
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿਹਤ ਵਿਭਾਗ ਦੇ ਕੱਚੇ ਮੁਲਾਜਮਾਂ ਵਲੋਂ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੀ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਨੇ ਸੋਮਵਾਰ ਨੂੰ ਪਟਿਆਲਾ ਸਥਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਅੱਗੇ ਆਪਣੀਆਂ ਜਾਇਜ਼ ਮੰਗਾਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਆਊਟਸੋਰਸਡ ਹੈਲਥ ਡਿਪਾਰਟਮੈਂਟ ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ ਆਊਟਸੋਰਸ ਸਿਹਤ ਵਿਭਾਗ ਦੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਤੇ ਮੁਸ਼ਕਲਾਂ ਸਰਕਾਰ ਦੇ ਧਿਆਨ ਵਿਚ ਲਿਆ ਰਹੇ ਹਨ, ਪਰ ਹਾਲੇ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਤਸੱਲੀਬਖ਼ਸ਼ ਹੱਲ ਨਹੀਂ ਨਿਕਲਿਆ। ਯੂਨੀਅਨ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਵਾਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਿਹਤ ਵਿਭਾਗ ਦੇ ਵੱਡੀ ਗਿਣਤੀ ਵਿਚ ਆਊਟਸੋਰਸ ਮੁਲਾਜ਼ਮ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਰਾਹੀਂ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਅੱਗੇ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨ ਦਾ ਮੁੱਖ ਮਕਸਦ ਸਰਕਾਰ ਦਾ ਧਿਆਨ ਆਊਟਸੋਰਸ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਦਿਵਾਉਣਾ ਹੈ। ਜਨਰਲ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ਧਰਨੇ ਦੌਰਾਨ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਭਰ ਦੇ ਮੁਲਾਜ਼ਮਾਂ ਨੇ ਇਕਮੁੱਠ ਹੋ ਕੇ ਸਰਕਾਰ ਅੱਗੇ ਆਪਣੀ ਆਵਾਜ਼ ਬੁਲੰਦ ਕੀਤੀ। ਪ੍ਰੈੱਸ ਸਕੱਤਰ ਹਰਵਿੰਦਰਪਾਲ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਤਾਂ ਯੂਨੀਅਨ ਆਪਣਾ ਸੰਘਰਸ਼ ਹੋਰ ਤਿੱਖਾ ਕਰੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਹਰਮਨਦੀਪ ਸਿੰਘ ਸਿੱਧੂ, ਸੂਬਾ ਵਿੱਤ ਸਕੱਤਰ ਨਜ਼ਰ ਸਿੰਘ, ਸਹਾਇਕ ਖ਼ਜ਼ਾਨਚੀ ਵੀਰਪਾਲ ਕੌਰ, ਸੰਯੁਕਤ ਸਕੱਤਰ ਡਾ. ਦਿਸ਼ਾ ਛਾਬੜਾ ਤੇ ਰਮਨਪ੍ਰੀਤ ਕੌਰ, ਪ੍ਰਬੰਧਕ ਜਤਿੰਦਰ ਸਿੰਘ ਅਤੇ ਦਫ਼ਤਰ ਸਕੱਤਰ ਜਗਮੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।