- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੱਚਾ-ਬੱਚਾ ਇਮਾਰਤ ਦੇ ਉਦਘਾਟਨ ਨੂੰ ਲੈ ਕੇ ਸਹੋਲੀ ਦੀ ਅਗਵਾਈ ਹੇਠ ਧਰਨਾ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਸਿਵਲ ਹਸਪਤਾਲ ਨਾਭਾ ਵਿਖੇ ਬਣੀ ਜੱਚਾ-ਬੱਚਾ ਵਾਰਡ ਦੀ ਨਵੀਂ ਇਮਾਰਤ ਦਾ ਉਦਘਾਟਨ ਨਾ ਹੋਣ ਦੇ ਰੋਸ ਵਜੋਂ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ਹਸਪਤਾਲ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਾਲੀਆਂ ਝੰਡੀਆਂ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਸਹੋਲੀ ਨੇ ਦਾਅਵਾ ਕੀਤਾ ਕਿ ਕਈ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਜੱਚਾ-ਬੱਚਾ ਵਾਰਡ ਦੀ ਇਮਾਰਤ ਲੰਮੇ ਸਮੇਂ ਤੋਂ ਵਰਤੋਂ ਵਿੱਚ ਨਹੀਂ ਆ ਸਕੀ। ਉਨ੍ਹਾਂ ਦੋਸ਼ ਲਾਇਆ ਕਿ ਇਮਾਰਤ ਦੇ ਆਲੇ-ਦੁਆਲੇ ਨਸ਼ਾ ਕਰਨ ਵਾਲੇ ਲੋਕਾਂ ਦੇ ਇਕੱਠੇ ਹੋਣ ਕਾਰਨ ਸੁਰੱਖਿਆ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਹਸਪਤਾਲ ਪ੍ਰਬੰਧਨ ਤੋਂ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦੇਣ ਦੀ ਮੰਗ ਕੀਤੀ। ਸਹੋਲੀ ਨੇ ਹਸਪਤਾਲ ਵਿਚ ਡਾਕਟਰਾਂ, ਸਟਾਫ਼ ਨਰਸਾਂ ਤੇ ਦਰਜਾ ਚਾਰ ਮੁਲਾਜ਼ਮਾਂ ਦੀ ਘਾਟ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਵੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਗਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਮਾਰਤ ਦਾ ਜਲਦ ਉਦਘਾਟਨ ਨਾ ਕੀਤਾ ਗਿਆ ਤਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਅੱਗੇ ਰੋਜ਼ਾਨਾ ਧਰਨਾ ਦਿੱਤਾ ਜਾਵੇਗਾ। ਧਰਨੇ ਉਪਰੰਤ ਸਹੋਲੀ ਅਤੇ ਵਰਕਰਾਂ ਨੇ ਐੱਸਐੱਮਓ ਡਾ. ਵੀਨੂ ਗੋਇਲ ਨੂੰ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ। ਐੱਸਐੱਮਓ ਨੇ ਮੰਗ ਪੱਤਰ ਸਰਕਾਰ ਤੱਕ ਪਹੁੰਚਾਉਣ ਅਤੇ ਜੱਚਾ-ਬੱਚਾ ਇਮਾਰਤ ਨੂੰ ਜਲਦ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ, ਜਿਸ ਉਪਰੰਤ ਧਰਨਾ ਸਮਾਪਤ ਕਰ ਦਿੱਤਾ ਗਿਆ।