ਪੰਜਾਬ ਬੰਦ ਦੇ ਸੱਦੇ ਦਾ ਸਨੌਰ ਬਲਾਕ 'ਚ ਦਿਸਿਆ ਪੂਰਾ ਅਸਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਸਨੌਰ ਬਲਾਕ 'ਚ ਦਿਖਿਆ ਪੂਰਾ ਅਸਰ
Publish Date: Fri, 21 Aug 2026 05:04 PM (IST)
Updated Date: Fri, 21 Aug 2026 05:06 PM (IST)
ਰਵਿੰਦਰ ਸਿੰਘ ਪੰਜੇਟਾ, ਪੰਜਾਬੀ ਜਾਗਰਣ, ਸਨੌਰ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਤੇ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅੱਜ ਸਨੌਰ ਬਲਾਕ ਵਿਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸਵੇਰ ਤੋਂ ਹੀ ਸਨੌਰ ਦੇ ਮੁੱਖ ਬਾਜ਼ਾਰ, ਅਨਾਜ ਮੰਡੀ, ਸਬਜ਼ੀ ਮੰਡੀ ਤੇ ਹੋਰ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ। ਦੁਕਾਨਦਾਰਾਂ ਨੇ ਆਪਣੀ ਮਰਜ਼ੀ ਨਾਲ ਦੁਕਾਨਾਂ ਬੰਦ ਰੱਖ ਕੇ ਬੰਦ ਦਾ ਸਮਰਥਨ ਕੀਤਾ। ਸੜਕਾਂ ਤੇ ਆਵਾਜਾਈ ਵੀ ਆਮ ਦਿਨਾਂ ਨਾਲੋਂ ਘੱਟ ਰਹੀ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ-ਥਾਂ ਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸੁਖਬੀਰ ਸਿੰਘ ਬਲਬੇੜਾ, ਪਰਮਜੀਤ ਸਿੰਘ ਮਹਿਮੂਦਪੁਰ, ਮਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਬੰਦੀ ਸਿੰਘ ਉਹ ਸਿੱਖ ਕੈਦੀ ਹਨ ਜੋ 90ਵੇਂ ਦਹਾਕੇ ਦੌਰਾਨ ਪੰਜਾਬ ਚ ਹੋਈਆਂ ਘਟਨਾਵਾਂ ਵਿਚ ਸਜ਼ਾ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ ਕਈ ਕੈਦੀ ਪਿਛਲੇ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਤੇ ਹੁਣ ਉਨ੍ਹਾਂ ਦੀ ਸਿਹਤ ਵੀ ਠੀਕ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸੇ ਮੰਗ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਚੰਡੀਗੜ੍ਹ-ਮੋਹਾਲੀ ਬਾਰਡਰ ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਧਰਨਾ ਲਗਾਇਆ ਹੋਇਆ ਹੈ। ਜਥੇਬੰਦੀ ਵੱਲੋਂ ਇਹ ਬੰਦ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਸੀ। ਜਿਸ ਕਾਰਨ 2 ਵਜੇ ਤੱਕ ਸਨੌਰ ਦਾ ਜਨ-ਜੀਵਨ ਠੱਪ ਰਿਹਾ। 2 ਵਜੇ ਤੋਂ ਬਾਅਦ ਸਨੌਰ ਦੇ ਸਾਰੇ ਬਾਜ਼ਾਰ ਫਿਰ ਤੋਂ ਖੁੱਲ੍ਹ ਗਏ ਅਤੇ ਸਥਿਤੀ ਆਮ ਵਾਂਗ ਹੋ ਗਈ। ਇਸ ਦੌਰਾਨ ਹਸਪਤਾਲ, ਮੈਡੀਕਲ ਸਟੋਰ ਅਤੇ ਐਂਬੂਲੈਂਸ ਵਰਗੀਆਂ ਜ਼ਰੂਰੀ ਸੇਵਾਵਾਂ ਚਾਲੂ ਰਹੀਆਂ ਸਨ।