- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਪੁਰਾ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੀ ਨਵੀਂ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਸਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਅਮਿਤ ਕੁਮਾਰ ਤੇ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ’ਚ ਹਲਕਾ ਵਿਧਾਇਕਾ ਨੀਨਾ ਮਿੱਤਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਵਿਧਾਇਕਾ ਨੀਨਾ ਮਿੱਤਲ ਨੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਦੀ ਦੁਕਾਨ ’ਤੇ ਝੋਨੇ ਦੀ ਫਸਲ ਵੇਚਣ ਆਏ ਕਿਸਾਨ ਕੁਲਵਿੰਦਰ ਸਿੰਘ ਵਾਸੀ ਬਹਿਲੋਲਪੁਰ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਉਪਰੰਤ ਉਨ੍ਹਾਂ ਨੇ ਕਿਸਾਨ ਦੀ ਝੋਨੇ ਦੀ ਫਸਲ ਦੀ ਸਰਕਾਰੀ ਬੋਲੀ ਰਾਹੀਂ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕੀਤੀ ਜਾਵੇ ਅਤੇ ਕਿਸਾਨਾਂ ਦੀ ਬਣਦੀ ਰਕਮ 24 ਘੰਟਿਆਂ ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ। ਮਾਰਕੀਟ ਕਮੇਟੀ ਦੇ ਸਕੱਤਰ ਅਮਿਤ ਕੁਮਾਰ ਨੇ ਦੱਸਿਆ ਕਿ ਝੋਨੇ ਵਿਚ ਸਰਕਾਰੀ ਤੌਰ ’ਤੇ 17 ਫੀਸਦੀ ਨਮੀ ਦੀ ਹੱਦ ਨਿਰਧਾਰਤ ਕੀਤੀ ਗਈ ਹੈ। ਇਸ ਲਈ ਕਿਸਾਨ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀ ਵਿਚ ਲਿਆਉਣ। ਇਸ ਤੋਂ ਬਾਅਦ ਵਿਧਾਇਕਾ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਵਿੰਦਰ ਸਿੰਘ ਮਿਰਜ਼ਾਪੁਰ, ਬਲਾਕ ਸੰਮਤੀ ਮੈਂਬਰ ਜਗਦੀਪ ਸਿੰਘ ਅਲੂਣਾ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜਤੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।