ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜ਼ੋਰਾਂ 'ਤੇ
ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ 'ਤੇ
Publish Date: Fri, 03 Apr 2026 06:53 PM (IST)
Updated Date: Fri, 03 Apr 2026 06:55 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ 9 ਅਪ੍ਰੈਲ, 2026 ਨੂੰ ਹੋਣ ਜਾ ਰਹੀ 41ਵੀਂ ਕਾਨਵੋਕੇਸ਼ਨ ਦੀਆਂ ਤਿਆਰੀਆਂ ਜ਼ੋਰਾਂ ਤੇ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਗਠਿਤ ਵੱਖ-ਵੱਖ ਕਮੇਟੀਆਂ ਆਪੋ ਆਪਣੇ ਹਿੱਸੇ ਦੇ ਕਾਰਜ ਮੁਕੰਮਲ ਕਰਨ ਵਿਚ ਲੱਗੀਆਂ ਹੋਈਆਂ ਹਨ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਪੰਜਾਬੀ ਯੂਨੀਵਰਸਿਟੀ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਹੋਣਗੇ। ਜ਼ਿਕਰਯੋਗ ਹੈ ਕਿ ਡਾ. ਜਗਦੀਪ ਸਿੰਘ ਵੱਲੋਂ ਉਪ-ਕੁਲਪਤੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਪਹਿਲੀ ਕਾਨਵੋਕੇਸ਼ਨ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਸੈਸ਼ਨ 2022-23 ਅਤੇ ਸੈਸ਼ਨ 2023-24 ਦੇ 725 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਮੈਡਲ ਪ੍ਰਦਾਨ ਕੀਤੇ ਜਾਣਗੇ। ਇਸ ਗਿਣਤੀ ਵਿਚ 457 ਡਾਕਟਰੇਟ ਡਿਗਰੀਆਂ ਸ਼ਾਮਿਲ ਹਨ। ਜਦ ਕਿ 179 ਪੋਸਟ ਗ੍ਰੈਜੂਏਟ ਅਤੇ ਪੇਸ਼ੇਵਰ ਕੋਰਸਾਂ ਦੇ ਵਿਦਿਆਰਥੀ ਅਤੇ 86 ਅੰਡਰ ਗ੍ਰੈਜੂਏਟ ਕੋਰਸਾਂ ਦੇ ਟੌਪਰ ਵਿਦਿਆਰਥੀਆਂ ਨੂੰ ਮਿਲਣ ਵਾਲ਼ੇ ਵਿਦਿਆਰਥੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਇਹ ਇਕ ਇਤਿਹਾਸਕ ਮੌਕਾ ਹੁੰਦਾ ਹੈ ਜਿੱਥੇ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਸਭਿਆਚਾਰ ਦੀ ਪ੍ਰਤੀਨਿਧਤਾ ਵਾਲ਼ੇ ਵਸਤਰ ਬਣਵਾਏ ਗਏ ਹਨ। ਕੰਟਰੋਲਰ ਪ੍ਰੀਖਿਆਵਾਂ ਡਾ. ਮਨੀਸ਼ ਕਪੂਰ ਨੇ ਦੱਸਿਆ ਕਿ ਕਾਨਵੋਕੇਸ਼ਨ ਲਈ ਲਾਜ਼ਮੀ ਰਿਹਰਸਲ 8 ਅਪ੍ਰੈਲ ਨੂੰ ਦੁਪਹਿਰ 12 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਦੇ ਸ਼੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਰੈਗੂਲਰ ਉਮੀਦਵਾਰਾਂ ਨੂੰ ਉਨ੍ਹਾਂ ਦੀਆਂ ਸੰਸਥਾਵਾਂ ਅਤੇ ਵਿਭਾਗਾਂ ਰਾਹੀਂ ਅਤੇ ਪ੍ਰਾਈਵੇਟ ਉਮੀਦਵਾਰਾਂ ਨੂੰ ਸਿੱਧੇ ਤੌਰ ਤੇ ਸੱਦਾ-ਪੱਤਰ ਭੇਜ ਦਿੱਤੇ ਗਏ ਹਨ।