ਭੁਪਿੰਦਰਜੀਤ ਮੌਲਵੀਵਾਲਾ, ਪਾਤੜਾਂ

ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਪਾਰੀਆਂ ਨੂੰ ਸਸਤੀ ਬਿਜਲੀ ਮੁਹੱਈਆ ਕਰਾਉਣ ਦੇ ਵਾਅਦੇ ਤੋਂ ਮੁੱਕਰ ਗਈ ਹੈ। ਕੈਪਟਨ ਸਰਕਾਰ ਨੂੰ ਆਪਣਾ ਵਾਅਦਾ ਯਾਦ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ਼ੁਤਰਾਣਾ ਵੱਲੋਂ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵੀ ਚ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਆਪ ਵਲੰਟੀਅਰਾਂ ਨੇ ਕੈਪਟਨ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕਰਦਿਆਂ ਵਪਾਰੀਆਂ ਨੂੰ ਤੁਰੰਤ ਸਸਤੀ ਬਿਜਲੀ ਮੁਹੱਈਆ ਕਰਾਉਣ ਦੀ ਮੰਗ ਕੀਤੀ ਹੈ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਆਪ ਆਗੂ ਨਰੈਣ ਸਿੰਘ ਨਰਸੌਤ ਨੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਕਾਂਗਰਸ ਨੇ ਵਪਾਰੀਆਂ ਨੂੰ ਪੰਜ ਰੁਪਏ ਯੂਨਿਟ ਬਿਜਲੀ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਕੈਪਟਨ ਨੇ ਆਪਣੇ ਵਾਅਦੇ ਨੂੰ ਅਮਲੀ ਰੂਪ ਤਾਂ ਕੀ ਪਹਿਨਣਾ ਸੀ ਸਗੋਂ ਫੈਕਟਰੀਆਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ। ਉਨਾਂ੍ਹ ਕਿਹਾ ਕਿ ਕਿਸੇ ਵੀ ਇੰਡਸਟਰੀ ਲਈ ਬਿਜਲੀ ਰੀੜ੍ਹ ਦੀ ਹੱਡੀ ਹੁੰਦੀ ਹੈ ਪਰ ਕੈਪਟਨ ਦੇ ਕਾਰਜਕਾਲ ਦੌਰਾਨ ਬਿਜਲੀ ਦੇ ਰੇਟਾਂ ਵਿੱਚ ਏਨਾ ਜ਼ਿਆਦਾ ਇਜ਼ਾਫ਼ਾ ਹੋ ਗਿਆ ਕਿ ਪੰਜਾਬ ਦੀ ਇੰਡਸਟਰੀ ਨਾ ਸਿਰਫ ਖ਼ਤਮ ਹੋਣ ਕਿਨਾਰੇ ਪਹੁੰਚ ਗਈ ਹੈ ਸਗੋਂ ਕੋਈ ਵੀ ਨਵਾਂ ਸਨਅਤਕਾਰ ਸੂਬੇ ਵੱਲ ਮੂੰਹ ਨਹੀਂ ਕਰ ਰਿਹਾ। ਆਪ ਆਗੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇੰਡਸਟਰੀ ਖੇਤਰ ਲਈ ਤੁਰੰਤ ਪੰਜ ਰੁਪਏ ਯੂਨਿਟ ਬਿਜਲੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਪ ਦੇ ਸਾਬਕਾ ਹਲਕਾ ਇੰਚਾਰਜ ਦਵਿੰਦਰ ਸਿੰਘ ਬਰਾਸ, ਮਦਨ ਲਾਲ ਸ਼ਹਿਰੀ ਪ੍ਰਧਾਨ ਸੋਨੂੰ ਗਰਗ ਅਤੇ ਪ੍ਰਗਟ ਸਿੰਘ ਆਦਿ ਹਾਜ਼ਰ ਸਨ।