ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ
Publish Date: Mon, 16 Feb 2026 06:05 PM (IST)
Updated Date: Mon, 16 Feb 2026 06:09 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਪਬਲਿਕ ਕਾਲਜ ਸਮਾਣਾ ਦੇ ਵਿਦਿਆਰਥੀਆਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਕਾਲਜ ਨੂੰ ਸਰਕਾਰੀ ਕਰਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਯੂਨੀਅਨ ਦੇ ਸੂਬਾ ਆਗੂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਮਾਣਾ ਸਬ-ਡਵੀਜ਼ਨ ਵਿਚ ਸਰਕਾਰੀ ਕਾਲਜ ਨਾ ਹੋਣ ਕਾਰਨ ਗਰੀਬ ਵਿਦਿਆਰਥੀ ਮਹਿੰਗੀ ਸਿੱਖਿਆ ਦੀ ਮਾਰ ਝੱਲ ਰਹੇ ਹਨ। ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਰਚਾ ਵੰਡਿਆ ਜਾਵੇਗਾ ਤੇ ਇਕ ਵਿਆਪਕ ਦਸਤਖਤ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਜਾਣਗੇ। ਇਸ ਪੜਾਅ ਪੂਰਾ ਹੋਣ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਨਵੀਂ ਸਿੱਖਿਆ ਨੀਤੀ-2020 ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਵਿੱਦਿਅਕ ਸੰਸਥਾਵਾਂ ਦਾ ਨਿੱਜੀਕਰਨ ਕਰਕੇ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਬਲਿਕ ਕਾਲਜ ਦੀ ਫੀਸ ਸਰਕਾਰੀ ਕਾਲਜਾਂ ਨਾਲੋਂ ਕਈ ਗੁਣਾ ਜ਼ਿਆਦਾ ਹੈ, ਜੋ ਕਿ ਵਿਦਿਆਰਥੀਆਂ ਦੀ ਆਰਥਿਕ ਲੁੱਟ ਹੈ। ਇਸ ਮੌਕੇ ਪਟਿਆਲਾ ਇਕਾਈ ਦੇ ਆਗੂ ਸੰਜੂ, ਹਰਕੀਰਤ ਕੌਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਵਿਦਿਆਰਥੀਆਂ ਨੂੰ ਇਸ ਇਨਕਲਾਬੀ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਸਾਥ ਦੇਣ ਦੀ ਅਪੀਲ ਕੀਤੀ।