ਹਰਿੰਦਰ ਸ਼ਾਰਦਾ, ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੋਮਵਾਰ ਤੜਕਸਾਰ ਕਿਸਾਨਾਂ ਵਲੋਂ ਪਟਿਆਲਾ ਰੇਲਵੇ ਸਟੇਸ਼ਨ ਦੇ ਰੇਲਵੇ ਟ੍ਰੈਕਾਂ ’ਤੇ ਧਰਨਾ ਲਗਾ ਕੇ ਰੇਲਾਂ ਰੋਕ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਤੇ ਯੂਪੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਓਧਰ ਦੂਜੇ ਪਾਸੇ ਰੇਲ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀ ਕਿਸਾਨਾ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਤੇ ਤਿੰਨੋ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਂਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ।

ਗੁਰਚਰਨ ਸਿੰਘ ਪ੍ਰੋਹੜ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦਿੱਲੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ 18 ਅਕਤੂਬਰ ਨੂੰ ਪਟਿਆਲਾ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਪ੍ਰੋਗਰਾਮ ਬਣਾਇਆ ਗਿਆ ਸੀ। ਇਹ ਐਕਸ਼ਨ ਲਖ਼ੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦੇਣ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਕਿਸਾਨਾ ਵਲੋਂ ਸਵੇਰੇ 10 ਵਜੇ ਤੋਂ ਸ਼ਾਮ ਚਾਰ ਵਜੇ ਤਕ ਕੀਤਾ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਕਮੇਟੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ। ਉਨ੍ਹਾਂ ਆਮ ਲੋਕਾਂ ਨੂੰ ਵੀ ਇਸ ਪ੍ਰੋਗਰਾਮ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤਕ ਕੇਂਦਰ ਸਰਕਾਰ ਵਲੋਂ ਤਿੰਨੋ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤਕ ਉਨ੍ਹਾਂ ਵਲੋਂ ਪ੍ਰਦਰਸ਼ਨ ਜਾਰੀ ਰਹਿਣਗੇ।

Posted By: Seema Anand