ਪੰਜਾਬ ਬੰਦ ਨੂੰ ਪਟਿਆਲਾ ਜ਼ਿਲ੍ਹੇ ’ਚ ਭਰਵਾਂ ਹੁੰਗਾਰਾ: ਬਾਜ਼ਾਰ ਤੇ ਕਾਰੋਬਾਰੀ ਅਦਾਰੇ ਰਹੇ ਮੁਕੰਮਲ ਤੌਰ 'ਤੇ ਬੰਦ
ਜ਼ਿਆਦਾਤਰ ਥਾਵਾਂ ’ਤੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੇ ਆਪਣੇ ਪੱਧਰ ’ਤੇ ਹੀ ਦੁਕਾਨਾਂ ਬੰਦ ਰੱਖ ਕੇ ਬੰਦ ਦੇ ਸੱਦੇ ਨੂੰ ਸਮਰਥਨ ਕੀਤਾ ਜਾ ਰਿਹਾ ਹੈ। ਕਈ ਬਾਜ਼ਾਰਾਂ ’ਚ ਆਮ ਦਿਨਾਂ ਦੇ ਮੁਕਾਬਲੇ ਗਤੀਵਿਧੀਆਂ ਘੱਟ ਰਹੀਆਂ ਅਤੇ ਦੁਕਾਨਾਂ ਦੇ ਸ਼ਟਰ ਬੰਦ ਨਜ਼ਰ ਆਏ। ਕਸਬਿਆਂ ’ਚ ਵੀ ਵਪਾਰਕ ਅਦਾਰਿਆਂ ਵੱਲੋਂ ਬੰਦ ਨੂੰ ਹੁੰਗਾਰਾ ਦਿੱਤੇ ਜਾਣ ਦੀਆਂ ਖ਼ਬਰਾਂ ਹਨ।
Publish Date: Fri, 21 Aug 2026 11:15 AM (IST)
Updated Date: Fri, 21 Aug 2026 11:18 AM (IST)
ਪਰਗਟ ਸਿੰਘ, ਪੰਜਾਬੀ ਜਾਗਰਣ, ਪਟਿਆਲਾ। ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪਟਿਆਲਾ ਸ਼ਹਿਰ ਸਮੇਤ ਪੂਰੇ ਜ਼ਿਲ੍ਹੇ ’ਚ ਭਰਵਾਂ ਸਮਰਥਨ ਮਿਲ ਰਿਹਾ ਹੈ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਪ੍ਰਮੁੱਖ ਬਾਜ਼ਾਰਾਂ ਵਿੱਚ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਹਨ। ਇਸੇ ਤਰ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿੱਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਜ਼ਿਲ੍ਹੇ ਦੀਆ ਪ੍ਰਾਈਵੇਟ ਵਿਦਿਅਕ ਸੰਸਥਾਵਾ ਵੀ ਬੰਦ ਹਨ।
ਜ਼ਿਆਦਾਤਰ ਥਾਵਾਂ ’ਤੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੇ ਆਪਣੇ ਪੱਧਰ ’ਤੇ ਹੀ ਦੁਕਾਨਾਂ ਬੰਦ ਰੱਖ ਕੇ ਬੰਦ ਦੇ ਸੱਦੇ ਨੂੰ ਸਮਰਥਨ ਕੀਤਾ ਜਾ ਰਿਹਾ ਹੈ। ਕਈ ਬਾਜ਼ਾਰਾਂ ’ਚ ਆਮ ਦਿਨਾਂ ਦੇ ਮੁਕਾਬਲੇ ਗਤੀਵਿਧੀਆਂ ਘੱਟ ਰਹੀਆਂ ਅਤੇ ਦੁਕਾਨਾਂ ਦੇ ਸ਼ਟਰ ਬੰਦ ਨਜ਼ਰ ਆਏ। ਕਸਬਿਆਂ ’ਚ ਵੀ ਵਪਾਰਕ ਅਦਾਰਿਆਂ ਵੱਲੋਂ ਬੰਦ ਨੂੰ ਹੁੰਗਾਰਾ ਦਿੱਤੇ ਜਾਣ ਦੀਆਂ ਖ਼ਬਰਾਂ ਹਨ।
ਕੁਝ ਥਾਵਾਂ ’ਤੇ ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ ਅਤੇ ਸਮਰਥਕ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਲੋਕਾਂ ਨੂੰ ਬੰਦ ਦੇ ਸੱਦੇ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ ਗਈ। ਉਨ੍ਹਾਂ ਵੱਲੋਂ ਬਾਜ਼ਾਰਾਂ ’ਚ ਜਾ ਕੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।
ਬੰਦ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਵੱਖ-ਵੱਖ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਫਿਲਹਾਲ ਜ਼ਿਲ੍ਹੇ ’ਚ ਬੰਦ ਦਾ ਅਸਰ ਮੁੱਖ ਤੌਰ ’ਤੇ ਬਾਜ਼ਾਰਾਂ ਅਤੇ ਵਪਾਰਕ ਗਤੀਵਿਧੀਆਂ ’ਤੇ ਦੇਖਣ ਨੂੰ ਮਿਲ ਰਿਹਾ ਹੈ।
ਸ਼ਹਿਰ ਦੇ ਨਵੇਂ ਬੱਸ ਸਟੈਂਡ ਅਤੇ ਮੋਰਚੇ ਦੇ ਆਗੂਆਂ ਵੱਲੋਂ ਆਵਾਜਾਈ ਬੰਦ ਕਰਵਾਉਣ ਦੀ ਸੂਚਨਾ ਵੀ ਹੈ। ਜਿਸ ਦੌਰਾਨ ਕੁਝ ਰਾਹਗੀਰਾਂ ਵੱਲੋ ਜ਼ਬਰਦਸਤੀ ਲੰਘਣ ਨਾਲ ਕਿਹਾ ਸੁਣੀ ਵੀ ਹੋਈ। ਇਸੇ ਤਰ੍ਹਾਂ ਪਟਿਆਲਾ ਚੰਡੀਗੜ੍ਹ ਮਾਰਗ ’ਤੇ ਧਰੇੜੀਜੱਟਾ ਟੋਲ ਪਲਾਜ਼ਾ ਤੇ ਭਾਰਤੀ ਕਿਸਾਨ ਯੂਨੀਅਨ ਭੜੇੜੀਕਲਾ ਵੱਲੋ ਰੋਡ ਜਾਮ ਕਰਕੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਜਿਨ੍ਹਾਂ ਥਾਂਵਾਂ ’ਤੇ ਆਵਾਜਾਈ ਚੱਲ ਰਹੀ ਸੀ, ਹੁਣ ਮੋਰਚੇ ਦੇ ਸਮਰਥਕਾਂ ਵੱਲੋਂ ਉਨ੍ਹਾਂ ਥਾਂਵਾਂ ’ਤੇ ਜਾ ਕੇ ਸੜਕਾਂ ’ਤੇ ਪਹੁੰਚ ਕੇ ਆਵਾਜਾਈ ਵੀ ਬੰਦ ਕਰਵਾਈ ਜਾ ਰਹੀ ਹੈ।