- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਹਡਾਣਾ ਵਿਖੇ ਖੇਡ ਗਰਾਊਂਡ ਦਾ ਕੀਤਾ ਰਸਮੀਂ ਉਦਘਾਟਨ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀਡ਼੍ਹੀ ਨੂੰ ਖੇਡ ਮੈਦਾਨਾਂ ਨਾਲ ਜੋਡ਼ਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਹਡਾਣਾ ਵਿਖੇ 36.20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਦੇ ਖਿਡਾਰੀਆਂ, ਨੌਜਵਾਨਾਂ ਅਤੇ ਸਮੂਹ ਨਿਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਖੇਡ ਪ੍ਰੇਮੀਆਂ ਅਤੇ ਇਕੱਤਰ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਡਾਣਾ ਨੇ ਆਖਿਆ ਕਿ ਨੌਜਵਾਨ ਸਾਡੇ ਸੂਬੇ ਦਾ ਸਰਮਾਇਆ ਹਨ। ਮਾਨ ਸਰਕਾਰ ਪੰਜਾਬ ’ਚੋਂ ਨਸ਼ਿਆਂ ਦੇ ਕੋਹਡ਼ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਸਾਡੀ ਜਵਾਨੀ ਨੂੰ ਖੇਡ ਮੈਦਾਨਾਂ ਵਿਚ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਹਡਾਣਾ ਵਿਖੇ 36.20 ਲੱਖ ਰੁਪਏ ਦੀ ਲਾਗਤ ਨਾਲ ਅਜਿਹਾ ਸ਼ਾਨਦਾਰ ਖੇਡ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ ਜਿੱਥੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੇ ਕੋਰਟ ਅਤੇ ਬੁਨਿਆਦੀ ਸਹੂਲਤਾਂ ਮਿਲਣਗੀਆਂ। ਹਡਾਣਾ ਨੇ ਕਿਹਾ ਕਿ ਹਲਕਾ ਸਨੌਰ ਦੇ ਖਿਡਾਰੀਆਂ ਵਿੱਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ, ਸਿਰਫ਼ ਉਨ੍ਹਾਂ ਨੂੰ ਸਹੀ ਮੌਕੇ ਅਤੇ ਸੁਵਿਧਾਵਾਂ ਦੇਣ ਦੀ ਲੋਡ਼ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਪੱਧਰ ’ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਜੋ ਸਾਡੇ ਪਿੰਡਾਂ ਦੇ ਹੋਣਹਾਰ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਮੈਡਲ ਜਿੱਤ ਕੇ ਦੇਸ਼ ਤੇ ਸੂਬੇ ਦਾ ਨਾਂ ਰੌਸ਼ਨ ਕਰ ਸਕਣ। ਇਸ ਮੌਕੇ ਪਿੰਡ ਦੇ ਖਿਡਾਰੀਆਂ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਖੇਡ ਗਰਾਊਂਡ ਦਾ ਤੋਹਫ਼ਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਮਾਡ਼ੂ, ਹਰਪਾਲ ਸਿੰਘ ਸਰਪੰਚ ਹਡਾਣਾ, ਅਵਤਾਰ ਸਿੰਘ ਸਾਬਕਾ ਸਰਪੰਚ, ਸਤਿੰਦਰ ਸਿੰਘ ਹਡਾਣਾ, ਜੇ ਈ ਅੰਕੁਸ਼, ਗੁਰਿੰਦਰ ਸਿੰਘ ਸਾਬਕਾ ਸਰਪੰਚ ਟਿਵਾਣਾ, ਬਲਪ੍ਰੀਤ ਸਿੰਘ ਬੱਬੂ ਸਰਪੰਚ ਖਾਲਸਪੁਰ ਤੋਂ ਇਲਾਵਾ ਪਿੰਡ ਦੀ ਪੰਚਾਇਤ ਦੇ ਨੁਮਾਇੰਦੇ, ਖੇਡ ਕਲੱਬਾਂ ਦੇ ਅਹੁਦੇਦਾਰ, ਬਲਾਕ ਪ੍ਰਧਾਨ, ਸੀਨੀਅਰ ’ਆਪ’ ਆਗੂ, ਖੇਡ ਪ੍ਰੇਮੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।