ਮੰਗਾਂ ਨੂੰ ਲੈ ਕੇ ਪੰਪ ਆਪਰੇਟਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ ਪੰਪ ਆਪਰੇਟਰਾਂ ਨੇ ਸੰਗਰੂਰ ’ਚ ਕੀਤਾ ਪ੍ਰਦਰਸ਼ਨ, ਨਾਅਰੇਬਾਜੀ਼
Publish Date: Wed, 25 Nov 2026 05:12 PM (IST)
Updated Date: Thu, 26 Nov 2026 04:05 AM (IST)
ਮੰਗਾਂ ਪੂਰੀਆਂ ਨਾ ਹੋਣ ਤੇ ਪੱਕਾ ਮੋਰਚਾ ਲਾਉਣ ਦੀ ਚਿਤਾਵਨੀ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਭਰ ਦੇ ਗ੍ਰਾਮ ਪੰਚਾਇਤ ਪੰਪ ਆਪਰੇਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਡੀਸੀ ਰੇਟਾਂ ਅਨੁਸਾਰ ਤਨਖ਼ਾਹ ਲਾਗੂ ਕਰਨ, ਕਿਰਤ ਕਾਨੂੰਨਾਂ ਦੇ ਦਾਇਰੇ ਵਿੱਚ ਲਿਆਉਣ ਅਤੇ ਨੌਕਰੀ ਤੋਂ ਹਟਾਏ ਗਏ ਮੁਲਾਜ਼ਮਾਂ ਨੂੰ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਪ ਆਪਰੇਟਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੇ ਵਾਅਦਾਖ਼ਿਲਾਫ਼ੀ ਅਤੇ ਪੁਲਿਸ ਪ੍ਰਸ਼ਾਸਨ ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ। ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਇਕੱਠੇ ਹੋਏ ਪੰਪ ਆਪਰੇਟਰਾਂ ਨੇ ਦੋਸ਼ ਲਾਇਆ ਕਿ ਸਰਕਾਰ ਠੇਕੇਦਾਰੀ ਸਿਸਟਮ ਲਾਗੂ ਕਰਕੇ ਵਿਭਾਗ ਵਿੱਚ ਪੱਕੀਆਂ ਨੌਕਰੀਆਂ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਕਾਰਨ ਪਹਿਲਾਂ ਤੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਨੂੰ ਰੁਜ਼ਗਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨਾਲ ਅਜਿਹੀ ਨੀਤੀ ਅਨਿਆਂਪੂਰਨ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਕਈ ਪੰਪ ਆਪਰੇਟਰ ਪਿਛਲੇ 10 ਤੋਂ 15 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਉਨ੍ਹਾਂ ਨੂੰ ਸਿਰਫ਼ 1500 ਤੋਂ 2000 ਰੁਪਏ ਮਹੀਨਾਵਾਰ ਤਨਖ਼ਾਹ ਦਿੱਤੀ ਜਾ ਰਹੀ ਹੈ। ਕਈ ਮੁਲਾਜ਼ਮਾਂ ਨੂੰ ਬਿਨਾਂ ਤਨਖ਼ਾਹ ਤੋਂ ਵੀ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਅਤੇ ਦਿੱਲੀ ਦੀ ਤਰਜ਼ ਤੇ ਪੰਜਾਬ ਵਿੱਚ ਵੀ ਪੰਪ ਆਪਰੇਟਰਾਂ ਨੂੰ ਡੀਸੀ ਰੇਟਾਂ ਅਨੁਸਾਰ ਤਨਖ਼ਾਹ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਿਰਤ ਕਾਨੂੰਨਾਂ ਤਹਿਤ ਮਿਲਣ ਵਾਲੇ ਹੱਕ ਅਤੇ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ। ਭੁਪਿੰਦਰ ਸਿੰਘ ਜਨਰਲ ਸਕੱਤਰ, ਪੰਜਾਬ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਸਰਕਾਰ ਗੰਭੀਰਤਾ ਨਾਲ ਧਿਆਨ ਨਹੀਂ ਦੇ ਰਹੀ। ਮੁਲਾਜ਼ਮਾਂ ਨੂੰ ਉਨ੍ਹਾਂ ਦੇ ਕੰਮ ਅਨੁਸਾਰ ਉਚਿਤ ਤਨਖ਼ਾਹ ਅਤੇ ਰੁਜ਼ਗਾਰ ਦੀ ਸੁਰੱਖਿਆ ਮਿਲਣੀ ਚਾਹੀਦੀ ਹੈ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਉਹ ਹੁਣ ਸਰਕਾਰ ਦੇ ਭਰੋਸਿਆਂ ਤੇ ਵਿਸ਼ਵਾਸ ਨਹੀਂ ਕਰਨਗੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਕੋਈ ਠੋਸ ਹੱਲ ਨਾ ਕੱਢਿਆ ਗਿਆ ਤਾਂ ਉਹ ਸੜਕਾਂ ਜਾਮ ਕਰਕੇ ਪੱਕਾ ਮੋਰਚਾ ਲਗਾ ਕੇ ਬੈਠ ਜਾਣਗੇ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਸੂਬਾ ਪ੍ਰਧਾਨ ਗੁਰਪਿਆਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ।