- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ ਕਰੀਬ 10 ਦਿਨਾਂ ਤੋਂ ਮੁੱਖ ਸੜਕ ਪੂਰੀ ਤਰ੍ਹਾਂ ਬੰਦ ਹੋਣ ਕਾਰਨ ਇਸ ਰੂਟ 'ਤੇ ਆਵਾਜਾਈ ਠੱਪ ਹੋ ਚੁੱਕੀ ਹੈ। ਮੁੱਖ ਮਾਰਗ ਬੰਦ ਹੋਣ ਕਾਰਨ ਰੋਜ਼ਾਨਾ ਦਫ਼ਤਰਾਂ, ਗੰਭੀਰ ਮਰੀਜ਼ਾਂ ਅਤੇ ਸਥਾਨਕ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪਟਿਆਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸਖ਼ਤ ਦਾਅਵਿਆਂ ਦੀ ਹਵਾ ਨਿਕਲਦੀ ਦਿਖਾਈ ਦੇ ਰਹੀ ਹੈ। ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਧਾਰਾ 163 (ਜੋ ਪਹਿਲਾਂ ਧਾਰਾ 144 ਵਜੋਂ ਜਾਣੀ ਜਾਂਦੀ ਸੀ) ਲਾਗੂ ਕਰ ਕੇ ਧਰਨੇ, ਰੈਲੀਆਂ ਅਤੇ ਪੰਜ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਮੁਕੰਮਲ ਪਾਬੰਦੀ ਲਾਈ ਗਈ ਹੈ। ਪਰ ਇਸ ਦੇ ਬਾਵਜੂਦ, ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਸ਼ਾਸਨਿਕ ਹੁਕਮਾਂ ਨੂੰ ਟਿੱਚ ਜਾਣਦਿਆਂ ਸ਼ਹਿਰ ਦੇ ਮੁੱਖ ਮਾਰਗ ਲੋਅਰ ਮਾਲ ਰੋਡ 'ਤੇ ਲਾਇਆ ਗਿਆ ਧਰਨਾ ਲਗਾਤਾਰ ਜਾਰੀ ਰਿਹਾ, ਜਿਸ ਕਾਰਨ ਸਥਿਤੀ ਬੇਹੱਦ ਤਣਾਅਪੂਰਨ ਬਣੀ ਹੋਈ ਹੈ।
ਪਿਛਲੇ ਕਰੀਬ 10 ਦਿਨਾਂ ਤੋਂ ਮੁੱਖ ਸੜਕ ਪੂਰੀ ਤਰ੍ਹਾਂ ਬੰਦ ਹੋਣ ਕਾਰਨ ਇਸ ਰੂਟ 'ਤੇ ਆਵਾਜਾਈ ਠੱਪ ਹੋ ਚੁੱਕੀ ਹੈ। ਮੁੱਖ ਮਾਰਗ ਬੰਦ ਹੋਣ ਕਾਰਨ ਰੋਜ਼ਾਨਾ ਦਫ਼ਤਰਾਂ, ਗੰਭੀਰ ਮਰੀਜ਼ਾਂ ਅਤੇ ਸਥਾਨਕ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਂਬੂਲੈਂਸਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਵਾਲੇ ਵਾਹਨ ਵੀ ਜਾਮ ਵਿੱਚ ਫਸੇ ਨਜ਼ਰ ਆ ਰਹੇ ਹਨ। ਮੁੱਖ ਸੜਕ ਬੰਦ ਹੋਣ ਕਾਰਨ ਵਾਹਨ ਚਾਲਕਾਂ ਨੂੰ ਬਦਲਵੇਂ ਰੂਟਾਂ ਦੀ ਵਰਤੋਂ ਕਰਨੀ ਪੈ ਰਹੀ ਹੈ, ਜਿਸ ਕਾਰਨ ਲਿੰਕ ਸੜਕਾਂ ਅਤੇ ਨੇੜਲੀਆਂ ਗਲੀਆਂ ਵਿੱਚ ਟ੍ਰੈਫਿਕ ਦਾ ਬੋਝ ਅਚਾਨਕ ਬਹੁਤ ਜ਼ਿਆਦਾ ਵਧ ਗਿਆ ਹੈ ਅਤੇ ਉੱਥੇ ਵੀ ਜਾਮ ਲੱਗ ਰਹੇ ਹਨ।
ਇੱਕ ਪਾਸੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਧਾਰਾ 163 ਦੇ ਹਵਾਲੇ ਨਾਲ ਪ੍ਰਦਰਸ਼ਨਾਂ 'ਤੇ ਰੋਕ ਦੀ ਗੱਲ ਕਰ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਪ੍ਰਦਰਸ਼ਨਕਾਰੀ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। ਪ੍ਰਦਰਸ਼ਨਕਾਰੀਆਂ ਦਾ ਸਾਫ਼ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਉਹ ਮੁੱਖ ਸੜਕ 'ਤੇ ਇਸੇ ਤਰ੍ਹਾਂ ਡਟੇ ਰਹਿਣਗੇ। ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਬਣੇ ਇਸ ਟਕਰਾਅ ਕਾਰਨ ਸ਼ਹਿਰ ਦਾ ਆਮ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ।
ਲੋਕਾਂ ’ਚ ਵਧ ਰਿਹਾ ਹੈ ਰੋਸ
ਲੰਬੇ ਸਮੇਂ ਤੋਂ ਚੱਲ ਰਹੇ ਇਸ ਜਾਮ ਕਾਰਨ ਸ਼ਹਿਰ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਵਿੱਚ ਪ੍ਰਸ਼ਾਸਨ ਦੇ ਢਿੱਲੇ ਰਵੱਈਏ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਦੁਕਾਨਦਾਰਾਂ ਦਾ ਕਾਰੋਬਾਰ ਵੀ ਮੰਦੜੇ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪ੍ਰਦਰਸ਼ਨਕਾਰੀਆਂ ਨਾਲ ਬੈਠ ਕੇ ਗੱਲਬਾਤ ਰਾਹੀਂ ਜਾਂ ਕਾਨੂੰਨੀ ਤਰੀਕੇ ਨਾਲ ਇਸ ਮਸਲੇ ਨੂੰ ਜਲਦ ਤੋਂ ਜਲਦ ਹੱਲ ਕਰਵਾ ਕੇ ਸੜਕ ਨੂੰ ਆਮ ਲੋਕਾਂ ਲਈ ਖੁੱਲ੍ਹਵਾਇਆ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਪ੍ਰੇਸ਼ਾਨੀ ਤੋਂ ਨਿਜ਼ਾਤ ਮਿਲ ਸਕੇ।