ਪੰਜਾਬੀ ਜਾਗਰਣ ਪ੍ਰਤੀਨਿਧੀ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਦਾ ਵਿੱਤੀ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ ਜਿਸਦੇ ਚਲਦਿਆਂ 19 ਦਿਨ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਨਹੀਂ ਹੋ ਸਕੀਆਂ ਹਨ। ਤਨਖ਼ਾਹਾਂ ਜਾਰੀ ਨਾ ਹੋਣ ਤੋਂ ਭੜਕੇ ਮੁਲਾਜ਼ਮਾਂ ਨੇ ਰਜਿਸਟਰਾਰ ਦਫ਼ਤਰ ਦਾ ਘਿਰਾਓ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਤਨਖਾਹਾਂ ਜਾਰੀ ਨਾ ਹੋਣ ਕਾਰਨ ਮੁਲਾਜ਼ਮਾਂ ਨੂੰ ਆਰਥਿਕ ਤੌਰ 'ਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਪ੍ਰਦਰਸ਼ਨ ਕਰ ਰਹੇ ਬੀ ਕਲਾਸ ਐਸੋਸੀਏਸ਼ਨ ਦੇ ਪ੍ਰਧਾਨ ਸ਼ਪਿੰਦਰ ਸਿੰਘ, ਦੇਵਰਿਸ਼ੀ ਹਾਂਡਾ, ਮਨੋਜ ਭਾਬਰੀ, ਰਾਜਿੰਦਰ ਕੁਮਾਰ, ਰਾਜੇਸ਼ ਕੁਮਾਰ ਆਦਿ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਪੰਜ ਤਰੀਕ ਤੋਂ ਪਹਿਲਾਂ ਤਨਖ਼ਾਹਾਂ ਦੇਣ ਦੀ ਮੰਗ ਕਰਦੇ ਆ ਰਹੇ ਹਨ, ਪ੍ਰੰਤੂ ਹਰ ਵਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਰੀ ਨਾਲ ਜਾਰੀ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਤਨਖਾਹਾਂ ਦੀ ਮੰਗ ਨੂੰ ਲੈ ਕੇ ਉਹ ਪਹਿਲਾਂ ਵੀ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ ਪ੍ਰੰਤੂ ਹਾਲੇ ਤਕ ਉਨ੍ਹਾਂ ਵੱਲੋਂ ਭਰੋਸੇ ਤੋਂ ਸਿਵਾ ਕੁਝ ਵੀ ਨਹੀਂ ਦਿੱਤਾ ਗਿਆ ਹੈ। ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਇਹ ਧਰਨਾ ਲਾਇਆ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਰਸਿਟੀ ਨੂੰ ਕਰਜ਼ੇ 'ਚੋਂ ਕੱਢਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਤਾਂ ਕਿ ਮੁਲਾਜ਼ਮਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।