ਸੀਵਰੇਜ ਓਵਰਫਲੋ ਤੋਂ ਦੁਖੀ ਲੋਕਾਂ ਨੇ ਕੀਤੀ ਨਾਅਰੇਬਾਜ਼ੀ ਸੀਵਰੇਜ ਓਵਰਫਲੋ ਤੋਂ ਦੁਖੀ ਲੋਕਾਂ ਨੇ ਕੀਤੀ ਨਾਅਰੇਬਾਜ਼ੀ
Publish Date: Sun, 05 Jul 2026 05:48 PM (IST)
Updated Date: Mon, 06 Jul 2026 04:05 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਸਥਾਨਕ ਦਸ਼ਮੇਸ਼ ਨਗਰ ’ਚ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਓਵਰਫਲੋ ਦੀ ਸਮੱਸਿਆ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀਆਂ ਵਿੱਚ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਸਮੱਸਿਆ ਤੋਂ ਤੰਗ ਆ ਕੇ ਇਲਾਕਾ ਨਿਵਾਸੀਆਂ ਨੇ ਇਕੱਠੇ ਹੋ ਕੇ ਸਬੰਧਤ ਵਿਭਾਗ ਅਤੇ ਨਗਰ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤੁਰੰਤ ਹੱਲ ਦੀ ਮੰਗ ਕੀਤੀ। ਇਸ ਮੌਕੇ ਰੇਣੂ ਸਿੰਗਲਾ, ਸਰਲਾ ਗਰਗ, ਸੁਨੀਤਾ, ਬੱਬੀ, ਮਨਜੀਤ, ਪੰਮੀ, ਮੁਕੇਸ਼ ਗੋਇਲ, ਤਰੁਣ, ਬੱਬੂ ਅਤੇ ਅਕਸ਼ੈ ਸਮੇਤ ਵੱਡੀ ਗਿਣਤੀ ਵਿੱਚ ਦਸ਼ਮੇਸ਼ ਨਗਰ ਦੇ ਵਸਨੀਕਾਂ ਨੇ ਦੱਸਿਆ ਕਿ ਸੀਵਰੇਜ ਲਾਈਨਾਂ ਦੇ ਜਾਮ ਹੋਣ ਕਾਰਨ ਗੰਦਾ ਪਾਣੀ ਓਵਰਫਲੋ ਹੋ ਕੇ ਸੜਕਾਂ ਅਤੇ ਗਲੀਆਂ ਵਿੱਚ ਫੈਲ ਰਿਹਾ ਹੈ, ਜਿਸ ਨਾਲ ਬਦਬੂ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਬੰਧਤ ਅਧਿਕਾਰੀਆਂ ਅਤੇ ਨਗਰ ਕੌਂਸਲ ਨੂੰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਸੀਵਰੇਜ ਦੀ ਸਫਾਈ ਨਾ ਕਰਵਾਈ ਗਈ ਤਾਂ ਅੱਗੇ ਬਰਸਾਤ ਦੇ ਮੌਸਮ ਵਿੱਚ ਇਹ ਸਮੱਸਿਆ ਹੋਰ ਗੰਭੀਰ ਹੋ ਜਾਵੇਗੀ। ਇਲਾਕਾ ਵਾਸੀਆਂ ਨੇ ਕਿਹਾ ਕਿ ਗੰਦਗੀ ਕਾਰਨ ਮੱਛਰਾਂ ਦੀ ਭਰਮਾਰ ਹੋ ਗਈ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਬੱਚਿਆਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀਆਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਸਕੂਲ ਜਾਣ ਵਾਲੇ ਵਿਦਿਆਰਥੀਆਂ ਅਤੇ ਰਾਹਗੀਰਾਂ ਨੂੰ ਵੀ ਭਾਰੀ ਦਿੱਕਤ ਆ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਜਲਦ ਹੀ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਨਜ਼ਰਅੰਦਾਜ਼ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਮੁਹੱਲਾ ਵਾਸੀਆਂ ਨੇ ਇੱਕ ਸੁਰ ਵਿੱਚ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸਿਹਤ ਅਤੇ ਸਫ਼ਾਈ ਨਾਲ ਜੁੜੇ ਇਸ ਗੰਭੀਰ ਮਸਲੇ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਦਸ਼ਮੇਸ਼ ਨਗਰ ਦੇ ਵਸਨੀਕਾਂ ਨੂੰ ਰੋਜ਼ਾਨਾ ਦੀ ਇਸ ਸਮੱਸਿਆ ਤੋਂ ਨਿਜਾਤ ਮਿਲ ਸਕੇ।