- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਕੀਤੀ ਗੇਟ ਰੈਲੀ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ-25/11 ਵੱਲੋਂ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਸੰਘਰਸ਼ ਤੇਜ਼ ਕਰਦਿਆਂ ਸ਼ੁੱਕਰਵਾਰ ਨੂੰ ਪੰਜਾਬ ਭਰ ਦੇ ਡਿਪੂਆਂ ਵਿਚ ਰੋਸ ਰੈਲੀਆਂ ਕੀਤੀਆਂ ਗਈਆਂ ਜਦਕਿ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ 22 ਸਤੰਬਰ ਤੋਂ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ। ਨਵੇ ਬੱਸ ਸਟੈਂਡ ਵਿਖੇ ਰੋਸ ਜ਼ਾਹਰ ਕਰਦਿਆਂ ਸੂਬਾ ਆਗੂ ਹਰਕੇਸ਼ ਕੁਮਾਰ ਵਿੱਕੀ, ਪ੍ਰਧਾਨ ਸਹਿਜਪਾਲ ਸੰਧੂ ਤੇ ਸੈਕਟਰੀ ਜਸਦੀਪ ਸਿੰਘ ਨੇ ਕਿਹਾ ਕਿ ਪਿਛਲੇ ਕਰੀਬ ਚਾਰ ਸਾਲਾਂ ਦੌਰਾਨ ਸਰਕਾਰ ਨਾਲ ਲਗਭਗ 59 ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਵਾਰ ਸਰਕਾਰ ਵੱਲੋਂ ਭਰੋਸਾ ਮਿਲਣ ਉਪਰੰਤ ਸੰਘਰਸ਼ ਮੁਲਤਵੀ ਕੀਤਾ ਗਿਆ, ਪਰ ਮੰਗਾਂ ਦਾ ਸਥਾਈ ਹੱਲ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਠੇਕੇਦਾਰੀ ਪ੍ਰਣਾਲੀ ਰਾਹੀਂ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਈਪੀਐੱਫ ਤੇ ਈਐੱਸਆਈ ਨਾਲ ਸਬੰਧਤ ਸਮੱਸਿਆਵਾਂ ਬਾਰੇ ਵੀ ਸਰਕਾਰ ਨੂੰ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ। ਵਰਕਸ਼ਾਪ ਪ੍ਰਧਾਨ ਹਰਜਿੰਦਰ ਸਿੰਘ, ਮੁੱਖ ਸਲਾਹਕਾਰ ਵੀਰ ਚੰਦ, ਚੇਅਰਮੈਨ ਸੁਲਤਾਨ ਸਿੰਘ ਤੇ ਕੈਸ਼ੀਅਰ ਅਤਿੰਦਰਪਾਲ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਯੂਨੀਅਨ ਨੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਅਤੇ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਲਾਗੂ ਕਰਨ ਦੀ ਮੰਗ ਕੀਤੀ।