ਡਾ. ਗਾਂਧੀ ਵੱਲੋਂ ਬਾਦਲ ਦੀ ਤਰੀਫ਼ ਨੂੰ ਰੰਧਾਵਾ ਨੇ ਦੱਸਿਆ ਮੰਦਭਾਗਾ, ਕਿਹਾ-ਬੋਲਣ ਤੋਂ ਪਹਿਲਾਂ ਮੌਜੂਦਾ ਹਾਲਾਤ ਦੇਖ ਲੈਣੇ ਚਾਹੀਦੇ ਹਨ
ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਪਾਰਟੀ ਬਣਾਉਣ ਬਾਰੇ ਕਿਹਾ ਕਿ ਲੋਕਤੰਤਰ ਵਿਚ ਹਰ ਵਿਅਕਤੀ ਨੂੰ ਆਪਣੀ ਸਿਆਸੀ ਸੋਚ ਅੱਗੇ ਵਧਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਉਹ ਖ਼ੁਦ ਹਰ ਤਰ੍ਹਾਂ ਦੇ ਨਸ਼ੇ ਦੇ ਸਖ਼ਤ ਖ਼ਿਲਾਫ਼ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਕਿਸੇ ਵੀ ਰੂਪ ਵਿੱਚ ਹੋਵੇ, ਉਹ ਸਮਾਜ ਲਈ ਖ਼ਤਰਨਾਕ ਹੈ।
Publish Date: Thu, 09 Apr 2026 10:51 AM (IST)
Updated Date: Thu, 09 Apr 2026 10:55 AM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਤਰੀਫ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਡਾ. ਗਾਂਧੀ ਨੂੰ ਅਜਿਹੀ ਬਿਆਨਬਾਜ਼ੀ ਤੋਂ ਪਹਿਲਾਂ ਪੰਜਾਬ ਦੇ ਮੌਜੂਦਾ ਹਾਲਾਤ ਦੇਖ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਅਤੇ ਖਾਸ ਕਰਕੇ ਸੁਖਬੀਰ ਬਾਦਲ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਖੜ੍ਹਦੀ ਹੈ, ਹੜ੍ਹਾਂ ਦੇ ਮਾਰੂ ਸਮੇਂ ਦੌਰਾਨ ਕਾਂਗਰਸੀ ਆਗੂਆਂ ਨੇ ਸਰਕਾਰੀ ਮਦਦ ਦੀ ਉਡੀਕ ਕੀਤੇ ਬਿਨਾਂ ਆਪਣੀ ਜੇਬ ਵਿੱਚੋਂ ਲੋਕਾਂ ਦੀ ਸੇਵਾ ਕੀਤੀ ਸੀ। ਡਾ. ਗਾਂਧੀ ’ਤੇ ਤਨਜ਼ ਕਸਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਜਨਤਾ ਪਹਿਲਾਂ ਹੀ ਰੱਦ ਕਰ ਚੁੱਕੀ ਹੈ, ਉਨ੍ਹਾਂ ਦੀ ਤਾਰੀਫ਼ ਕਰਨਾ ਸਿਆਸੀ ਤੌਰ ’ਤੇ ਮੰਦਭਾਗਾ ਹੈ। ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਪਾਰਟੀ ਬਣਾਉਣ ਬਾਰੇ ਕਿਹਾ ਕਿ ਲੋਕਤੰਤਰ ਵਿਚ ਹਰ ਵਿਅਕਤੀ ਨੂੰ ਆਪਣੀ ਸਿਆਸੀ ਸੋਚ ਅੱਗੇ ਵਧਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਉਹ ਖ਼ੁਦ ਹਰ ਤਰ੍ਹਾਂ ਦੇ ਨਸ਼ੇ ਦੇ ਸਖ਼ਤ ਖ਼ਿਲਾਫ਼ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਕਿਸੇ ਵੀ ਰੂਪ ਵਿੱਚ ਹੋਵੇ, ਉਹ ਸਮਾਜ ਲਈ ਖ਼ਤਰਨਾਕ ਹੈ।
-ਲੋਕਾਂ ਦੀ ਆਵਾਜ਼ ਕਾਂਗਰਸ ਤੇ ਅਕਾਲੀ ਦਲ ’ਚ ਸੁਧਾਰ ਹੋਇਆ : ਡਾ. ਗਾਂਧੀ
ਪਟਿਆਲਾ ਲੋਕ ਸਭਾ ਮੈਂਬਰ ਤੇ ਕਾਂਗਰਸੀ ਆਗੂ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਕਾਂਗਰਸ ਲੋਕਾਂ ਦੀ ਆਵਾਜ਼ ਹੈ ਅਤੇ ਅਕਾਲੀ ਦਲ ਦਾ ਗ੍ਰਾਫ ਵੀ ਹੁਣ ਵਧਿਆ ਹੈ। ਡਾ. ਗਾਂਧੀ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਕਾਫੀ ਸਰਗਰਮ ਹੋਏ, ਹੜ੍ਹਾਂ ’ਚ ਵੀ ਲੋਕਾਂ ਦੀ ਮਦਦ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਵੱਖਰੀ ਹੋਈ ਧਿਰ ਪੁਨਰ ਸੁਰਜੀਤ ਦੀ ਗੱਲ ਨਹੀਂ ਬਣੀ ਤੇ ਕਾਫੀ ਆਗੂ ਮੁੜ ਅਕਾਲੀ ਦਲ ਨਾਲ ਜੁੜ ਰਹੇ ਹਨ। ਡਾ. ਗਾਂਧੀ ਨੇ ਕਿਹਾ ਕਿ ਪਿਛਲੇ ਇਕ ਸਾਲ ਵਿਚ ਅਕਾਲੀ ਵਿਚ ਕਾਫੀ ਸੁਧਾਰ ਹੋਇਆ ਹੈ।