ਰਾਹਤ:ਸਫਾਈ ਸੇਵਕਾਂ ਦੀ ਹੜਤਾਲ ਖ਼ਤਮ: ਕੂੜੇ ਦੇ ਢੇਰ ਚੁੱਕਣੇ ਸ਼ੁਰੂ ਰਾਹਤ:ਸਫਾਈ ਸੇਵਕਾਂ ਦੀ ਹੜਤਾਲ ਖ਼ਤਮ: ਕੂੜੇ ਦੇ ਢੇਰ ਚੁੱਕਣੇ ਸ਼ੁਰੂ
Publish Date: Tue, 04 Aug 2026 04:58 PM (IST)
Updated Date: Wed, 05 Aug 2026 04:02 AM (IST)
27 ਦਿਨਾਂ ਤੋਂ ਸ਼ਹਿਰ ਦੇ ਕੋਨੇ-ਕੋਨੇ ’ਚ ਟਨਾਂ ਦੇ ਹਿਸਾਬ ਨਾਲ ਲੱਗ ਚੁੱਕੇ ਸਨ ਕੂੜੇ ਦੇ ਢੇਰ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਆਖਿਰਕਾਰ 27 ਦਿਨਾਂ ਦੀ ਲੰਮੇ ਸੰਘਰਸ਼ ਮਗਰੋਂ ਸਫ਼ਾਈ ਸੇਵਕਾਂ ਨੇ ਆਪਣੀ ਅਣਮਿੱਥੇ ਸਮੇ ਦੀ ਹੜਤਾਲ ਖ਼ਤਮ ਕਰ ਦਿੱਤੀ ਤੇ ਮੰਗਲਵਾਰ ਨੂੰ ਸ਼ਹਿਰ ਦੇ ਕਈ ਹਿੱਸਿਆਂ ਵਿੱਚੋਂ ਕੂੜੇ ਦੇ ਢੇਰਾਂ ਨੂੰ ਚੁੱਕਣ ਦਾ ਕੰਮ ਸ਼ੁਰੂ ਹੋਇਆ। ਜਿਸ ਨਾਲ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ। ਦੱਸ ਦੇਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਸੇਵਕ 8 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚੱਲ ਰਹੇ ਸਨ ਅਤੇ 27 ਦਿਨਾਂ ਤੋਂ ਸਫ਼ਾਈ ਵਿਵਸਥਾ ਠੱਪ ਹੋਣ ਕਾਰਨ ਸ਼ਹਿਰ ਦੇ ਕੋਨੇ-ਕੋਨੇ ਵਿੱਚ ਕੂੜੇ ਦੇ ਕਈ ਟਨਾਂ ਦੇ ਹਿਸਾਬ ਨਾਲ ਵੱਡੇ-ਵੱਡੇ ਢੇਰ ਲੱਗ ਚੁੱਕੇ ਸਨ, ਜਿਸ ਨਾਲ ਪੂਰੇ ਸ਼ਹਿਰ ਵਿੱਚ ਬਦਬੂ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਸੀ। ਮੁੱਖ ਬਾਜ਼ਾਰਾਂ, ਰਿਹਾਇਸ਼ੀ ਮੁਹੱਲਿਆਂ, ਚੌਂਕਾਂ ਅਤੇ ਸਰਕਾਰੀ ਦਫ਼ਤਰਾਂ ਦੇ ਬਾਹਰ ਕੂੜੇ ਦੇ ਅੰਬਾਰ ਲੱਗੇ ਹੋਏ ਸਨ। ਬਰਸਾਤ ਦੇ ਮੌਸਮ ਕਾਰਨ ਕੂੜਾ ਗਲਣ-ਸੜਨ ਲੱਗ ਪਿਆ ਸੀ, ਜਿਸ ਨਾਲ ਰਸਤਿਆਂ ਚੋਂ ਲੰਘਣਾ ਤੱਕ ਮੁਸ਼ਕਿਲ ਹੋ ਗਿਆ ਸੀ। ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਆਪਣੀਆਂ ਦੁਕਾਨਾਂ ਅਤੇ ਘਰਾਂ ਦੇ ਬਾਹਰ ਕੂੜੇ ਦੀ ਬਦਬੂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਫੈਲਣ ਦਾ ਡਰ ਲਗਾਤਾਰ ਵੱਧ ਰਿਹਾ ਸੀ। ਹੜਤਾਲ ਖੁੱਲ੍ਹਣ ਦੀ ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਦੀਆਂ ਟੀਮਾਂ ਅਤੇ ਸਫਾਈ ਸੇਵਕ ਸਵੇਰ ਤੋਂ ਹੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਮੁੱਖ ਮਾਰਗਾਂ ਤੇ ਮੁਸਤੈਦ ਦਿਖਾਈ ਦਿੱਤੇ। ਰੇਹੜੀਆਂ, ਟਿਪਰਾਂ ਅਤੇ ਟਰੈਕਟਰ-ਟਰਾਲੀਆਂ ਦੀ ਮਦਦ ਨਾਲ ਸ਼ਹਿਰ ਵਿੱਚੋਂ ਕੂੜਾ ਚੁੱਕਣ ਦਾ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ ਗਿਆ। ਸਫਾਈ ਸੇਵਕਾਂ ਵਲੋਂ ਸਭ ਤੋਂ ਪਹਿਲਾਂ ਮੁੱਖ ਬਾਜ਼ਾਰਾਂ ਅਤੇ ਜ਼ਿਆਦਾ ਭੀੜ-ਭਾੜ ਵਾਲੇ ਇਲਾਕਿਆਂ ਚੋਂ ਕੂੜੇ ਦੇ ਢੇਰ ਹਟਾਏ ਗਏ ਤਾਂ ਜੋ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ। ਕੂੜਾ ਚੁੱਕਣ ਦਾ ਕੰਮ ਸ਼ੁਰੂ ਹੋਣ ਤੇ ਸ਼ਹਿਰ ਵਾਸੀਆਂ ਨੇ ਰਾਹਤ ਮਹਿਸੂਸ ਕਰਦਿਆਂ ਕਿਹਾ ਕਿ ਹੜਤਾਲ ਕਾਰਨ ਉਨ੍ਹਾਂ ਦਾ ਜੀਵਨ ਨਰਕ ਬਣ ਚੁੱਕਾ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਅਗਲੇ ਇੱਕ-ਦੋ ਦਿਨਾਂ ਵਿੱਚ ਸ਼ਹਿਰ ਪੂਰੀ ਤਰ੍ਹਾਂ ਸਾਫ਼-ਸੁਥਰਾ ਹੋ ਜਾਵੇਗਾ। ਸ਼ਹਿਰ ਦੇ ਪ੍ਰਮੁੱਖ ਸਮਾਜ ਸੇਵੀਆਂ ਅਤੇ ਨਾਗਰਿਕਾਂ ਨੇ ਨਗਰ ਕੌਂਸਲ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੀ ਨੌਬਤ ਨਾ ਆਉਣ ਦਿੱਤੀ ਜਾਵੇ ਅਤੇ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਦਾ ਸਮੇਂ ਸਿਰ ਹੱਲ ਕੱਢਿਆ ਜਾਵੇ ਤਾਂ ਜੋ ਆਮ ਜਨਤਾ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਸਫਾਈ ਸੇਵਕ ਯੂਨੀਅਨ ਦੇ ਆਗੂ ਅਮਿਤ ਕੁਮਾਰ ਨੇ ਕਿਹਾ ਕਿ ਹੜਤਾਲ ਖੁੱਲਣ ਦੇ ਨਾਲ ਹੀ ਸ਼ਹਿਰ ਵਿੱਚੋ ਕੂੜਾ ਚੁੱਕਣ ਦਾ ਕੰਮ ਸ਼ੁਰੂ ਹੋ ਗਿਆ ਅਤੇ ਕੁਝ ਘੰਟਿਆਂ ਵਿੱਚ ਹੀ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਕਰ ਦਿੱਤਾ ਜਾਵੇਗਾ।