ਪਟਿਆਲਾ ਵਿੱਚ ਟਾਵਰ ਤੇ ਚੜ੍ਹੇ ਨੌਜਵਾਨਾਂ ਨੂੰ ਮਿਲਣ ਪੁੱਜੇ ਰਾਜਾ ਵੜਿੰਗ; ਕਿਹਾ– ‘ਆਪ’ ਸਰਕਾਰ ਦਾ ਰੁਜ਼ਗਾਰ ਦਾ ਮੁਖੌਟਾ ਉੱਤਰਿਆ
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਟਾਵਰ ’ਤੇ ਚੜ੍ਹੇ ਅਤੇ ਧਰਨੇ ’ਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਦੇ ਸੰਘਰਸ਼ ਨੂੰ ਉਸ ਵੇਲੇ ਵੱਡਾ ਸਿਆਸੀ ਸਮਰਥਨ ਮਿਲਿਆ, ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇਰ ਰਾਤ ਉਚੇਚੇ ਤੌਰ ’ਤੇ ਨੌਜਵਾਨਾਂ ਨਾਲ ਮੁਲਾਕਾਤ ਕਰਨ ਲਈ ਪਟਿਆਲਾ ਪੁੱਜੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀ ਨੌਜਵਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ।
Publish Date: Tue, 09 Jun 2026 10:34 PM (IST)
Updated Date: Tue, 09 Jun 2026 10:37 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਟਾਵਰ ’ਤੇ ਚੜ੍ਹੇ ਅਤੇ ਧਰਨੇ ’ਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਦੇ ਸੰਘਰਸ਼ ਨੂੰ ਉਸ ਵੇਲੇ ਵੱਡਾ ਸਿਆਸੀ ਸਮਰਥਨ ਮਿਲਿਆ, ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇਰ ਰਾਤ ਉਚੇਚੇ ਤੌਰ ’ਤੇ ਨੌਜਵਾਨਾਂ ਨਾਲ ਮੁਲਾਕਾਤ ਕਰਨ ਲਈ ਪਟਿਆਲਾ ਪੁੱਜੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀ ਨੌਜਵਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ।
ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਜੋ ਵੱਡੇ-ਵੱਡੇ ਝੂਠੇ ਦਾਅਵੇ ਕੀਤੇ ਜਾ ਰਹੇ ਸਨ, ਉਨ੍ਹਾਂ ਦੀ ਅਸਲ ਸੱਚਾਈ ਅੱਜ ਸਭ ਦੇ ਸਾਹਮਣੇ ਆ ਕੇ ਜੱਗ ਜਾਹਰ ਹੋ ਚੁੱਕੀ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਆਪਣੇ ਹੱਕਾਂ ਲਈ ਲੜ ਰਹੇ ਪੜ੍ਹੇ-ਲਿਖੇ ਨੌਜਵਾਨਾਂ ਦੀ ਸੁਣਵਾਈ ਕਰਨ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੀ ਬਜਾਇ ਮੌਜੂਦਾ ਸਰਕਾਰ ਵੱਲੋਂ ਉਨ੍ਹਾਂ ’ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ "ਪਹਿਲਾਂ ਨੌਜਵਾਨਾਂ ਨੂੰ ਪੁਲਿਸ ਕੋਲੋਂ ਬੇਰਹਿਮੀ ਨਾਲ ਕੁੱਟਵਾਇਆ ਗਿਆ ਅਤੇ ਫਿਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਖ਼ਿਲਾਫ਼ ਝੂਠੇ ਪੁਲਿਸ ਪਰਚੇ ਦਰਜ ਕਰਵਾ ਦਿੱਤੇ ਗਏ। ਸਰਕਾਰ ਦਾ ਇਹ ਤਾਨਾਸ਼ਾਹੀ ਰਵੱਈਆ ਬੇਹੱਦ ਨਿੰਦਣਯੋਗ ਹੈ।"
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਭਵਿੱਖ ਯਾਨੀ ਇਨ੍ਹਾਂ ਨੌਜਵਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਜ਼ੁਲਮ ਅਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਇਨ੍ਹਾਂ ਸੰਘਰਸ਼ੀ ਨੌਜਵਾਨਾਂ ਦੇ ਨਾਲ ਚਟਾਨ ਵਾਂਗ ਡੱਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਹਰ ਫਰੰਟ ’ਤੇ ਲੜਾਈ ਲੜੇਗੀ। ਵੜਿੰਗ ਨੇ ਮੰਗ ਕੀਤੀ ਕਿ ਨੌਜਵਾਨਾਂ ’ਤੇ ਦਰਜ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਪ੍ਰਵਾਨ ਕੀਤਾ ਜਾਵੇ।