਈ ਸ਼ਿਕਾਇਤ ਦਰਜ ਕੀਤੀ ਹੈ ਅਤੇ ਨਾ ਹੀ ਹਸਪਤਾਲ ਵੱਲੋਂ ਐੱਲਐੱਮਆਰ ਕੱਟੀ ਗਈ ਹੈ, ਸਗੋਂ ਉਲਟਾ ਉਨ੍ਹਾਂ ਦੇ ਬੰਦਿਆ ’ਤੇ ਪਰਚੇ ਦਰਜ ਕੀਤੇ ਗਏ ਹਨ, ਜਿਸ ਕਾਰਨ ਰੋਸ਼ ਵਿਚ ਆ ਕੇ ਕੁਝ ਸਾਥੀ ਟਾਵਰ ’ਤੇ ਚੜ੍ਹ ਗਏ ਹਨ ਤੇ ਕੁਝ ਹੇਠਾਂ ਬੈਠੇ ਹਨ। ਉਨ੍ਹਾਂ ਆਖਿਆ ਕਿ ਅਫਸੋਸ ਦੀ ਗੱਲ ਹੈ ਕਿ ਹਾਲੇ ਤੱਕ ਕੋਈ ਵੀ ਸਰਕਾਰੀ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਤੱਕ ਨਹੀਂ ਆਇਆ, ਜਿਸ ਕਾਰਨ ਨੌਜਵਾਨਾਂ ’ਚ ਰੋਸ਼ ਹੈ। ਉਨ੍ਹਾਂ ਕਿਹਾ ਕਿ ਡਾਂਗਾਂ ਖਾਣ ਤੋਂ ਬਾਅਦ ਵੀ ਪੱਕਾ ਮੋਰਚਾ ਅਤੇ ਮਰਨ ਵਰਤ ਜਾਰੀ ਹੈ ਪਰ ਸਰਕਾਰ ਤੇ ਪਾਵਰਕਾਮ ਮੈਨੇਜਮੈਟ ਵੱਲੋਂ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਟਾਵਰ ’ਤੇ ਚੜੇ ਨੌਜਵਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਕਾਰਾਤਮਕ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ’ਚ ਧਰਨੇ ਪ੍ਰਦਰਸ਼ਨ ਰੋਕਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।