ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਫੂਕੀ ਅਰਥੀ
ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਫੂਕੀ ਅਰਥੀ
Publish Date: Wed, 18 Mar 2026 04:58 PM (IST)
Updated Date: Wed, 18 Mar 2026 05:01 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਅਧਿਆਪਕ ਜਥੇਬੰਦੀਆਂ ਦੇ ਆਗੂਆਂ ਹਰਵਿੰਦਰ ਸਿੰਘ ਰੱਖੜਾ,ਪਰਮਜੀਤ ਸਿੰਘ ਪਟਿਆਲਾ, ਗੁਰਪ੍ਰੀਤ ਸਿੰਘ ਗੁਰੂ ਦੀ ਅਗਵਾਈ ਵਿਚ ਪਟਿਆਲਾ ਵਿਖੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਘਰ ਮੂਹਰੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਪੁਤਲਾ ਫੂਕਿਆ ਗਿਆ। ਇਹ ਰੋਸ ਪ੍ਰਦਰਸਨ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਸੁਪਰੀਮ ਕੋਰਟ ਰਾਹੀਂ ਟੈੱਟ (ਅਧਿਆਪਕ ਯੋਗਤਾ ਟੈਸਟ) ਦੀ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜ਼ਖ਼ਮੀ ਕਰਕੇ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ’ਚ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹਰ ਵਰਗ ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਨਵੇਂ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ’ਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਬਣਦੀਆਂ ਤਰੱਕੀਆਂ ਨੇਪਰੇ ਚਾੜ੍ਹੀਆਂ ਹਨ। ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਮੌਕੇ ਹਰਪ੍ਰੀਤ ਸਿੰਘ ਗੁਰੂ, ਹਰਿੰਦਰ ਸਿੰਘ, ਦੀਦਾਰ ਸਿੰਘ, ਸਨੇਹਦੀਪ ਕੌਰ, ਜਸਪ੍ਰੀਤ ਕੌਰ, ਈਸ਼ਾ, ਜਗਜੀਤ ਸਿੰਘ ਜਟਾਣਾ, ਰਾਮ ਸਿੰਘ, ਪਰਮਵੀਰ ਸਿੰਘ, ਕਮਲ ਨੈਣ, ਲਖਵੀਰ ਸਿੰਘ, ਤਰਸੇਮ ਸਿੰਘ, ਕ੍ਰਿਸ਼ਨ ਸਿੰਘ ਚੌਹਾਨਕੇ, ਚਮਕੌਰ ਸਿੰਘ, ਜਗਦੀਪ ਸਿੰਘ ਮੰਡੋੜ, ਬਲਜੀਤ ਸਿੰਘ ਖੁਰਮੀ, ਜਗਬੀਰ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ, ਮਨਦੀਪ ਕਾਲੇਕਾ, ਰਾਜਿੰਦਰ ਜਵੰਦਾ ਆਦਿ ਹਾਜ਼ਰ ਸਨ।