ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਵਾਈਸ-ਚਾਂਸਲਰ ਦਫਤਰ ਅੱਗੇ 121ਵੇਂ ਦਿਨ ਵੀ ਧਰਨਾ ਜਾਰੀ ਰਿਹਾ । ਇਸ ਮੌਕੇ ਮੁਲਾਜ਼ਮਾ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾ ਨੇ ਕਿਹਾ ਕਿ ਜਨਵਰੀ ਦਾ ਅੱਧਾ ਮਹੀਨਾ ਬੀਤਣ ਦੇ ਬਾਵਜੂਦ ਤਨਖਾਹਾਂ ਅਤੇ ਪੈਨਸ਼ਨਾਂ ਦੀ ਅਦਾਇਗੀ ਨਹੀਂ ਕੀਤੀ ਗਈ ਅਤੇ ਨਾ ਹੀ ਇਸ ਲਈ ਕੋਈ ਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਪੂਰੀਆਂ ਹੋ ਜਾਂਦੀਆਂ ਮੁਲਾਜ਼ਮਾਂ ਦਾ ਧਰਨਾ ਜਾਰੀ ਰਹੇਗਾ। ਇਸ ਮੌਕੇ ਸੰਬੋਧਨ ਕਰਦਿਆਂ ਪੂਟਾ ਮੀਤ ਪ੍ਰਧਾਨ ਮਨਿੰਦਰ ਸਿੰਘ, ਖੁਸ਼ਦੀਪ ਗੋਇਲ, ਡਾ. ਬਲਵਿੰਦਰ ਸਿੰਘ ਟਿਵਾਣਾ, ਡਾ. ਮੋਹਨ ਤਿਆਗੀ, ਡਾ.ਕੁਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਵਾਈਸ-ਚਾਂਸਲਰ ਦੁਆਰਾ ਯੂਨੀਵਰਸਿਟੀ ਕਰਮਚਾਰੀਆਂ ਦੀ ਛਾਂਟੀ ਸ਼ੁਰੂ ਕਰ ਦਿੱਤੀ ਗਈ ਹੈ ਜੋ ਕਿ ਬੜਾ ਹੀ ਮੰਦਭਾਗਾ ਕਾਰਜ ਹੈ। ਉਸ ਦੀ ਉਹ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਪਤਾ ਲਗਦਾ ਹੈ ਕਿ ਸਰਕਾਰ ਅਤੇ ਉਸਦੇ ਅਧਿਕਾਰੀ ਲੋਕਾਂ ਪ੍ਰਤੀ ਕਿੰਨੀ ਕੁ ਜਿੰਮੇਵਾਰੀ ਰੱਖਦੇ ਹਨ ਜੋ ਕਿ ਸਰਕਾਰਾਂ ਦੁਆਰਾ ਆਪਣੇ ਚੋਣ ਮਨੋਰਥ ਪੱਤਰ ਵਿਚ ਖਾਧੀਆਂ ਕਸਮਾਂ ਦੇ ਬਿਲਕੁਲ ਵਿਪਰੀਤ ਹੈ। ਸਰਕਾਰ ਨੂੰ ਯੂਨੀਵਰਸਿਟੀ ਕਰਮਚਾਰੀਆਂ ਦੀ ਛਾਂਟੀ ਤੇ ਰੋਕ ਲਗਾਉਣੀ ਚਾਹੀਦੀ ਹੈ ਤੇ ਵਿੱਤੀ ਗਰਾਂਟ ਦਾ ਜਲਦ ਤੋਂ ਜਲਦ ਪ੍ਰਬੰਧ ਕਰਨਾ ਚਾਹੀਦਾ ਹੈ। ਵਿੱਤੀ ਗਰਾਂਟ ਹੀ ਯੂਨੀਵਰਸਿਟੀ ਦੀਆਂ ਦਰਪੇਸ਼ ਚੁਣੌਤੀਆਂ ਦਾ ਇਕੋ ਇਕ ਹੱਲ ਹੈ।ਦੱਸਣਯੋਗ ਹੈ ਕਿ ਇਹ ਧਰਨਾ ਤਨਖਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਯੂਨੀਵਰਸਿਟੀ ਨੂੰ ਵਿੱਤੀ ਗਰਾਂਟ ਮੁਹੱਈਆਂ ਕਰਵਾਉਣਾ ਅਤੇ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਬਚਾਉਣਾ ਆਦਿ ਮੰਗਾਂ ਨੂੰ ਲੈ ਕੇ ਲਗਾਇਆ ਜਾ ਰਿਹਾ ਹੈ। ਜੁਆਇੰਟ ਐਕਸ਼ਨ ਕਮੇਟੀ ਨੇ ਆਖਿਆ ਜਿਨਾਂ ਚਿਰ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਹੁੰਦੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।