ਪੱਤਰ ਪੇ੍ਰਰਕ, ਪਟਿਆਲਾ : ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਵੱਲੋਂ ਪੰਜਾਬ ਦੇ ਸਮੁੱਚੇ ਬਿਜਲੀ ਦਫਤਰਾਂ ਅੱਗੇ ਰੋਸ ਰੈਲੀਆਂ ਕਰ ਕੇ ਕੇਂਦਰ ਸਰਕਾਰ ਦੇ ਬਿਜਲੀ ਮੰਤਰਾਲੇ ਵਲੋਂ 8 ਸਤੰਬਰ 2022 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਜਥੇਬੰਦੀਆਂ ਵਿਚ ਟੈਕਨੀਕਲ ਸਰਵਿਸਜ਼ ਯੂਨੀਅਨ, ਪੀਐੱਸਈਬੀ ਇੰਪਲਾਈਜ਼ ਫੈੱਡਰੇਸ਼ਨ, ਇੰਪਲਾਈਜ਼ ਫੈੱਡਰੇਸ਼ਨ (ਸੁਰਿੰਦਰ ਸਿੰਘ) ਵਰਕਰਜ਼ ਫੈੱਡਰੇਸ਼ਨ (ਇੰਟਕ), ਥਰਮਲ ਇੰੰਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈੱਡਰੇਸ਼ਨ (ਫਲਜੀਤ ਸਿੰਘ), ਮਨਿਸਟਰੀਅਲ ਸਰਵਿਸਜ਼ ਯੂਨੀਅਨ, ਹੈਡ ਆਫਿਸ ਇੰਪਲਾਈਜ਼ ਫੈੱਡਰੇਸ਼ਨ ਅਤੇ ਸਬ ਸਟੇਸ਼ਨ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਸ਼ਾਮਲ ਹਨ। ਇਸ ਨੋਟੀਫਿਕੇਸ਼ਨ ਰਾਹੀਂ ਬਿਜਲੀ ਵੰਡ ਦਾ ਕੰਮ ਪ੍ਰਰਾਈਵੇਟ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਰੈਲੀਆਂ ਨੂੰ ਸੰਬੋਧਨ ਕਰਦਿਆਂ ਜੁਆਇੰਟ ਫੋਰਮ ਦੇ ਆਗੂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਬਲਦੇਵ ਸਿੰਘ ਮੰਢਾਲੀ, ਹਰਪਾਲ ਸਿੰਘ, ਅਵਤਾਰ ਸਿੰਘ ਕੈਂਥ, ਹਰਜੀਤ ਸਿੰਘ, ਕਰਮਚੰਦ ਖੰਨਾ, ਬਲਵਿੰਦਰ ਸਿੰਘ ਸੰਧੂ ਤੇ ਸਿਕੰਦਰ ਨਾਥ ਨੇ ਕਿਹਾ ਕਿ ਕੇਂਦਰ ਸਰਕਾਰ ਟੇਢੇ ਢੰਗ ਨਾਲ ਪਾਵਰ ਮੰਤਰਾਲੇ ਰਾਹੀਂ 8 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਸਮੁੱਚੇ ਵੰਡ ਸਿਸਟਮ ਨੂੰ ਨਿੱਜੀ ਅਦਾਰਿਆਂ ਨੂੰ ਸੌਂਪ ਕੇ ਬਿਜਲੀ ਖੇਤਰ ਦੇ ਸਮੁੱਚੇ ਵੰਡ ਸਿਸਟਮ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਇਸ ਮੁਲਾਜ਼ਮ ਵਿਰੋਧੀ, ਲੋਕ ਵਿਰੋਧੀ ਨੋਟੀਫਿਕੇਸ਼ਨ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਬਿਜਲੀ ਮੁਲਾਜ਼ਮ ਅਤੇ ਇੰਜੀਨੀਅਰਜ਼ ਹੋਰਨਾਂ ਸਮੁੱਚੇ ਖਪਤਕਾਰਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਨੂੰ ਨਾਲ ਲੈ ਕੇ ਕੌਮੀ ਪੱਧਰ 'ਤੇ ਤਿੱਖਾ ਸੰਘਰਸ਼ ਲਾਮਬੰਦ ਕਰਨਗੇ।