ਭੁਪਿੰਦਰਜੀਤ ਮੌਲਵੀਵਾਲਾ, ਪਾਤੜਾਂ : ਸਰਕਾਰੀ ਕਿਰਤੀ ਕਾਲਜ ਨਿਆਲ ਦੇ ਪੋ੍ਫੈਸਰਾਂ ਵੱਲੋਂ ਮੰਗਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਦੇ ਸਹਿਯੋਗ ਨਾਲ ਕਾਲਜ ਦੇ ਸਾਹਮਣੇ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਦੀ ਗੈਸਟ ਫੈਕਲਟੀ ਐਸੋਸੀਏਸ਼ਨ ਦੇ ਬੁਲਾਰੇ ਪੋ੍. ਜਤਿੰਦਰ ਸਿੰਘ ਤੇ ਪੋ੍. ਮੀਨੂੰ ਗੋੜ ਨੇ ਦੱਸਿਆ ਸੂਬਾ ਪੱਧਰ 'ਤੇ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪੋ੍ਫੈਸਰ, ਕਿਸਾਨ ਯੂਨੀਅਨਾਂ, ਭਰਾਤਰੀ ਜਥੇਬੰਦੀਆਂ ਤੇ ਵਿਦਿਆਰਥੀ ਯੂਨੀਅਨਾਂ ਨੂੰ ਨਾਲ ਲੈ ਕੇ ਆਪਣੇ-ਆਪਣੇ ਕਾਲਜਾਂ ਤੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਰੋਸ ਮਾਰਚ ਕੱਢ ਕੇ ਸਰਕਾਰ ਨੂੰ ਹਲੂਣਿਆ ਜਾ ਰਿਹਾ ਹੈ। ਸਰਕਾਰ ਵੱਲੋਂ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ-ਫੈਕਲਟੀ/ਪਾਰਟ ਟਾਈਮ/ਕੰਟਰੈਕਟ ਉੱਤੇ ਸਰਕਾਰੀ ਕਾਲਜਾਂ 'ਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕੱਚੇ ਪੋ੍ਫੈਸਰਾਂ ਵਿਰੁੱਧ ਅਪਣਾਈਆਂ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਪੂਰੇ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪਿਛਲੇ 31 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਜਾਰੀ ਹੈ ਪਰ ਪੰਜਾਬ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਸਰਕਾਰ ਉਨਾਂ੍ਹ ਦੀਆਂ ਨੌਕਰੀਆਂ ਨੂੰ ਸੁਰੱਖਿਆ ਕਰਨ ਲਈ ਲਿਖਤੀ ਦੇਣ ਦੀ ਥਾਂ ਹਰ ਵਾਰ ਲੌਲੀਪਾਪ ਦੇ ਕੇ ਕੇਵਲ ਸਮਾਂ ਲੰਘਾ ਰਹੀ ਹੈ । ਉਨਾਂ੍ਹ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਲਿਖਤੀ ਰੂਪ ਵਿਚ ਗੈੱਸਟ ਫੈਕਲਟੀ ਸਹਾਇਕ ਪੋ੍ਫੈਸਰਾਂ ਦੀਆਂ ਨੌਕਰੀਆਂ ਸੁਰੱਖਿਅਤ ਨਹੀਂ ਕਰਦੀ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਇਸ ਮੌਕੇ ਗੈਸਟ-ਫੈਕਲਟੀ ਸਹਾਇਕ ਪੋ੍ਫੈਸਰ ਐਸੋਸੀਏਸ਼ਨ ਪੰਜਾਬ ਦੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲ ਦੇ ਆਧਾਰ 'ਤੇ ਬਿਨਾਂ ਕਿਸੇ ਸ਼ਰਤ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ 906 ਗੈਸਟ-ਫੈਕਲਟੀ/ਪਾਰਟ ਟਾਈਮ/ਕੰਟਰੈਕਟ ਸਹਾਇਕ ਪੋ੍ਫੈਸਰਾਂ ਦੀਆਂ ਨੌਕਰੀਆਂ ਸੁਰੱਖਿਅਤ ਕਰਕੇ ਅਤੇ ਨਿਰੋਲ ਖਾਲੀ ਪਈਆਂ ਅਸਾਮੀਆਂ 'ਤੇ ਭਰਤੀ ਕਰਕੇ ਕਾਲਜਾਂ ਦੇ ਵਿਕਾਸ ਦੇ ਨਾਲ ਨਾਲ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਕਰੇ ।