ਪੀਯੂ ਵਿਖੇ ਭਾਸ਼ਣ ਕਰਵਾਇਆ
ਪੀਯੂ ਵਿਖੇ ਭਾਸ਼ਣ ਕਰਵਾਇਆ ਗਿਆ
Publish Date: Wed, 19 Nov 2025 06:15 PM (IST)
Updated Date: Wed, 19 Nov 2025 06:16 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਖੇ ਸਥਾਪਿਤ ਗੁਰੂ ਰਵਿਦਾਸ ਚੇਅਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ‘ਗੁਰੂ ਰਵਿਦਾਸ ਜੀ ਦੀ ਬਾਣੀ ਵਿਚ ਮਨੁੱਖੀ ਅਧਿਕਾਰ’ ਵਿਸ਼ੇ ’ਤੇ ਇਹ ਭਾਸ਼ਣ ਡਾ. ਜਗਰੂਪ ਕੌਰ ਸਾਬਕਾ ਡੀਨ, ਸੋਸ਼ਲ ਸਾਇੰਸਜ਼, ਪੰਜਾਬੀ ਯੂਨੀਵਰਸਿਟੀ ਨੇ ਦਿੱਤਾ। ਇਸ ਮੌਕੇ ਡੀਨ, ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਵਾਗਤੀ ਭਾਸ਼ਣ ਵਿਭਾਗ ਮੁਖੀ ਅਤੇ ਚੇਅਰ ਦੇ ਇੰਚਾਰਜ ਡਾ. ਤੇਜਿੰਦਰ ਕੌਰ ਧਾਲੀਵਾਲ ਵੱਲੋਂ ਦਿੱਤਾ ਗਿਆ। ਡਾ. ਜਸਵਿੰਦਰ ਸਿੰਘ ਬਰਾੜ ਵੱਲੋਂ ਆਪਣੇ ਭਾਸ਼ਣ ਵਿਚ ਗੁਰੂ ਰਵਿਦਾਸ ਜੀ ਦੀ ਬਾਣੀ ਵਿਚ ਮਨੁੱਖੀ ਅਧਿਕਾਰਾਂ ਦੇ ਵਿਸ਼ੇ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਗਿਆ। ਡਾ. ਜਗਰੂਪ ਕੌਰ ਵੱਲੋਂ ਆਪਣੇ ਭਾਸ਼ਣ ਰਾਹੀਂ ਗੁਰੂ ਰਵਿਦਾਸ ਜੀ ਦੀ ਬਾਣੀ ਨਾਲ ਮਨੁੱਖੀ ਅਧਿਕਾਰਾਂ ਦਾ ਵਿਸ਼ੇਸ਼ ਸਬੰਧ ਦਰਸਾਇਆ ਗਿਆ। ਹੋਰਨਾਂ ਬੁਲਾਰਿਆਂ ’ਚੋਂ ਡਾ. ਗੁਰਮੇਲ ਸਿੰਘ ਨੇ ਇਸ ਮੌਕੇ ਬੋਲਦਿਆਂ ਮਨੁੱਖੀ ਅਧਿਕਾਰਾਂ ਸੰਬੰਧੀ ਚੇਅਰ ਵੱਲੋਂ ਇਕ ਪ੍ਰੋਜੈਕਟ ਕਰਵਾਉਣ ਦਾ ਵੀ ਸੁਝਾਅ ਦਿੱਤਾ। ਰਸਮੀ ਧੰਨਵਾਦ ਕਰਦਿਆਂ ਡਾ. ਗੁਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਦੀ ਸ਼ੁੱਧਤਾ ਨੂੰ ਕਾਇਮ ਰੱਖਿਆ ਜਾਣਾ ਜ਼ਰੂਰੀ ਹੈ। ਪ੍ਰੋਗਰਾਮ ’ਚ ਵੱਖ-ਵੱਖ ਵਿਭਾਗਾਂ ਤੋਂ ਡਾ. ਮਲਕਿੰਦਰ ਕੌਰ, ਡਾ. ਜਸਪ੍ਰੀਤ ਕੌਰ ਸੰਧੂ, ਡਾ. ਪਰਮਵੀਰ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਅਬਨੀਸ਼ ਕੌਰ ਅਤੇ ਵੱਡੀ ਗਿਣਤੀ ਵਿਚ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।