ਰਣਜੋਧ ਹਡਾਣਾ ਵਲੋਂ ਸੜਕ ਦੀ ਅਚਨਚੇਤ ਚੈਕਿੰਗ ਰਣਜੋਧ ਹਡਾਣਾ ਵਲੋਂ ਸੜਕ ਦੀ ਅਚਨਚੇਤ ਚੈਕਿੰਗ
Publish Date: Wed, 14 Oct 2026 04:29 PM (IST)
Updated Date: Wed, 14 Oct 2026 04:33 PM (IST)
ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਅੱਜ ਮੀਰਾਂਪੁਰ ਤੋਂ ਧਾਂਦੀਆਂ ਵਾਇਆ ਪਿੰਡ ਸ਼ੇਖੂਪੁਰ ਨੂੰ ਜਾਂਦੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਸੜਕ ਉੱਤੇ ਪਾਏ ਜਾ ਰਹੇ ਮਟੀਰੀਅਲ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਮੌਕੇ ਤੇ ਪ੍ਰੀਮਿਕਸ ਘੱਟ ਪਾਏ ਜਾਣ ਤੇ ਘਟੀਆ ਮਟੀਰੀਅਲ ਵਰਤਣ ਦਾ ਸਖ਼ਤ ਨੋਟਿਸ ਲੈਂਦਿਆਂ ਮੌਜੂਦ ਅਧਿਕਾਰੀਆਂ ਸਮੇਤ ਠੇਕੇਦਾਰ ਦੀ ਚੰਗੀ ਝਾੜ-ਝੰਬ ਕੀਤੀ। ਇਸ ਮੌਕੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਹਡਾਣਾ ਨੇ ਚੇਤਾਵਨੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਜਾਂ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਵੀ ਪ੍ਰੋਜੈਕਟ ਅੰਦਰ ਅਜਿਹੀ ਲਾਪਰਵਾਹੀ ਜਾਂ ਘਟੀਆ ਮਟੀਰੀਅਲ ਦੀ ਵਰਤੋਂ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਖ਼ਿਲਾਫ਼ ਸਿੱਧੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਹਡਾਣਾ ਨੇ ਮੌਕੇ ਤੇ ਹੀ ਹਦਾਇਤ ਕੀਤੀ ਕਿ ਨਿਯਮਾਂ ਅਨੁਸਾਰ ਪੂਰੀ ਮਾਤਰਾ ਵਿਚ ਪ੍ਰੀਮਿਕਸ ਪਾ ਕੇ ਸੜਕ ਨੂੰ ਪੂਰੇ ਮਿਆਰ ਨਾਲ ਮੁੜ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਅੰਦਰ ਹੋ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਲਗਾਤਾਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਿਹੀਆਂ ਅਚਨਚੇਤ ਚੈਕਿੰਗਾਂ ਅੱਗੇ ਵੀ ਜਾਰੀ ਰਹਿਣਗੀਆਂ ਤਾਂ ਜੋ ਲੋਕਾਂ ਨੂੰ ਮਿਆਰੀ ਸਹੂਲਤਾਂ ਮਿਲ ਸਕਣ। ਇਸ ਦੌਰਾਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੇ ਹਡਾਣਾ ਵੱਲੋਂ ਮੌਕੇ ਤੇ ਲਏ ਗਏ ਇਸ ਸਖ਼ਤ ਐਕਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਈ ਆਪ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।