21 ਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਲੈਣ ਕੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ 21 ਅਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਲੈਣ ਕੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ
Publish Date: Mon, 19 Oct 2026 04:19 PM (IST)
Updated Date: Mon, 19 Oct 2026 04:21 PM (IST)
ਪੱਤਰ ਪ੍ਰੇਰਕ•,ਪੰਜਾਬੀ ਜਾਗਰਣ•, ਪਟਿਆਲਾ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀ ਮੰਗਾਂ ਦੇ ਹੱਕ ਵਿਚ ਅਤੇ ਪੰਜਾਬ ਸਰਕਾਰ ਦੇ ਵਿਰੋਧ ਵਿਚ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਸਬੰਧੀ ਪਟਿਆਲਾ ਜ਼ਿਲ੍ਹੇ ਦੀ ਆਗੂ ਟੀਮ ਵੱਲੋਂ ਸਥਾਨਕ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਸੁਖਵਿੰਦਰ ਸਿੰਘ ਸੈਣੀ ਦੀ ਪ੍ਰਧਾਨਗੀ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਤਾਲਮੇਲ ਕਮੇਟੀ ਦੇ ਆਗੂਆਂ ਧਨਵੰਤ ਸਿੰਘ ਭੱਠਲ, ਖੁਸ਼ਵਿੰਦਰ ਸਿੰਘ ਕਪਿਲਾ, ਹਰੀ ਸਿੰਘ ਟੋਹੜਾ, ਹਰਦੀਪ ਟੋਡਰਪੁਰ, ਜਸਵੀਰ ਖੋਖਰ, ਗੁਰਦੀਪ ਸਿੰਘ ਵਾਲੀਆ ਆਦਿ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੇ ਬਕਾਏ ਨਾ ਜਾਰੀ ਕੀਤੇ ਜਾਣ, ਪੈਨਸ਼ਨਰਾਂ ਤੇ ਅਣ-ਰਿਵਾਇਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ ਤੇ 2.59 ਦਾ ਗੁਣਾਂਕ ਲਾਗੂ ਨਾ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੇ ਜਾਣ, ਵੱਖ-ਵੱਖ ਕਿਸਮ ਦੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤੇ ਜਾਣ ਸਮੇਤ ਹੋਰ ਮੰਗਾਂ ਨਜ਼ਰਅੰਦਾਜ਼ ਕੀਤੇ ਜਾਣ ਖ਼ਿਲਾਫ਼ ਸਾਂਝੀ ਤਾਲਮੇਲ ਕਮੇਟੀ ਦੇ ਫ਼ੈਸਲੇ ਤਹਿਤ ਰਖਦਿਆਂ 21-22 ਅਕਤੂਬਰ ਨੂੰ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਦੀ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਮੁਲਾਜ਼ਮ ਵੀ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ ਜਿਸ ਵਿੱਚ ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਤਾਲਮੇਲ ਕਮੇਟੀ ਦੇ ਆਗੂਆਂ ਰਾਮ ਸ਼ਰਨ ਅਲਹੋਰਾਂ, ਪਰਮਜੀਤ ਸਿੰਘ, ਸੰਤ ਰਾਮ ਚੀਮਾ, ਦਰਸ਼ਨ ਬੇਲੂਮਾਜਰਾ, ਗੁਰਮੀਤ ਸਿੰਘ ਟਿਵਾਣਾ, ਪ੍ਰੇਮ ਚੰਦ ਪੰਜੋਲਾ, ਨਾਹਰ ਸਿੰਘ, ਰਾਕੇਸ਼ ਬਾਤਿਸ਼ ਆਦਿ ਨੇ ਕਿਹਾ ਕਿ ਖ਼ਿਲਾਫ਼ ਲੰਮੇ ਸਮੇਂ ਤੋਂ ਸੰਘਰਸ਼ ਲੜਿਆ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਲਗਾਤਾਰ ਟਾਲ-ਮਟੋਲ ਦੀ ਨੀਤੀ ਤੇ ਚੱਲ ਰਹੀ ਹੈ। ਇਸ ਮੌਕੇ ਜਸਵਿੰਦਰ ਸੋਜਾ, ਸਤਪਾਲ ਖਾਨਪੁਰ, ਸਤਪਾਲ ਚੰਬਰ, ਪਰਮਜੀਤ ਸਿੰਘ ਮੱਘੋਂ, ਐੱਚ. ਐੱਸ. ਗਿੱਲ, ਵੈਦ ਪ੍ਰਕਾਸ਼ ਸਿੰਗਲਾ ਆਦਿ ਆਗੂ ਵੀ ਹਾਜ਼ਰ ਸਨ।