ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ : ਡਾ. ਬਲਬੀਰ ਸਿੰਘ
ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਡਾ. ਬਲਬੀਰ ਸਿੰਘ
Publish Date: Tue, 24 Mar 2026 05:26 PM (IST)
Updated Date: Tue, 24 Mar 2026 05:28 PM (IST)

ਪੱਤਰ, ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਆਈਸੀਐੱਸਐੱਸਆਰ- ਐੱਨਡਬਲਿਊਆਰਸੀ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸਪਾਂਸਰਸ਼ਿਪ ਨਾਲ ਕਰਵਾਏ ਜਾ ਰਹੇ ਸੈਮੀਨਾਰ ਦਾ ਵਿਸ਼ਾ ਸ਼ਹੀਦ ਊਧਮ ਸਿੰਘ: ਜੀਵਨ ਅਤੇ ਭਾਰਤ ਦੀ ਆਜ਼ਾਦੀ ਦੀ ਲਹਿਰ ਵਿਚ ਉਨ੍ਹਾਂ ਦਾ ਯੋਗਦਾਨ ਹੈ। ਸੈਮੀਨਾਰ ਦੇ ਉਦਘਾਟਨੀ ਸੈਸ਼ਨ ਵਿਚ ਪੰਜਾਬ ਸਰਕਾਰ ਤੋਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਜਗਦੀਪ ਕੰਬੋਜ ਗੋਲਡੀ, ਵਿਧਾਇਕ (ਜਲਾਲਾਬਾਦ), ਅਤੇ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਮਾਲੇਰਕੋਟਲਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਿਰ ਹੋਏ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਇਤਿਹਾਸ ਵਿਭਾਗ ਤੋਂ ਪ੍ਰੋਫ਼ੈਸਰ ਅੰਜੂ ਸੂਰੀ ਵੱਲੋਂ ਮੁੱਖ-ਸੁਰ ਭਾਸ਼ਣ ਦਿੱਤਾ ਗਿਆ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹੀਦ ਦੀ ਦੇਸ਼ਭਗਤੀ ਨੂੰ ਪ੍ਰਣਾਮ ਕਰਦਿਆਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਮੁਹੰਮਦ ਜਮੀਲ ਉਰ ਰਹਿਮਾਨ ਨੇ ਸ਼ਹੀਦ ਊਧਮ ਸਿੰਘ ਦੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਵਾਲੇ ਅਟੱਲ ਵਿਸ਼ਵਾਸ ਦੀ ਸ਼ਲਾਘਾ ਕੀਤੀ। ਪ੍ਰੋਫ਼ੈਸਰ ਅੰਜੂ ਸੂਰੀ ਨੇ ਇਤਿਹਾਸਕ ਦਸਤਾਵੇਜ਼ਾਂ ਦੇ ਹਵਾਲੇ ਨਾਲ ਭਾਰਤੀ ਆਜ਼ਾਦੀ ਸੰਗਰਾਮ ਵਿੱਚ ਸ਼ਹੀਦ ਊਧਮ ਸਿੰਘ ਦੀ ਅੰਤਰ-ਰਾਸ਼ਟਰੀ ਪੱਧਰ ਤੇ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਸ਼ਹੀਦ ਊਧਮ ਸਿੰਘ ਚੇਅਰ ਦੇ ਇੰਚਾਰਜ ਪ੍ਰੋਫੈਸਰ ਮੁਹੰਮਦ ਇਦਰੀਸ ਨੇ ਸਾਰੇ ਡੈਲੀਗੇਟਾਂ ਦਾ ਨਿੱਘਾ ਸਵਾਗਤ ਕੀਤਾ। ਉਦਘਾਟਨੀ ਭਾਸ਼ਣ ਪ੍ਰੋਫੈਸਰ ਜਿਗਰ ਮੁਹੰਮਦ, ਸਾਬਕਾ ਪ੍ਰੋਫੈਸਰ, ਇਤਿਹਾਸ ਵਿਭਾਗ, ਜੰਮੂ ਯੂਨੀਵਰਸਿਟੀ ਦੁਆਰਾ ਪੇਸ਼ ਕੀਤਾ ਗਿਆ। ਸ਼ੈਸ਼ਨ ਦੇ ਅੰਤ ਵਿੱਚ ਪ੍ਰੋਫੈਸਰ ਜਸਵਿੰਦਰ ਸਿੰਘ ਬਰਾੜ, ਡੀਨ ਅਕਾਦਮਿਕ ਮਾਮਲੇ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਦਾ ਸੰਚਾਲਨ ਡਾ. ਕਰਮਜੀਤ ਕੌਰ ਮਲਹੋਤਰਾ ਦੁਆਰਾ ਕੀਤਾ ਗਿਆ। ਇਸ ਉਪਰੰਤ ਹੋਏ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਪ੍ਰੋਫੈਸਰ ਸੁਖਮਨੀ ਬਲ ਰਿਆੜ, ਸਾਬਕਾ ਪ੍ਰੋਫੈਸਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਕੀਤੀ ਅਤੇ ਡਾ. ਬਲਵਿੰਦਰਜੀਤ ਕੌਰ ਭੱਟੀ, ਸਾਬਕਾ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਸਹਿ-ਪ੍ਰਧਾਨਗੀ ਕੀਤੀ। ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਡੈਲੀਗੇਟਾਂ ਨੇ ਸੈਮੀਨਾਰ ਵਿਚ ਸਰਗਰਮੀ ਨਾਲ ਹਿੱਸਾ ਲਿਆ।