ਆਸਰਾ ਕਾਲਜ ’ਚ ਪੰਜਾਬੀ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਆਸਰਾ ਕਾਲਜ ’ਚ ਪੰਜਾਬੀ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ
Publish Date: Sun, 27 Sep 2026 06:33 PM (IST)
Updated Date: Mon, 28 Sep 2026 04:06 AM (IST)
ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹਪੂਰਵਕ ਕੀਤੀ ਸ਼ਮੂਲੀਅਤ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ ਆਸਰਾ ਕਾਲਜ ਵਿਖੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਕਾਲਜ ਦੇ ਚੇਅਰਮੈਨ ਡਾ. ਆਰਕੇ ਗੋਇਲ, ਐੱਮਡ. ਡਾ. ਕੇਸ਼ਵ ਗੋਇਲ ਅਤੇ ਕੈਂਪਸ ਡਾਇਰੈਕਟਰ ਅਰਪਿਤ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡਾਇਰੈਕਟਰ ਯੂਥ ਵੈਲਫੇਅਰ ਪ੍ਰੋ. (ਡਾ.) ਸਤੀਸ਼ ਵਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੰਜਾਬੀ ਭਾਸ਼ਾ ਨਾਲ ਸਬੰਧਤ ਕਵਿਤਾਵਾਂ, ਭਾਸ਼ਣ, ਕਵਿਤਾ ਉਚਾਰਨ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਵਿਚਾਰ-ਵਟਾਂਦਰੇ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਪੰਜਾਬੀ ਭਾਸ਼ਾ ਦੀ ਅਮੀਰੀ, ਪੰਜਾਬੀ ਸਾਹਿਤ ਦੀ ਮਹਾਨ ਪਰੰਪਰਾ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਇਆ। ਮੁੱਖ ਬੁਲਾਰੇ ਪ੍ਰੋ. (ਡਾ.) ਸਤੀਸ਼ ਵਰਮਾ ਨੇ ਕਿਹਾ ਕਿ ਮਾਂ-ਬੋਲੀ ਕੇਵਲ ਸੰਚਾਰ ਦਾ ਸਾਧਨ ਨਹੀਂ, ਸਗੋਂ ਕਿਸੇ ਵੀ ਕੌਮ ਦੀ ਪਹਿਚਾਣ, ਇਤਿਹਾਸ ਅਤੇ ਸੱਭਿਆਚਾਰ ਦੀ ਰੂਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਅਤੇ ਇਸ ਦੇ ਵਿਕਾਸ ਲਈ ਵਿਦਿਆਰਥੀਆਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਵਰਤੋਂ ਰੋਜ਼ਾਨਾ ਜੀਵਨ ਵਿੱਚ ਮਾਣ ਨਾਲ ਕਰਨ ਅਤੇ ਪੰਜਾਬੀ ਸਾਹਿਤ, ਲੋਕ-ਵਿਰਸੇ ਤੇ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦਾ ਘੇਰਾ ਪੰਜਾਬ ਦੀ ਧਰਤੀ ਤੱਕ ਸੀਮਿਤ ਨਹੀਂ ਰਿਹਾ, ਸਗੋਂ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਸਦੇ ਪੰਜਾਬੀ ਵੀ ਆਪਣੀ ਮਾਂ-ਬੋਲੀ, ਸਾਹਿਤ ਅਤੇ ਸੱਭਿਆਚਾਰ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ। ਇਸ ਮੌਕੇ ਚੇਅਰਮੈਨ ਡਾ. ਆਰਕੇ ਗੋਇਲ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੀ ਸੰਭਾਲ ਸਿਰਫ਼ ਇੱਕ ਦਿਨ ਮਨਾਉਣ ਤੱਕ ਸੀਮਿਤ ਨਹੀਂ ਰਹਿਣੀ ਚਾਹੀਦੀ। ਹਰ ਪੰਜਾਬੀ ਨੂੰ ਰੋਜ਼ਾਨਾ ਜੀਵਨ ਵਿੱਚ ਮਾਂ-ਬੋਲੀ ਦਾ ਸਤਿਕਾਰ ਕਰਦਿਆਂ ਇਸ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਬੋਲੀ ਸਾਡੀ ਪਹਿਚਾਣ ਹੈ ਅਤੇ ਇਸ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ ਹੈ।ਸਮਾਗਮ ਦੇ ਅੰਤ ਵਿੱਚ ਵੱਖ-ਵੱਖ ਪੇਸ਼ਕਾਰੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਪ੍ਰਬੰਧਕਾਂ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੋ. ਵਿਕਾਸ ਗੋਇਲ, ਡਾ. ਮੁਨੀਸ਼ ਗੋਇਲ, ਡਾ. ਰਿਤੂ ਚੋਪੜਾ, ਅੰਜੂ ਖੋਸਲਾ ਹਾਜ਼ਰ ਸਨ।