ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਅਣਗੌਲਿਆਂ ਕਰ ਰਹੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਅਣਗੌਲਿਆਂ ਕਰ ਰਹੀ ਪੰਜਾਬ ਸਰਕਾਰ
Publish Date: Sat, 11 Jul 2026 05:14 PM (IST)
Updated Date: Sun, 12 Jul 2026 04:04 AM (IST)
ਫੋਟੋ 11ਪੀਟੀਐਲ 17 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਸ਼ਨੀਵਾਰ ਨੂੰ ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਹੋਈ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਵੱਲੋਂ ਕਰਵਾਈ ਗਈ ਇਸ ਮੀਟਿੰਗ ’ਚ ਸੰਗਰਾਮੀ ਪਰਿਵਾਰਾਂ ਨੂੰ ਮਿਲਣ ਵਾਲੀਆਂ ਸਨਮਾਨ ਸਹੂਲਤਾਂ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਅਣਦੇਖੀ ਦੇ ਮੁੱਦੇ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਤੇ ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦਫ਼ਤਰ ਵੱਲੋਂ ਦੋ ਵਾਰ ਮੀਟਿੰਗ ਦਾ ਭਰੋਸਾ ਦਿੱਤਾ ਗਿਆ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜੇ ਤੱਕ ਜਥੇਬੰਦੀ ਨਾਲ ਮੁਲਾਕਾਤ ਨਹੀਂ ਕੀਤੀ। ਆਗੂਆਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਵਿੱਚ ਲੋਕਤੰਤਰ ਦੀ ਸਥਾਪਨਾ ਹੋਈ, ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਤਾਂ ਉਨ੍ਹਾਂ ਦੇ ਨਾਮ ਦੀ ਵਰਤੋਂ ਕੀਤੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਦਿੱਤਾ। ਮੀਟਿੰਗ ਦੌਰਾਨ ਮਤਾ ਪਾਸ ਕਰਕੇ ਫੈਸਲਾ ਕੀਤਾ ਗਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਰੋਸ ਪੱਤਰ ਭੇਜੇ ਜਾਣਗੇ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ 15 ਅਗਸਤ ਤੱਕ ਮੁੱਖ ਮੰਤਰੀ ਵੱਲੋਂ ਮੀਟਿੰਗ ਲਈ ਸੱਦਾ ਨਾ ਦਿੱਤਾ ਗਿਆ ਤਾਂ ਸੁਤੰਤਰਤਾ ਸੰਗਰਾਮੀ ਪਰਿਵਾਰ ਸਰਕਾਰੀ ਸਮਾਗਮਾਂ ਅਤੇ ਆਉਣ ਵਾਲੀਆਂ ਚੋਣਾਂ ਦਾ ਬਾਈਕਾਟ ਕਰਨ ਬਾਰੇ ਫੈਸਲਾ ਲੈਣਗੇ। ਆਗੂਆਂ ਨੇ ਸੁਤੰਤਰਤਾ ਸੰਗਰਾਮੀ ਵਿਭਾਗ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਵਿਭਾਗ ਸਰਕਾਰ ਨਾਲ ਤਾਲਮੇਲ ਕਰਕੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਲਾਗੂ ਕਰਵਾਉਣ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਮੰਤਰੀ ਮੋਹਿੰਦਰ ਭਗਤ ਦੇ ਬਿਆਨਾਂ ਦੀ ਵੀ ਆਲੋਚਨਾ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ ਤੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਰਾਜ ਕੁਮਾਰ ਡਕਾਲਾ, ਅਜੇ ਖੰਨਾ, ਰਘੁਵੀਰ ਸਿੰਘ, ਅਮਰੀਕ ਗਿੱਲ, ਪਰਮਜੀਤ ਸਿੰਘ, ਹਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਹਾਜ਼ਰ ਸਨ।