- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ

ਗੁਰਦੀਪ ਟਿਵਾਣਾ, ਪੰਜਾਬੀ ਜਾਗਰਣ, ਭਾਦਸੋਂ : ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਸਕੂਲ ਆਫ਼ ਐਮੀਨੈਂਸ ਭਾਦਸੋਂ ਲਗਾਤਾਰ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਸਕੂਲ ’ਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਸਕੂਲ ਵੱਲੋਂ ਇਲਾਕੇ ਦੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਸਕੂਲ ਦੀ ਵਿਸ਼ੇਸ਼ਤਾ ਸਿਰਫ਼ ਉੱਚ ਪੱਧਰੀ ਪੜ੍ਹਾਈ ਹੀ ਨਹੀਂ, ਸਗੋਂ ਇਸ ਦਾ ਆਧੁਨਿਕ ਅਤੇ ਸ਼ਾਨਦਾਰ ਬੁਨਿਆਦੀ ਢਾਂਚਾ ਵੀ ਹੈ। ਸਕੂਲ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਬੁੱਕ ਕੈਫੇ, ਕਾਨਫਰੰਸ ਹਾਲ, ਸਾਇੰਸ ਲੈਬ, ਕੰਪਿਊਟਰ ਲੈਬ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ। ਵਿਦਿਆਰਥੀਆਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਸਕੂਲ ਵੱਲੋਂ ਬੱਸ ਸੇਵਾ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸਕੂਲ-ਮੁਖੀ ਪ੍ਰਿੰਸੀਪਲ ਪ੍ਰੀਤਇੰਦਰ ਘਈ ਦੇ ਦੱਸਣ ਅਨੁਸਾਰ ਪਿਛਲੇ ਸਾਲ ਸਕੂਲ ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਬੇਹੱਦ ਸ਼ਾਨਦਾਰ ਰਹੇ ਅਤੇ ਵਿਦਿਆਰਥੀਆਂ ਨੇ ਸਟੇਟ ਮੈਰਿਟ ’ਚ ਵੀ ਆਪਣਾ ਸਥਾਨ ਬਣਾਇਆ। ਇਸ ਤੋਂ ਇਲਾਵਾ ਸਕੂਲ ਵਿੱਚ ਐਨ.ਸੀ.ਸੀ. ਦੀ ਸਹੂਲਤ ਵੀ ਉਪਲਬਧ ਹੈ।