ਕਣਕ ਖਰੀਦ ਲਈ ਸਰਕਾਰ ਨੇ ਨਹੀਂ ਕੀਤੇ ਕੋਈ ਪੁਖਤਾ ਪ੍ਰਬੰਧ : ਵਿਰਕ
ਕਣਕ ਖਰੀਦ ਲਈ ਸਰਕਾਰ ਨੇ ਨਹੀਂ ਕੀਤੇ ਕੋਈ ਪੁਖਤਾ ਪ੍ਰਬੰਧ: ਰਾਜਿੰਦਰ ਵਿਰਕ
Publish Date: Sun, 29 Mar 2026 04:47 PM (IST)
Updated Date: Sun, 29 Mar 2026 04:48 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਕਣਕ ਦੇ ਆਉਂਦੇ ਸੀਜ਼ਨ ਦੌਰਾਨ ਜਿਣਸ ਦੀ ਲੋਡ਼ੀਂਦੀ ਖਰੀਦ ਵਾਸਤੇ ਇੰਤਜਾਮ ਕਰਨ ਵਿਚ ਨਾਕਾਮ ਸਾਬਤ ਹੋ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਹ ਸਮਝ ਨਹੀਂ ਹੈ ਕਿ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕੋਈ ਲਾਈਟਾਂ ਦਾ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸਾਨਾਂ ਲਈ ਪਾਣੀ, ਛਾਂ ’ਚ ਬੈਠਣ ਦਾ ਹੀ ਪ੍ਰਬੰਧ ਕੀਤਾ ਗਿਆ ਹੈ। ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਖਰਾਬ ਮੌਸਮ ਦੇ ਚੱਲਦਿਆਂ ਸਰਕਾਰ ਨੂੰ ਮੰਡੀਆਂ ਵਿਚ ਹੁਣ ਤੱਕ ਪੁਖਤਾ ਪ੍ਰਬੰਧ ਕਰ ਲੈਣੇ ਚਾਹੀਦੇ ਸਨ। ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਖੇਤਾਂ ਵਿਚ ਪੱਕੀ ਖਡ਼੍ਹੀ ਹੈ ਅਤੇ ਵਾਢੀ ਲਈ ਤਿਆਰ ਹੈ। ਆਪ ਸਰਕਾਰ ਨੇ 1 ਅਪ੍ਰੈਲ ਤੋਂ ਮੰਡੀਆਂ ਵਿਚ ਬੋਲੀ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਚਾਰ ਸਾਲ ਵਿਕਾਸ ਦੇ ਨਾਂ ਦੇ ਜੋ ਦਮਗਜ਼ੇ ਮਾਰੇ ਜਾ ਰਹੇ ਹਨ ਉਹ ਸਭ ਝੂਠ ਦੇ ਪੁਲੰਦੇ ਹਨ। ਉਨ੍ਹਾਂ ਕਿਸਾਨਾਂ ਦੀ ਵਿਕੀ ਜਿਣਸ ਦੀ ਤੁਰੰਤ ਅਦਾਇਗੀ ਉਨ੍ਹਾਂ ਦੇ ਖਾਤਿਆਂ ’ਚ ਪਾਉਣ ਲਈ ਵੀ ਸਰਕਾਰ ਨੂੰ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਅੱਜ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਖਰੀਦ, ਸੰਭਾਲ, ਕਿਸਾਨਾਂ ਦੇ ਬੈਠਣ ਅਤੇ ਪਾਣੀ ਆਦਿ ਲੋਡ਼ੀਂਦੀਆਂ ਚੀਜ਼ਾਂ ਦਾ ਜਲਦ ਤੋਂ ਜਲਦ ਹੱਲ ਕਰੇ ਨਹੀਂ ਤਾਂ ਆਪ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।