ਪਟਿਆਲਾ ਵਿਖੇ ਬਾਗੀ ਤਿੰਨ ਰਾਜਸਭਾ ਮੈਂਬਰਾਂ ਦਾ ਪੁਤਲਾ ਫੂਕਿਆ
ਪਟਿਆਲਾ ਵਿਖੇ ਹਰਭਜਨ ਸਿੰਘ ਸਮੇਤ 3 ਰਾਜ ਸਭਾ ਮੈਂਬਰਾਂ ਦਾ ਪੁਤਲਾ ਫੂਕਿਆ
Publish Date: Sun, 26 Apr 2026 07:13 PM (IST)
Updated Date: Sun, 26 Apr 2026 07:16 PM (IST)

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ•, ਪਟਿਆਲਾ : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਵੱਲੋਂ ਕਥਿਤ ਤੌਰ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਹੱਥ ਮਿਲਾਉਣ ਦੀਆਂ ਖ਼ਬਰਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਭਾਰੀ ਭੂਚਾਲ ਆ ਗਿਆ ਹੈ। ਇਸ ਕਦਮ ਨੂੰ ਪਾਰਟੀ ਅਤੇ ਜਨਤਾ ਨਾਲ ਵੱਡਾ ਧਰੋਹ ਕਰਾਰ ਦਿੰਦਿਆਂ ਐਤਵਾਰ ਨੂੰ ਪਟਿਆਲਾ ਦੇ ਅਨਾਰਦਾਣਾ ਚੌਕ ਵਿਖੇ ਆਪ ਵਰਕਰਾਂ ਅਤੇ ਸਥਾਨਕ ਆਗੂਆਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾਂ ਦੀ ਸਾਂਝੀ ਅਗਵਾਈ ਹੇਠ ਇਕੱਠੇ ਹੋਏ ਸੈਂਕੜੇ ਵਰਕਰਾਂ ਨੇ ਉਕਤ ਤਿੰਨਾਂ ਰਾਜ ਸਭਾ ਮੈਂਬਰਾਂ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਗੁੱਸੇ ਵਿਚ ਆਏ ਵਰਕਰਾਂ ਨੇ ਮੈਂਬਰਾਂ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪਾਰਟੀ ਨੇ ਇਨ੍ਹਾਂ ਵਿਅਕਤੀਆਂ ਨੂੰ ਬਹੁਤ ਮਾਣ-ਸਤਿਕਾਰ ਦਿੱਤਾ ਸੀ ਪਰ ਇਨ੍ਹਾਂ ਨੇ ਨਿੱਜੀ ਹਿੱਤਾਂ ਲਈ ਪੰਜਾਬ ਦੇ ਫਤਵੇ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਲੋਕਾਂ ਅਤੇ ਨਾਮਵਰ ਹਸਤੀਆਂ ਨੂੰ ਰਾਜ ਸਭਾ ਭੇਜ ਕੇ ਸਨਮਾਨਿਤ ਕੀਤਾ ਸੀ ਪਰ ਇਨ੍ਹਾਂ ਲੋਕਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਨੀਤੀਆਂ ਅੱਗੇ ਗੋਡੇ ਟੇਕ ਕੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਲਈ ਸਿਧਾਂਤਾਂ ਦੀ ਕੋਈ ਅਹਿਮੀਅਤ ਨਹੀਂ ਹੈ। ਪੰਜਾਬ ਦੇ ਲੋਕ ਇਸ ਗੱਦਾਰੀ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਜਿਨ੍ਹਾਂ ਮੈਂਬਰਾਂ ਨੂੰ ਪਾਰਟੀ ਨੇ ਉੱਚੇ ਅਹੁਦਿਆਂ ਤੇ ਬਿਠਾਇਆ, ਅੱਜ ਉਹ ਭਾਜਪਾ ਦੀ ਖ਼ਰੀਦੋ-ਫ਼ਰੋਖਤ ਦੀ ਰਾਜਨੀਤੀ ਦਾ ਹਿੱਸਾ ਬਣ ਗਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਮੌਕਾਪ੍ਰਸਤ ਆਗੂਆਂ ਦਾ ਪਿੰਡਾਂ ਅਤੇ ਸ਼ਹਿਰਾਂ ਵਿਚ ਪੂਰਨ ਬਾਈਕਾਟ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਿਰਫ਼ ਪਾਰਟੀ ਵਰਕਰ ਹੀ ਨਹੀਂ, ਸਗੋਂ ਆਮ ਲੋਕਾਂ ਵਿਚ ਵੀ ਇਸ ਘਟਨਾ ਨੂੰ ਲੈ ਕੇ ਭਾਰੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਕ ਕੌਂਸਲਰ, ਬਲਾਕ ਪ੍ਰਧਾਨ ਅਤੇ ਵਲੰਟੀਅਰ ਹਾਜ਼ਰ ਸਨ, ਜਿਨ੍ਹਾਂ ਨੇ ਇੱਕਸੁਰ ਵਿਚ ਇਨ੍ਹਾਂ ਮੈਂਬਰਾਂ ਦੇ ਅਸਤੀਫ਼ੇ ਦੀ ਮੰਗ ਕੀਤੀ।