PCS Mains ਨਤੀਜਿਆਂ 'ਚ ਧਾਂਦਲੀ ਦੇ ਦੋਸ਼, ਉਮੀਦਵਾਰਾਂ ਵੱਲੋਂ PPSC ਦਫ਼ਤਰ ਅੱਗੇ ਧਰਨਾ ਤੇ ਨਾਅਰੇਬਾਜ਼ੀ ਮੁੱਖ ਗੇਟ ਬੰਦ ਹੋਣ ਕਾਰਨ ਦਫ਼ਤਰ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਆਵਾਜਾਈ ਵਿੱਚ ਵਿਘਨ ਪਿਆ। ਸਥਿਤੀ ਨੂੰ ਦੇਖਦਿਆਂ ਮੌਕੇ 'ਤੇ ਪੁਲਿਸ ਪ੍ਰਸ਼ਾਸਨ ਤਾਇਨਾਤ ਕੀਤਾ ਗਿਆ। ਅਧਿਕਾਰੀਆਂ ਨੇ ਉਮੀਦਵਾਰਾਂ ਨੂੰ ਸ਼ਾਂਤ ਕਰਵਾਉਣ ਅਤੇ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਵਿਦਿਆਰਥੀ ਠੋਸ ਭਰੋਸਾ ਮਿਲਣ ਤੱਕ ਧਰਨਾ ਜਾਰੀ ਰੱਖਣ ਦੀ ਜ਼ਿੱਦ 'ਤੇ ਅੜੇ ਰਹੇ।
Publish Date: Tue, 10 Nov 2026 11:55 AM (IST)
Updated Date: Tue, 10 Nov 2026 11:58 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ: ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐੱਸ.) ਮੇਨਜ਼ ਪ੍ਰੀਖਿਆ ਦੇ ਨਤੀਜਿਆਂ ਵਿੱਚ ਕਥਿਤ ਧਾਂਦਲੀ ਅਤੇ ਬੇਨਿਯਮੀਆਂ ਦੇ ਗੰਭੀਰ ਦੋਸ਼ ਲਾਉਂਦਿਆਂ ਮੰਗਲਵਾਰ ਨੂੰ ਪ੍ਰੀਖਿਆਰਥੀਆਂ ਵੱਲੋਂ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਦੇ ਮੁੱਖ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁੱਸੇ ਵਿੱਚ ਆਏ ਉਮੀਦਵਾਰਾਂ ਨੇ ਕਮਿਸ਼ਨ ਦੇ ਮੁੱਖ ਗੇਟ ਅੱਗੇ ਦਰੀਆਂ ਵਿਛਾ ਕੇ ਧਰਨਾ ਦਿੱਤਾ ਅਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀ ਉਮੀਦਵਾਰਾਂ ਦਾ ਦੋਸ਼ ਹੈ ਕਿ ਹਾਲ ਹੀ ਵਿੱਚ ਐਲਾਨੇ ਗਏ ਮੇਨਜ਼ ਪ੍ਰੀਖਿਆ ਦੇ ਨਤੀਜਿਆਂ ਵਿੱਚ ਪਾਰਦਰਸ਼ਤਾ ਦੀ ਭਾਰੀ ਘਾਟ ਰਹੀ ਹੈ। ਉਨ੍ਹਾਂ ਮੁਤਾਬਕ ਯੋਗ ਅਤੇ ਮਿਹਨਤੀ ਉਮੀਦਵਾਰਾਂ ਨੂੰ ਅਣਗੌਲਿਆ ਕਰਕੇ ਮੁੱਲਾਂਕਣ ਪ੍ਰਕਿਰਿਆ ਵਿੱਚ ਗੜਬੜੀ ਕੀਤੀ ਗਈ ਹੈ। ਉਮੀਦਵਾਰਾਂ ਨੇ ਮੰਗ ਕੀਤੀ ਕਿ ਪ੍ਰੀਖਿਆ ਦੀਆਂ ਉੱਤਰ-ਕਾਪੀਆਂ ਦੀ ਮੁੜ ਜਾਂਚ (ਰੀ-ਇਵੈਲੂਏਸ਼ਨ) ਕਰਵਾਈ ਜਾਵੇ, ਕੱਟ-ਆਫ਼ ਅੰਕ ਅਤੇ ਵਿਸਥਾਰਿਤ ਮਾਰਕਸ਼ੀਟਾਂ ਜਨਤਕ ਕੀਤੀਆਂ ਜਾਣ, ਤਾਂ ਜੋ ਹਰ ਵਿਦਿਆਰਥੀ ਦੇ ਸਾਹਮਣੇ ਸੱਚਾਈ ਆ ਸਕੇ।
ਮੁੱਖ ਗੇਟ ਬੰਦ ਹੋਣ ਕਾਰਨ ਦਫ਼ਤਰ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਆਵਾਜਾਈ ਵਿੱਚ ਵਿਘਨ ਪਿਆ। ਸਥਿਤੀ ਨੂੰ ਦੇਖਦਿਆਂ ਮੌਕੇ 'ਤੇ ਪੁਲਿਸ ਪ੍ਰਸ਼ਾਸਨ ਤਾਇਨਾਤ ਕੀਤਾ ਗਿਆ। ਅਧਿਕਾਰੀਆਂ ਨੇ ਉਮੀਦਵਾਰਾਂ ਨੂੰ ਸ਼ਾਂਤ ਕਰਵਾਉਣ ਅਤੇ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਵਿਦਿਆਰਥੀ ਠੋਸ ਭਰੋਸਾ ਮਿਲਣ ਤੱਕ ਧਰਨਾ ਜਾਰੀ ਰੱਖਣ ਦੀ ਜ਼ਿੱਦ 'ਤੇ ਅੜੇ ਰਹੇ।
ਉਮੀਦਵਾਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਮਿਸ਼ਨ ਨੇ ਉਨ੍ਹਾਂ ਦੇ ਇਤਰਾਜ਼ਾਂ ਦੀ ਸੁਣਵਾਈ ਕਰਦਿਆਂ ਉੱਚ ਪੱਧਰੀ ਜਾਂਚ ਨਾ ਕਰਵਾਈ, ਤਾਂ ਉਹ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਅਦਾਲਤ ਦਾ ਬੂਹਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਖ਼ਬਰ ਲਿਖੇ ਜਾਣ ਤੱਕ ਅੱਜ ਦੇ ਪੀ.ਪੀ.ਐੱਸ.ਸੀ. ਵੱਲੋਂ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਸੀ।