ਪੰਜਾਬੀ ਯੂਨੀਵਰਸਿਟੀ ਵਿਖੇ ਮੁਲਾਜ਼ਮਾਂ ਵਲੋਂ ਧਰਨਾ, ਕੰਮ ਰਿਹਾ ਠੱਪ ਪੰਜਾਬੀ ਯੂਨੀਵਰਸਿਟੀ ਵਿਖੇ ਮੁਲਾਜਮਾਂ ਵਲੋਂ ਧਰਨਾ, ਕੰਮ ਰਿਹਾ ਠੱਪ
Publish Date: Mon, 21 Sep 2026 07:02 PM (IST)
Updated Date: Mon, 21 Sep 2026 07:05 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਯੂਨੀਵਰਸਿਟੀ ਦੇ ਪ੍ਰੀਖਿਆ ਸ਼ਾਖਾ ਦੇ ਗੇਟ ਬੰਦ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ ਅਤੇ ਵਾਰ-ਵਾਰ ਮੰਗ ਪੱਤਰ ਸੌਂਪਣ ਦੇ ਬਾਵਜੂਦ ਅਥਾਰਟੀ ਵੱਲੋਂ ਉਨ੍ਹਾਂ ਨੂੰ ਪੱਕਾ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਮੁਲਾਜ਼ਮਾਂ ਅਨੁਸਾਰ ਸਰਕਾਰ ਅਤੇ ਅਥਾਰਟੀ ਸਿਰਫ਼ ਲਾਰੇ ਲਗਾ ਕੇ ਸਮਾਂ ਲੰਘਾ ਰਹੀ ਹੈ, ਜਿਸ ਕਾਰਨ ਮਜਬੂਰ ਹੋ ਕੇ ਉਨ੍ਹਾਂ ਨੂੰ ਇਹ ਤਿੱਖਾ ਰੁਖ਼ ਅਪਣਾਉਣਾ ਪਿਆ ਹੈ। ਧਰਨੇ ਅਤੇ ਮੁੱਖ ਗੇਟ ਬੰਦ ਹੋਣ ਕਾਰਨ ਪ੍ਰੀਖਿਆ ਸ਼ਾਖਾ ਅੰਦਰ ਦਫ਼ਤਰੀ ਕੰਮਕਾਜ ਮੁਕੰਮਲ ਤੌਰ ਤੇ ਠੱਪ ਰਿਹਾ। ਇਸ ਰੋਸ ਪ੍ਰਦਰਸ਼ਨ ਦਾ ਸਭ ਤੋਂ ਵੱਡਾ ਖ਼ਮਿਆਜ਼ਾ ਆਮ ਵਿਦਿਆਰਥੀਆਂ ਨੂੰ ਭੁਗਤਣਾ ਪਿਆ। ਦੂਰ-ਦੁਰਾਡੇ ਦੇ ਪਿੰਡਾਂ, ਕਸਬਿਆਂ ਅਤੇ ਹੋਰਨਾਂ ਜ਼ਿਲ੍ਹਿਆਂ ਤੋਂ ਆਪਣੀਆਂ ਡਿਗਰੀਆਂ, ਡੀ.ਐੱਮ.ਸੀ., ਫੀਸਾਂ ਅਤੇ ਹੋਰ ਦਫ਼ਤਰੀ ਕੰਮਾਂ ਲਈ ਆਏ ਵਿਦਿਆਰਥੀ ਘੰਟਿਆਂ ਬੱਧੀ ਬਾਹਰ ਖੜ੍ਹੇ ਖੱਜਲ-ਖ਼ੁਆਰ ਹੁੰਦੇ ਰਹੇ। ਕਈ ਵਿਦਿਆਰਥੀਆਂ ਨੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਬਿਨਾਂ ਕੰਮ ਹੋਏ ਹੀ ਉਨ੍ਹਾਂ ਨੂੰ ਵਾਪਸ ਮੁੜਨਾ ਪੈ ਰਿਹਾ ਹੈ। ਮਾਹੌਲ ਤਣਾਅਪੂਰਨ ਹੁੰਦਾ ਦੇਖ ਯੂਨੀਵਰਸਿਟੀ ਅਥਾਰਟੀ ਦੇ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚੇ। ਬਾਅਦ ਦੁਪਹਿਰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਮੁਲਾਜ਼ਮ ਆਗੂਆਂ ਵਿਚਾਲੇ ਇੱਕ ਗੱਲਬਾਤ ਦੀ ਬੈਠਕ ਹੋਈ। ਅਥਾਰਟੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਤੇ ਜਲਦੀ ਗੰਭੀਰਤਾ ਨਾਲ ਵਿਚਾਰ ਕਰਨ ਅਤੇ ਉੱਚ ਪੱਧਰ ਤੇ ਮਾਮਲਾ ਸੁਲਝਾਉਣ ਦਾ ਭਰੋਸਾ ਦਿੱਤਾ ਗਿਆ। ਪ੍ਰਸ਼ਾਸਨ ਦੇ ਇਸ ਭਰੋਸੇ ਤੋਂ ਬਾਅਦ ਮੁਲਾਜ਼ਮਾਂ ਨੇ ਸ਼ਾਂਤ ਹੋ ਕੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦਿੱਤੇ ਗਏ ਭਰੋਸੇ ਮੁਤਾਬਕ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।