- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਯੂ ਦੀ 63ਵੀਂ ਸਾਲਾਨਾ ਐਥਲੈਟਿਕਸ ਮੀਟ ਸ਼ੁਰੂ, 130 ਕਾਲਜਾਂ ਦੇ 500 ਖਿਡਾਰੀ ਲੈਣਗੇ ਭਾਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਕਰਵਾਈ ਜਾ ਰਹੀ 63ਵੀਂ ਸਾਲਾਨਾ ਐਥਲੈਟਿਕਸ ਮੀਟ-2026 ਦਾ ਯੂਨੀਵਰਸਿਟੀ ਸਪੋਰਟਸ ਕੰਪਲੈਕਸ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਤਿੰਨ ਰੋਜ਼ਾ ਖੇਡ ਸਮਾਗਮ ਦਾ ਉਦਘਾਟਨ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ, ਜਦਕਿ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਜਗਦੀਪ ਸਿੰਘ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਹ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਐਥਲੈਟਿਕਸ ਮੀਟ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਅਹਿਮ ਮੰਚ ਪ੍ਰਦਾਨ ਕਰੇਗੀ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਅਤੇ ਇਮਾਨਦਾਰੀ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਪੈਰਾ ਏਸ਼ੀਅਨ ਚੈਂਪੀਅਨਸ਼ਿਪ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ ਅਤੇ ਚਾਂਦੀ ਦੇ ਤਮਗੇ ਜਿੱਤਣ ਵਾਲੇ ਯੂਨੀਵਰਸਿਟੀ ਦੇ ਨਾਮਵਰ ਤੀਰਅੰਦਾਜ਼ਾਂ ਸ਼ੀਤਲ ਦੇਵੀ (ਅਰਜੁਨ ਐਵਾਰਡੀ), ਹਰਵਿੰਦਰ ਸਿੰਘ (ਪਦਮ ਸ਼੍ਰੀ ਅਤੇ ਅਰਜੁਨ ਐਵਾਰਡੀ) ਅਤੇ ਪੂਜਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਧਾਇਕ ਗੁਰਲਾਲ ਸਿੰਘ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਸੁਰਿੰਦਰ ਸਿੰਘ ਰੰਧਾਵਾ ਤੇ ਗੌਰਵ ਸ਼ਰਮਾ ਨੂੰ ਵਧਾਈ ਦਿੱਤੀ। ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਨੇ ਦੱਸਿਆ ਕਿ ਮੀਟ ਵਿੱਚ ਯੂਨੀਵਰਸਿਟੀ ਨਾਲ ਸਬੰਧਤ 130 ਕਾਲਜਾਂ ਦੇ ਲਗਭਗ 500 ਖਿਡਾਰੀ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਇਸ ਮੌਕੇ ਦਰੋਣਾਚਾਰੀਆ ਐਵਾਰਡੀ ਜੀਵਨਜੋਤ ਸਿੰਘ ਤੇਜਾ ਸਮੇਤ ਯੂਨੀਵਰਸਿਟੀ ਦੇ ਅਧਿਕਾਰੀ, ਪ੍ਰੋਫੈਸਰ ਅਤੇ ਖੇਡ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।