- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸੋਸੀਏਸ਼ਨ ਵੱਲੋਂ ਮੁੱਖ ਤੌਰ ’ਤੇ ਦੋ ਮੰਗਾਂ ਰੱਖੀਆਂ ਗਈਆਂ ਹਨ। ਪਹਿਲੀ ਮੰਗ ਮਾਨਯੋਗ ਹਾਈਕੋਰਟ ਵੱਲੋਂ ਰਾਜਨ ਗੋਇਲ ਕੇਸ ਵਿੱਚ ਦਿੱਤੇ ਫ਼ੈਸਲੇ ਨੂੰ ਲਾਗੂ ਕਰਨ ਦੀ ਹੈ। ਦੂਜੀ ਮੰਗ ਯੂਜੀਸੀ ਦੀਆਂ ਤਨਖ਼ਾਹ ਸਕੇਲ ਸਬੰਧੀ ਹਦਾਇਤਾਂ ਨੂੰ ਕੰਟਰੈਕਟ ਅਧਿਆਪਕਾਂ ’ਤੇ ਲਾਗੂ ਕਰਨ ਦੀ ਹੈ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ। ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਐਸੋਸੀਏਸ਼ਨ ਵੱਲੋਂ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ਬੁੱਧਵਾਰ, 9 ਸਤੰਬਰ ਨੂੰ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਸੰਸਥਾਵਾਂ ਵਿੱਚ ਮੁਕੰਮਲ ਬੰਦ ਦਾ ਸੱਦਾ ਦਿੱਤਾ ਗਿਆ।
ਇਸ ਬੰਦ ਤਹਿਤ 13 ਕਾਂਸਟੀਚੂਐਂਟ ਕਾਲਜ, 5 ਨੇਬਰਹੁੱਡ ਕੈਂਪਸ ਅਤੇ 4 ਰੀਜਨਲ ਸੈਂਟਰ ਸ਼ਾਮਲ ਰਹੇ। ਇਸ ਦੌਰਾਨ ਪਟਿਆਲਾ, ਬਰਨਾਲਾ, ਫਤਹਿਗੜ੍ਹ ਸਾਹਿਬ, ਸੰਗਰੂਰ, ਬਠਿੰਡਾ, ਮਲੇਰਕੋਟਲਾ, ਮਾਨਸਾ, ਫਰੀਦਕੋਟ, ਮੋਹਾਲੀ ਅਤੇ ਰੂਪਨਗਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਥਿਤ ਪੰਜਾਬੀ ਯੂਨੀਵਰਸਿਟੀ ਦੀਆਂ ਸੰਸਥਾਵਾਂ ਵਿੱਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ।
ਐਸੋਸੀਏਸ਼ਨ ਵੱਲੋਂ ਮੁੱਖ ਤੌਰ ’ਤੇ ਦੋ ਮੰਗਾਂ ਰੱਖੀਆਂ ਗਈਆਂ ਹਨ। ਪਹਿਲੀ ਮੰਗ ਮਾਨਯੋਗ ਹਾਈਕੋਰਟ ਵੱਲੋਂ ਰਾਜਨ ਗੋਇਲ ਕੇਸ ਵਿੱਚ ਦਿੱਤੇ ਫ਼ੈਸਲੇ ਨੂੰ ਲਾਗੂ ਕਰਨ ਦੀ ਹੈ। ਦੂਜੀ ਮੰਗ ਯੂਜੀਸੀ ਦੀਆਂ ਤਨਖ਼ਾਹ ਸਕੇਲ ਸਬੰਧੀ ਹਦਾਇਤਾਂ ਨੂੰ ਕੰਟਰੈਕਟ ਅਧਿਆਪਕਾਂ ’ਤੇ ਲਾਗੂ ਕਰਨ ਦੀ ਹੈ।
ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਮਨਪ੍ਰੀਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਅਧਿਕਾਰੀ ਖੁਦ ਮੰਨਦੇ ਹਨ ਕਿ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਜਾਇਜ਼ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਅਸਮਰੱਥਤਾ ਪ੍ਰਗਟਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਧਿਕਾਰੀ ਮੰਗਾਂ ਨੂੰ ਜਾਇਜ਼ ਮੰਨਦੇ ਹਨ ਤਾਂ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਹੋਰ ਦੇਰੀ ਨਹੀਂ ਕੀਤੀ ਜਾਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਅੱਜ ਪੰਜਾਬੀ ਯੂਨੀਵਰਸਿਟੀ ਅਧੀਨ ਆਉਣ ਵਾਲੀਆਂ ਸਾਰੀਆਂ ਸੰਸਥਾਵਾਂ ਵਿੱਚ ਬੰਦ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੰਘਰਸ਼ ਨੂੰ ਰੈਗੂਲਰ ਅਧਿਆਪਕਾਂ ਵੱਲੋਂ ਵੀ ਸਮਰਥਨ ਮਿਲ ਰਿਹਾ ਹੈ ਅਤੇ ਉਹ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਦੇ ਹੱਕ ਵਿੱਚ ਖੜ੍ਹੇ ਹਨ।
ਐਸੋਸੀਏਸ਼ਨ ਦੀ ਪ੍ਰਧਾਨ ਡਾ. ਤਰਨਜੀਤ ਕੌਰ ਨੇ ਵੀ ਮਾਨਯੋਗ ਹਾਈਕੋਰਟ ਦੇ ਫ਼ੈਸਲੇ ਅਤੇ ਯੂਜੀਸੀ ਦੀਆਂ ਤਨਖ਼ਾਹ ਸਬੰਧੀ ਹਦਾਇਤਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੰਟਰੈਕਟ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਅਕਾਦਮਿਕ ਅਤੇ ਸੰਸਥਾਗਤ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ ਅਤੇ ਉਨ੍ਹਾਂ ਦੇ ਕਾਨੂੰਨੀ ਤੇ ਜਾਇਜ਼ ਹੱਕਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਹਾਈਕੋਰਟ ਦੇ ਫ਼ੈਸਲੇ ਅਤੇ ਯੂਜੀਸੀ ਦੀਆਂ ਤਨਖ਼ਾਹ ਸਕੇਲ ਸਬੰਧੀ ਹਦਾਇਤਾਂ ਨੂੰ ਲਾਗੂ ਕਰਨ ਲਈ ਠੋਸ ਕਦਮ ਚੁੱਕੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ।