ਕੰਵਰ ਸਿੰਘ ਬੇਦੀ, ਪਟਿਆਲਾ : ਐਤਵਾਰ ਨੂੰ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ਼ਾਂਤਮਈ ਧਰਨਾ ਦਿੱਤਾ।

ਧਰਨੇ ਦੀ ਅਗਵਾਈ ਕਰ ਰਹੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ, ਚੰਡੀਗੜ੍ਹ ਅਤੇ ਬਾਹਰੀ ਸੂਬਿਆਂ ਦੀਆਂ ਵੱਖ-ਵੱਖ ਜੇਲ੍ਹਾਂ 'ਚ 21 ਸਿੱਖ ਬੰਦ ਹਨ। ਆਗੂਆਂ ਨੇ ਕਿਹਾ ਕਿ ਸਟੇਟ ਕਾਨੂੰਨ ਅਨੁਸਾਰ ਬੰਦੀ ਸਿੱਖ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਸਰਕਾਰਾਂ ਦੇ ਪੱਖਪਾਤੀ ਰਵੱਈਏ ਕਾਰਨ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਧਰਨੇ 'ਚ ਜਗਤਾਰ ਸਿੰਘ ਹਵਾਰਾ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਨੇ 'ਸਤਿਨਾਮ' ਦੇ ਜਾਪ ਨਾਲ ਧਰਨੇ ਦੀ ਸ਼ੁਰੂਆਤ ਕੀਤੀ। ਧਰਨੇ 'ਚ ਲੱਖਾ ਸਿਧਾਣਾ ਅਤੇ ਯੂਨਾਈਟਿਡ ਸਿੱਖ ਪਾਰਟੀ ਅਤੇ ਵੱਡੀ ਗਿਣਤੀ 'ਚ ਸਿੱਖ ਸੰਗਤ ਨੇ ਧਰਨੇ 'ਚ ਸ਼ਾਮਲ ਹੋ ਕੇ ਬੰਦੀਆਂ ਦੀ ਰਿਹਾਈ ਦੀ ਮੰਗ ਕੀਤੀ।

ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਮੋਦੀ ਸਰਕਾਰ 'ਤੇ ਸਿੱਖਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਬੰਦੀ ਸਿੰਘਾਂ ਦੀ ਰਿਹਾਈ ਸੰਭਵ ਨਹੀਂ ਹੋ ਜਾਂਦੀ, ਉਦੋਂ ਤਕ ਸੁੱਤੀਆਂ ਸਰਕਾਰਾਂ ਨੂੰ ਜਗਾਉਣ ਲਈ ਸੰਘਰਸ਼ ਜਾਰੀ ਰਹੇਗਾ।

ਇਸ ਮੌਕੇ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ, ਭਾਈ ਜਸਪਾਲ ਸਿੰਘ ਹੇਰਾਂ, ਪ੍ਰਰੋ. ਬਲਜਿੰਦਰ ਸਿੰਘ, ਮਾਸਟਰ ਸੰਤੋਖ ਸਿੰਘ ਤੋਂ ਇਲਾਵਾ ਯੂਨਾਈਟਿਡ ਸਿੱਖ ਪਾਰਟੀ ਦੇ ਭਾਈ ਜਸਵਿੰਦਰ ਸਿੰਘ, ਹਰਦੇਵ ਸਿੰਘ, ਹਰਪਾਲ ਸਿੰਘ, ਰਣਜੀਤ ਸਿੰਘ, ਜਸਵਿੰਦਰ ਪੂਨੀਆ, ਮੇਹਰ ਸਿੰਘ, ਮੇਜਰ ਸਿੰਘ, ਰਣਜੀਤ ਸਿੰਘ, ਮਾਸਟਰ ਸੰਤੋਖ ਸਿੰਘ, ਗੁਰਦੇਵ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ।